ਰੂਪਨਗਰ: ਸਟੂਡੈਂਟ ਓਰਗਨਾਈਜੇਸ਼ਨ (ਸੱਥ) ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਇਕ ਰੋਜ਼ਾ ਰੋਸ ਧਰਨਾ ਦਿੱਤਾ ਗਿਆ, ਜਿਸ ਵਿੱਚ ਹੋਰ ਸਮਾਜਿਕ ਜਥੇਬੰਦੀਆਂ ਨੇ ਵੀ ਉਨ੍ਹਾਂ ਦਾ ਸਾਥ ਦਿੱਤਾ। ਇਸ ਧਰਨੇ ਦਾ ਮੁੱਖ ਮਕਸਦ ਕੇਂਦਰ ਸਰਕਾਰ ਅਤੇ ਦਿੱਲੀ ਪੁਲਿਸ ਵੱਲੋਂ ਕਿਸਾਨਾਂ ਤੇ ਨੌਜਵਾਨਾਂ ’ਤੇ ਕੀਤੇ ਗਏ ਝੂਠੇ ਪਰਚੇ ਰੱਦ ਕਰਵਾ ਕੇ ਉਨ੍ਹਾਂ ਨੂੰ ਜੇਲਾਂ ਤੋਂ ਰਿਹਾਅ ਕਰਵਾਉਣਾ ਸੀ।
ਧਰਨਾ ਦੇ ਰਹੇ ਆਗੂਆਂ ਨੇ ਕਿਹਾ ਕਿ 26 ਜਨਵਰੀ ਹਿੰਸਾ ਤੋਂ ਬਾਅਦ ਕਿਸਾਨਾਂ ’ਤੇ ਨਾਜਾਇਜ਼ ਪਰਚੇ ਦਰਜ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਨੂੰ ਜਾਣ-ਬੁੱਝ ਕੇ ਜੇਲਾਂ ਵਿੱਚ ਬੰਦ ਕੀਤਾ ਜਾ ਰਿਹਾ ਹੈ। ਮੋਦੀ ਸਰਕਾਰ ਦੁਆਰਾ ਅਲੱਗ-ਅਲੱਗ ਰਾਜਾਂ ਵਿੱਚ ਬੈਠੇ ਕਿਸਾਨਾਂ ਅਤੇ ਨੌਜਵਾਨਾਂ ਦੇ ਘਰਾਂ ਵਿਚ ਛਾਪੇਮਾਰੀ ਕਰਕੇ ਉਨ੍ਹਾਂ 'ਤੇ ਝੂਠੇ ਪਰਚੇ ਕੀਤੇ ਜਾ ਰਹੇ ਹਨ।
ਇਸ ਮੌਕੇ ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਅਤੇ ਚੇਤਾਵਨੀ ਵੀ ਦਿੱਤੀ ਹੈ ਕਿ ਜਲਦ ਤੋਂ ਜਲਦ ਇਨ੍ਹਾਂ ਕਿਸਾਨ ਆਗੂਆਂ ਨੂੰ ਰਿਹਾ ਕੀਤਾ ਜਾਵੇ ਅਤੇ ਉਨ੍ਹਾਂ 'ਤੇ ਬਣਾਏ ਝੂਠੇ ਪਰਚਿਆਂ ਨੂੰ ਰੱਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਲਦ ਤੋਂ ਜਲਦ ਤਿੰਨੇ ਕਾਲੇ ਕਾਨੂੰਨ ਰੱਦ ਕਰਕੇ ਕਿਸਾਨਾਂ ਨਾਲ ਸਹਿਮਤੀ ਬਣਾ ਕੇ ਨਵੇਂ ਕਾਨੂੰਨ ਬਣਾਏ ਜਾਣ ਅਤੇ ਸਰਕਾਰ ਨੂੰ ਜਲਦੀ ਤੋਂ ਜਲਦੀ ਕਿਸਾਨਾਂ ਨਾਲ ਗੱਲਬਾਤ ਕਰਕੇ ਮਸਲੇ ਦਾ ਹੱਲ ਕੱਢਣਾ ਚਾਹੀਦਾ ਹੈ।