ਮੋਹਾਲੀ: ਨਸ਼ੇ 'ਤੇ ਠੱਲ ਪਾਉਣ ਲਈ ਪੰਜਾਬ ਪੁਲਿਸ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਮੋਹਾਲੀ ਪੁਲਿਸ ਨੇ ਕੁਰਾਲੀ ਤੋਂ ਨਸ਼ਾ ਤਸਕਰੀ ਮਾਮਲੇ 'ਚ ਇੱਕ ਨੌਜਵਾਨ ਨੂੰ ਕਾਬੂ ਕੀਤਾ ਹੈ।
ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਐੱਸਐੱਓ ਕੁਲਵੰਤ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਇਹ ਕਾਰਵਾਈ ਗੁਪਤ ਸੂਚਨਾ ਦੇ ਆਧਾਰ 'ਤੇ ਕੀਤੀ ਗਈ ਹੈ। ਗੁਪਤ ਸੂਚਨਾ ਦੇ ਆਧਾਰ 'ਤੇ ਪੁਲਿਸ ਟੀਮ ਨੇ ਪਪਰਾਲੀ ਰੋਡ 'ਤੇ ਨਾਕੇਬੰਦੀ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦੀ ਪਛਾਣ 38 ਸਾਲਾ ਅਵਤਾਰ ਸਿੰਘ ਵਜੋਂ ਹੋਈ ਹੈ। ਮੁਲਜ਼ਮ ਹੋਰਨਾਂ ਸੂਬਿਆਂ ਤੋਂ ਹੈਰੋਇਨ ਲਿਆ ਕੇ ਜ਼ਿਲ੍ਹੇ 'ਚ ਵੇਚਦਾ ਸੀ ਤੇ ਉਹ ਖ਼ੁਦ ਵੀ ਨਸ਼ੇ ਦਾ ਆਦੀ ਹੈ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਕੋਲੋਂ ਮੌਕੇ 'ਤੇ 30 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਮੁਲਜ਼ਮ 'ਤੇ ਪਹਿਲਾਂ ਵੀ ਨਸ਼ਾ ਤਸਕਰੀ ਦੇ ਮਾਮਲੇ ਦਰਜ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮ ਉੱਤੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਜਲਦ ਹੀ ਮੁਲਜ਼ਮ ਵਿਰੁੱਧ ਪੁਲਿਸ ਰਿਮਾਂਡ ਹਾਸਲ ਕਰਕੇ ਉਸ ਕੋਲੋਂ ਪੁੱਛਗਿੱਛ ਕੀਤੀ ਜਾਵੇ ਕਿ ਉਹ ਕਿਥੋਂ ਨਸ਼ਾ ਖਰੀਦਦਾ ਸੀ।