ਮੁਹਾਲੀ: ਡਰੱਗ ਮਾਮਲੇ 'ਚ ਘਿਰੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮੁਹਾਲੀ ਕੋਰਟ ਨੇ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਹੈ। ਦੱਸ ਦਈਏ ਕਿ ਬਿਕਰਮ ਸਿੰਘ ਮਜੀਠੀਆ ਨੇ ਮੁਹਾਲੀ ਕੋਰਟ ਵਿੱਚ ਸਰੰਡਰ ਕੀਤਾ ਸੀ।
ਬੀਤੀ 31 ਜਨਵਰੀ ਨੂੰ ਸੁਪਰੀਮ ਕੋਰਟ ਨੇ ਅਕਾਲੀ ਆਗੂ ਨੂੰ ਵੱਡੀ ਰਾਹਤ ਦਿੰਦਿਆਂ 23 ਫਰਵਰੀ ਤੱਕ ਉਸ ਦੀ ਗ੍ਰਿਫ਼ਤਾਰੀ ’ਤੇ ਰੋਕ ਲਗਾਈ ਸੀ, ਨਾਲ ਹੀ ਸੁਪਰੀਮ ਕੋਰਟ ਨੇ ਮਜੀਠੀਆ ਨੂੰ ਇਹ ਨਿਰਦੇਸ਼ ਵੀ ਦਿੱਤੇ ਸਨ ਕਿ ਉਹ ਹੇਠਲੀ ਅਦਾਲਤ ਵਿੱਚ ਜੱਜ ਦੇ ਸਾਹਮਣੇ ਪੇਸ਼ ਹੋ ਕੇ ਪੱਕੀ ਜ਼ਮਾਨਤ ਲਈ ਅਰਜ਼ੀ ਦਾਇਰ ਕਰਨ। ਮਜੀਠੀਆ ਖ਼ਿਲਾਫ਼ ਮੁਹਾਲੀ ਦੇ ਫੇਜ਼-4 ਸਥਿਤ ਪੰਜਾਬ ਪੁਲੀਸ ਦੇ ਸਟੇਟ ਕ੍ਰਾਈਮ ਵਿੰਗ ਦੇ ਥਾਣੇ ਵਿੱਚ ਨਸ਼ਾ ਤਸਕਰੀ ਮਾਮਲੇ ਵਿੱਚ ਅਪਰਾਧਿਕ ਪਰਚਾ ਦਰਜ ਕੀਤਾ ਗਿਆ ਸੀ।
ਪੰਜਾਬ ਹਰਿਆਣਾ ਹਾਈ ਕੋਰਟ ਨੇ ਉਨ੍ਹਾਂ ਦੀ ਪੱਕੀ ਜ਼ਮਾਨਤ ਦੀ ਅਰਜ਼ੀ ਮੁੱਢੋਂ ਰੱਦ ਕਰ ਦੇਣ ਮਗਰੋਂ ਮਜੀਠੀਆ ਨੇ ਆਪਣੇ ਵਕੀਲਾਂ ਰਾਹੀਂ ਦੁਬਾਰਾ ਹਾਈ ਕੋਰਟ ਦਾ ਬੂਹਾ ਖੜਕਾਇਆ ਸੀ। ਮਜੀਠੀਆ ਨੇ ਸੁਪਰੀਮ ਕੋਰਟ ਦਾ ਰੁਖ ਕਰਦਿਆਂ ਆਪਣੀ ਪਟੀਸ਼ਨ ਵਿੱਚ ਕਿਹਾ ਸੀ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਸਿਆਸੀ ਬਦਲਾਖੋਰੀ ਦੀ ਭਾਵਨਾ ਨਾਲ ਨਸ਼ਾ ਤਸਕਰੀ ਦੇ ਝੂਠੇ ਕੇਸ ਵਿੱਚ ਫਸਾਇਆ ਜਾ ਰਿਹਾ ਹੈ। ਉਨ੍ਹਾਂ ਵਿਰੁੱਧ ਗੈਰਕਾਨੂੰਨੀ ਤਰੀਕੇ ਨਾਲ ਇਹ ਕੇਸ ਦਰਜ ਕੀਤਾ ਗਿਆ ਹੈ ਜਦੋਂਕਿ ਇਸ ਮਾਮਲੇ ਵਿੱਚ ਕੋਈ ਸ਼ਿਕਾਇਤਕਰਤਾ ਵੀ ਨਹੀਂ ਹੈ। ਸੁਪਰੀਮ ਕੋਰਟ ਨੇ ਮਜੀਠੀਆ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ 23 ਫਰਵਰੀ ਤੱਕ ਉਸ ਦੀ ਗ੍ਰਿਫ਼ਤਾਰੀ ’ਤੇ ਰੋਕ ਲਗਾ ਦਿੱਤੀ ਸੀ।
ਇਹ ਵੀ ਪੜੋ: ਯੂਕਰੇਨ ਤੋਂ ਲਗਭਗ 240 ਭਾਰਤੀਆਂ ਨੂੰ ਲੈ ਕੇ ਦਿੱਲੀ ਪਹੁੰਚਿਆ ਏਅਰ ਇੰਡੀਆ ਦਾ ਜਹਾਜ਼