ਮੋਹਾਲੀ: ਪੰਜਾਬ ਦੇ ਸਹਿਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਜੱਦੀ ਸ਼ਹਿਰ ਦੇ ਫੇਜ਼-3ਬੀ1 'ਚ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ 6 ਜਦਕਿ ਜ਼ੀਰਕਪੁਰ ਦੇ ਸਰਕਾਰੀ ਸਕੂਲ 'ਚ 2 ਅਧਿਆਪਕ ਕੋਰੋਨਾ ਪੌਜ਼ੀਟਿਵ ਪਾਏ ਜਾਣ ਨਾਲ ਇਲਾਕੇ ਵਿੱਚ ਸਹਿਮ ਦਾ ਮਾਹੌਲ ਪਾਇਆ ਜਾ ਰਿਹੈ। ਇਸ ਖ਼ਬਰ ਤੋਂ ਬਾਅਦ ਜਿੱਥੇ ਸਕੂਲੀ ਬੱਚਿਆਂ ਅਤੇ ਮਾਪਿਆਂ 'ਚ ਡਰ ਦਾ ਮਾਹੌਲ ਬਣਿਆ ਹੋਇਆ ਹੈ, ਉੱਥੇ ਹੀ ਸਿਹਤ ਮਹਿਕਮੇ 'ਚ ਵੀ ਹੜਕੰਪ ਮਚ ਗਿਆ ਹੈ।
ਜਾਣਕਾਰੀ ਮੁਤਾਬਕ ਮੋਹਾਲੀ ਤੋਂ ਕੌਂਸਲਰ ਜਸਪ੍ਰੀਤ ਗਿੱਲ ਨੇ ਦੱਸਿਆ ਕਿ ਮੋਹਾਲੀ ਦੇ ਫੇਜ਼-3ਬੀ1 ਦੇ ਸਰਕਾਰੀ ਸਕੂਲ 'ਚ 6 ਅਧਿਆਪਕਾਂ ਦੀ ਰਿਪੋਰਟ ਕੋਰੋਨਾ ਪੌਜ਼ੀਟਿਵ ਪਾਏ ਜਾਣ ਤੋਂ ਬਾਅਦ ਬਾਕੀ ਅਧਿਆਪਕਾਂ ਅਤੇ ਬੱਚਿਆਂ ਦੇ ਟੈਸਟ ਕੀਤੇ ਜਾ ਰਹੇ ਹਨ।
ਕੋਰੋਨਾ ਪੀੜਤਾਂ ਦਾ ਅੰਕੜਾ ਹੁਣ 8 ਹੋ ਗਿਆ ਤੇ ਇਹ ਅੰਕੜਾ ਕਾਫੀ ਵਧਣ ਦੀ ਸੰਭਾਵਨਾ ਵੀ ਜਤਾਈ ਜਾ ਰਹੀ ਹੈ। ਇਨ੍ਹਾਂ ਸਕੂਲਾਂ 'ਚ ਛੋਟੀਆਂ ਜਮਾਤਾਂ ਤੋਂ ਲੈ ਕੇ 12ਵੀਂ ਜਮਾਤ ਤੱਕ ਵੱਡੀ ਗਿਣਤੀ 'ਚ ਬੱਚੇ ਪੜ੍ਹਦੇ ਹਨ, ਜਿਨ੍ਹਾਂ ਦੇ ਟੈਸਟ ਕੀਤੇ ਜਾ ਰਹੇ ਹਨ।
ਉਧਰ ਸਿਹਤ ਵਿਭਾਗ ਨੇ ਸਕੂਲ ਪ੍ਰਬੰਧਕਾਂ ਨੂੰ ਜਿਥੇ ਪੂਰੇ ਇਹਤਿਆਤ ਵਰਤਣ ਲਈ ਕਿਹਾ ਜਾ ਰਿਹੈ ਉਥੇ ਵਿਭਾਗ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਵਾਰ ਵਾਰ ਹੱਥ ਧੋਣ ਅਤੇ ਸੋਸ਼ਲ ਡਿਸਟੈਸਿੰਗ ਵਰਤਣ ਬਾਰੇ ਕਿਹਾ ਜਾ ਰਿਹੈ।