ਮੋਹਾਲੀ: ਇੱਕ ਪਾਸੇ ਜਿੱਥੇ ਹੜ੍ਹਾਂ ਨੇ ਪੂਰੇ ਪੰਜਾਬ 'ਚ ਕਹਿਰ ਮਚਾਇਆ ਹੋਇਆ ਹੈ, ਉੱਥੇ ਹੀ ਦੂਜੇ ਪਾਸੇ ਮੀਂਹ ਦੇ ਪਾਣੀ ਨਾਲ ਬਿਮਾਰੀਆਂ ਦਾ ਖ਼ਤਰਾ ਵੀ ਵੱਧ ਗਿਆ ਹੈ। ਡੇਂਗੂ ਨੇ ਤਾਂ ਤਹਿਲਕਾ ਮਚਾ ਦਿੱਤਾ ਹੈ। ਹਰ ਪਾਸੇ ਲੋਕ ਡੇਂਗੂ ਦੇ ਸ਼ਿਕਾਰ ਹੋ ਰਹੇ ਹਨ। ਇਸੇ ਨੂੰ ਲੈ ਕੇ ਲੋਕਾਂ ਨੂੰ ਡੇਂਗੂ ਤੋਂ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਇਸ ਬਿਮਾਰੀ ਤੋਂ ਬਚਾ ਹੋ ਸਕੇ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਜ਼ਿਲ੍ਹੇ 'ਚ ਦੂਸ਼ਿਤ ਪਾਣੀ ਅਤੇ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਮੀਟਿੰਗ ਕੀਤੇ ਜਾਣ ਬਾਅਦ, ਜ਼ਿਲ੍ਹਾ ਸਿਹਤ ਵਿਭਾਗ ਨੇ ਲੋਕਾਂ ਨੂੰ ਮੁੜ ਅਪੀਲ ਕੀਤੀ ਹੈ ਕਿ ਉਹ ਅਪਣੇ ਘਰਾਂ ਅਤੇ ਆਲੇ-ਦੁਆਲੇ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦੇਣ ਅਤੇ ਸਰੀਰ ਨੂੰ ਪੂਰੀ ਤਰ੍ਹਾਂ ਢਕਣ ਵਾਲੇ ਕੱਪੜੇ ਪਾਉਣ। ਸਿਵਲ ਸਰਜਨ ਡਾ. ਮਹੇਸ਼ ਕੁਮਾਰ ਆਹੂਜਾ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸ਼ਲਿੰਦਰ ਕੌਰ ਨੇ ਕਿਹਾ ਕਿ ਡੇਂਗੂ ਜਿਹੇ ਮਾਰੂ ਬੁਖ਼ਾਰ ਤੋਂ ਬਚਾਅ ਲਈ ਸਾਰਿਆਂ ਨੂੰ ਜਾਗਰੂਕ ਹੋਣ ਅਤੇ ਸਾਵਧਾਨੀਆਂ ਵਰਤਣ ਦੀ ਲੋੜ ਹੈ।
ਡੇਂਗੂ-ਮੁਕਤ: ਸਿਵਲ ਸਰਜਨ ਨੇ ਡੇਂਗੂ ਦੀ ਰੋਕਥਾਮ ਲਈ ਜ਼ਿਲ਼੍ਹਾ ਵਾਸੀਆਂ ਨੂੰ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਲੋਕਾਂ ਦੀ ਮਦਦ ਨਾਲ ਹੀ ਜ਼ਿਲ੍ਹੇ ਨੂੰ ਡੇਂਗੂ-ਮੁਕਤ ਬਣਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿਹਤ ਵਿਭਾਗ ਡੇਂਗੂ ਦੀ ਰੋਕਥਾਮ ਲਈ ਲਈ ਅਪਣੀ ਪੂਰੀ ਵਾਹ ਲਾ ਰਿਹਾ ਹੈ ਪਰ ਲੋਕਾਂ ਨੂੰ ਵੀ ਇਸ ਮੁਹਿੰਮ ਵਿਚ ਵਿਭਾਗ ਦਾ ਸਾਥ ਦੇਣ ਦੀ ਲੋੜ ਹੈ। ਕਿਸੇ ਤਰ੍ਹਾਂ ਦੀ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਅਧਿਕਾਰੀਆਂ ਨੇ ਕਿਹਾ ਕਿ ਜੇ ਕਿਸੇ ਕਾਰਨ ਡੇਂਗੂ ਬੁਖ਼ਾਰ ਹੋ ਜਾਂਦਾ ਹੈ ਤਾਂ ਘਬਰਾਉਣ ਦੀ ਲੋੜ ਨਹੀਂ। ਮਰੀਜ਼ ਨੂੰ ਸਰਕਾਰੀ ਸਿਹਤ ਸੰਸਥਾ ਵਿਚ ਲਿਆਂਦਾ ਜਾਵੇ ਜਿਥੇ ਡੇਂਗੂ ਦਾ ਟੈਸਟ ਅਤੇ ਇਲਾਜ ਬਿਲਕੁਲ ਮੁਫ਼ਤ ਹੈ।