ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਐਸਸੀ ਵਿੰਗ ਵੱਲੋਂ ਪਾਰਟੀ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ’ਚ ਮੁੱਖ ਦਫ਼ਤਰ ਵਿਖੇ ਸੋਮਵਾਰ ਨੂੰ ਬੈਠਕ ਆਯੋਜਿਤ ਕੀਤੀ ਗਈ। ਜਿਸ ਵਿਚ ਐਸਸੀ ਵਿੰਗ ਦੇ ਪ੍ਰਧਾਨ ਦੇਸਰਾਜ ਸਿੰਘ ਧੁੱਗਾ, ਜਸਟਿਸ ਨਿਰਮਲ ਸਿੰਘ, ਬੀਬੀ ਪਰਮਜੀਤ ਕੌਰ ਗੁਲਸ਼ਨ ਤੋਂ ਇਲਾਵਾ ਵੱਖ-ਵੱਖ ਜਿਲ੍ਹਿਆਂ ਤੋਂ ਆਏ ਪਾਰਟੀ ਆਗੂ ਸ਼ਾਮਲ ਹੋਏ। ਇਸ ਮੌਕੇ ਤੇ ਬੋਲਦਿਆਂ ਢੀਂਡਸਾ ਨੇ ਕਿਹਾ ਕਿ ਕਿਸਾਨ ਸੰਘਰਸ਼ ਨੂੰ ਹੋਰ ਬਲ ਦੇਣ ਲਈ ਐਸਸੀ ਭਾਈਚਾਰੇ ਦੀ ਮੀਟਿੰਗ ਸੱਦੀ ਗਈ ਸੀ। ਇਸ ਬੈਠਕ ਦੌਰਾਨ ਪਾਰਟੀ ਆਗੂਆਂ ਨੂੰ ਕਿਸਾਨ ਅੰਦੋਲਨ ਦੌਰਾਨ ਵਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਢੀਂਡਸਾ ਨੇ ਕਿਹਾ ਕਿਸਾਨ ਅੰਦੋਲਨ ’ਚ ਪੰਜਾਬ ਦੇ ਹਰੇਕ ਵਰਗ ਦੀ ਸ਼ਮੂਲੀਅਤ ਨੇ ਪੂਰਾ ਸੂਬਾ ਇਕਜੁੱਟ ਕਰ ਦਿੱਤਾ ਹੈ। ਇਸਤੋਂ ਇਲਾਵਾ ਮੀਟਿੰਗ ਵਿੱਚ ਪਾਰਟੀ ਨੂੰ ਹੋਰ ਮਜਬੂਤ ਕਰਨ ਲਈ ਵੀ ਵਿਉਤਬੰਦੀ ਤਿਆਰ ਕੀਤੀ ਗਈ। ਪਾਰਟੀ ਆਗੂਆਂ ਨੂੰ ਸੰਬੋਧਨ ਕਰਦਿਆਂ ਢੀਂਡਸਾ ਨੇ ਕਿਹਾ ਕਿ ਪਾਰਟੀ ਵਿੱਚ ਹਰ ਵਰਗ ਨੂੰ ਪੂਰਾ ਮਾਨ ਸਤਿਕਾਰ ਦਿੱਤਾ ਜਾਵੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਪਾਰਟੀ ਵੱਲੋਂ ਐਸਸੀ ਭਾਈਚਾਰੇ ਦੀ ਭਲਾਈ ਲਈ ਵੱਖ-ਵੱਖ ਪ੍ਰੋਗਰਾਮ ਉਲੀਕੇ ਜਾਣਗੇ।
ਇਸ ਮੌਕੇ `ਤੇ ਬੋਲਦਿਆਂ ਪਾਰਟੀ ਦੇ ਐਸ.ਸੀ ਵਿੰਗ ਦੇ ਪ੍ਰਧਾਨ ਦੇਸਰਾਜ ਸਿੰਘ ਧੁੱਗਾ ਨੇ ਕਿਹਾ ਕਿ ਪੰਜਾਬ ਦੇ ਲੋਕ ਅਕਾਲੀ ਦਲ ਬਾਦਲ, ਭਾਜਪਾ ਅਤੇ ਕਾਂਗਰਸ ਦੀਆਂ ਗਲਤ ਨੀਤੀਆਂ ਤੋਂ ਤੰਗ ਆ ਚੁੱਕੇ ਹਨ ਅਤੇ ਇਨ੍ਹਾਂ ਪਾਰਟੀਆਂ ਵਿੱਚ ਐਸਸੀ ਵਰਗ ਨੂੰ ਪੂਰਾ ਸਨਮਾਨ ਨਹੀ ਦਿੱਤਾ ਜਾ ਰਿਹਾ ਹੈ। ਜਿਸ ਕਰਕੇ ਐਸਸੀ ਭਾਈਚਾਰਾ ਹੁਣ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਨਾਲ ਜੁੜ ਰਿਹਾ ਹੈ।
ਇਸ ਮੌਕੇ ਦੇਸਰਾਜ ਸਿੰਘ ਧੁੱਗਾ ਨੇ ਕਿਹਾ ਕਿ ਅੱਜ ਪੰਜਾਬ ਵਿੱਚ ਢੀਂਡਸਾ ਦਾ ਬੇਦਾਗ ਚਿਹਰਾ ਲੋਕਾਂ ਨੂੰ ਪ੍ਰਭਾਵਿਤ ਕਰ ਰਿਹਾ ਹੈ। ਉਨ੍ਹਾ ਕਿਹਾ ਕਿ ਹੁਣ ਆਲਮ ਇਹ ਹੈ ਕਿ ਸੂਬੇ ਦੇ ਅਕਾਲੀ ਦਲ (ਬਾਦਲ) ਦੀਆਂ ਗਲਤ ਨੀਤੀਆਂ ਤੋਂ ਇਨੇ ਜਿਆਦਾ ਤੰਗ ਆ ਚੁੱਕੇ ਹਨ ਕਿ ਉਨ੍ਹਾਂ ਦਾ ਨਾਮ ਤੱਕ ਨਹੀ ਲੈਣਾ ਚਾਹੁੰਦੇ। ਉਨ੍ਹਾਂ ਕਿਹਾ ਕਿ ਲੋਕ ਬਦਲਾਅ ਚਾਹੁੰਦੇ ਹਨ ਅਤੇ ਉਨ੍ਹਾਂ ਦੀਆਂ ਨਜ਼ਰਾਂ ਹੁਣ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) `ਤੇ ਟਿੱਕੀਆਂ ਹੋਈਆਂ ਹਨ।