ਮੋਹਾਲੀ: ਪਾਕਿਸਤਾਨ ਤੋਂ ਡਰੋਨਾਂ ਰਾਹੀਂ ਹਥਿਆਰ ਲਿਆਉਣ ਦੇ ਮਾਮਲੇ ਦੀ ਵੀਰਵਾਰ ਨੂੰ ਮੋਹਾਲੀ ਦੀ ਐੱਨਆਈਏ ਦੀ ਸਪੈਸ਼ਲ ਅਦਾਲਤ 'ਚ ਸੁਣਵਾਈ ਹੋਈ। ਅਦਾਲਤ ਨੇ ਐੱਨਆਈਏ ਦੀ ਟੀਮ ਨੂੰ ਇਸ ਮਾਮਲੇ ਦੇ ਵਿੱਚ ਨਾਮਜ਼ਦ 9 ਮੁਲਜ਼ਮਾਂ ਦੀ ਆਵਾਜ਼ ਦੇ ਸੈਂਪਲ ਲੈਣ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਇਸ ਮਾਮਲੇ ਵਿੱਚ ਐੱਨਆਈਏ ਵੱਲੋਂ ਤਿੰਨ ਮੁਲਜ਼ਮ ਬਲਬੀਰ ਸਿੰਘ ਉਰਫ ਬਿੰਦਾ, ਹਰਭਜਨ ਸਿੰਘ ਤੇ ਰਮਨਦੀਪ ਸਿੰਘ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਤੋਂ ਇਲਾਵਾ ਅਕਾਸ਼ਦੀਪ ਸਿੰਘ, ਬਲਵੰਤ ਸਿੰਘ, ਸੁਖਦੀਪ ਸਿੰਘ ਮਾਨ ਸਿੰਘ, ਸਾਜਨਪ੍ਰੀਤ ਸਿੰਘ, ਗੁਰਦੇਵ ਸਿੰਘ, ਮਲਕੀਤ ਸਿੰਘ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ।
ਇਸ ਮਾਮਲੇ ਦੀ ਪਹਿਲਾਂ ਪੰਜਾਬ ਪੁਲਿਸ ਦੇ ਅੰਮ੍ਰਿਤਸਰ ਸਥਿਤ ਸਟੇਟ ਸਪੈਸ਼ਲ ਸੈੱਲ ਵੱਲੋਂ ਜਾਂਚ ਕੀਤੀ ਜਾ ਰਹੀ ਸੀ। ਉਸ ਸਮੇਂ ਪੁਲਿਸ ਵੱਲੋਂ ਬਲਬੀਰ ਸਿੰਘ, ਹਰਭਜਨ ਸਿੰਘ, ਬਲਵੰਤ ਸਿੰਘ ਸਮੇਤ ਚਾਰ ਮੁਲਜ਼ਮਾਂ ਨੂੰ ਚੋਹਲਾ ਸਾਹਿਬ ਨੇੜਿਓਂ ਅਸਲੇ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। ਬਾਅਦ ਵਿੱਚ ਇਹ ਜਾਂਚ ਐੱਨਆਈਏ ਨੂੰ ਸੌਂਪ ਦਿੱਤੀ ਗਈ ਸੀ।
ਦੱਸਣਯੋਗ ਹੈ ਕਿ ਵੀਰਵਾਰ ਨੂੰ ਮੁੜ ਤੋਂ ਗੁਰਦੇਵ ਸਿੰਘ ਨੂੰ ਛੱਡ ਕੇ ਸਾਰੇ ਮੁਲਜ਼ਮਾਂ ਨੂੰ ਅਦਾਲਤ ਦੇ ਵਿੱਚ ਪੇਸ਼ ਕੀਤਾ ਗਿਆ ਜਿੱਥੇ ਅਦਾਲਤ ਵੱਲੋਂ ਇਨ੍ਹਾਂ ਮੁਲਜ਼ਮਾਂ ਦੇ ਮੁੜ ਤੋਂ ਸੈਂਪਲ ਲੈਣ ਦੀ ਐਨਆਈਏ ਵੱਲੋਂ ਮੰਗੀ ਇਜਾਜ਼ਤ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।