ਮੋਹਾਲੀ: ਇੰਟਰਨੈਸ਼ਨਲ ਸਕੂਲ ਆਫ ਬਿਜ਼ਨਸ (ਆਈ.ਐੱਸ.ਬੀ.) ਸੈਕਟਰ-81 'ਚ ਹੋਣ ਜਾ ਰਹੀ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿੱਟ-2019 ਦੀਆਂ ਤਿਆਰੀਆਂ ਅੰਤਮ ਪੜਾਅ 'ਤੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਐੱਸਡੀਐਮ ਮੁਹਾਲੀ ਜਗਦੀਪ ਸਹਿਗਲ ਨੂੰ ਜ਼ਿਲ੍ਹਾ ਪ੍ਰਸ਼ਾਸਨ ਨੇ ਤਿਆਰੀਆਂ ਮੁਕੰਮਲ ਕਰਵਾਉਣ ਲਈ ਨੋਡਲ ਅਫ਼ਸਰ ਵਜੋਂ ਤਾਇਨਾਤ ਕੀਤਾ ਹੈ। ਉਨਾਂ ਦੱਸਿਆ ਕਿ ਤਿਆਰੀਆਂ ਨੂੰ ਅੰਤਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ। ਇਸ ਦੌਰਾਨ ਪਾਰਕਿੰਗ ਅਤੇ ਹੋਰਨਾਂ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੀ.ਸੀ.ਐਸ. ਪੱਧਰ ਦੇ 82 ਅਫ਼ਸਰਾਂ ਨੂੰ ਤਾਲਮੇਲ ਡਿਊਟੀ ਉੱਤੇ ਲਾਇਆ ਗਿਆ ਹੈ। ਸੰਮੇਲਨ ਵਿੱਚ ਦੇਸ਼ਾਂ ਅਤੇ ਵਿਦੇਸ਼ਾਂ ਤੋਂ ਨਾਮੀ ਉਦਯੋਗਪਤੀ ਪੁੱਜ ਰਹੇ ਹਨ, ਜਿਹੜੇ ਸੰਮੇਲਨ ਦੌਰਾਨ ਹੋਣ ਵਾਲੇ ਵੱਖ-ਵੱਖ ਸੈਸ਼ਨਾਂ ਦੌਰਾਨ ਆਪਣੇ ਤਜਰਬੇ ਅਤੇ ਵਿਚਾਰ ਸਾਂਝੇ ਕਰਨਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਆਨਲਾਈਨ ਰਜਿਸਟਰੇਸ਼ਨ ਕਰਨ ਦੀ ਸਹੂਲਤ ਵੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਸੰਮੇਲਨ ਲਈ ਪ੍ਰੋਗਰੈਸਿਵ ਪੰਜਾਬ ਦੇ ਡਿਜੀਟਲ ਐਪ ਤੋਂ ਵੀ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ। ਇਸ ਐਪ ਉਤੇ ਸੰਮੇਲਨ ਦੇ ਵੱਖ-ਵੱਖ ਸੈਸ਼ਨਾਂ ਸਬੰਧੀ ਸਾਰੀ ਜਾਣਕਾਰੀ ਉਪਲੱਬਧ ਹੈ। ਉਨ੍ਹਾਂ ਦੱਸਿਆ ਕਿ ਸੰਮੇਲਨ ਲਈ ਸ਼ਹਿਰ ਨੂੰ ਸੋਹਣੀ ਦਿੱਖ ਦਿੱਤੀ ਜਾ ਰਹੀ ਹੈ। ਇਸ ਲਈ ਜਿੱਥੇ ਸੜਕਾਂ ਦਾ ਸੁੰਦਰੀਕਰਨ ਕੀਤਾ ਗਿਆ ਹੈ, ਉਥੇ ਸੰਮੇਲਨ ਵਾਲੀ ਥਾਂ ਨੂੰ ਵੀ ਸੁੰਦਰ ਬਣਾਇਆ ਜਾ ਰਿਹਾ ਹੈ।
ਇਸ ਦੌਰਾਨ ਐੱਸਡੀਐਮ ਮੁਹਾਲੀ ਜਗਦੀਪ ਸਹਿਗਲ ਅਤੇ ਡੀਐੱਸਪੀ ਮਨਜੀਤ ਸਿੰਘ ਨੇ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਲੋੜੀਂਦੀਆਂ ਹਦਾਇਤਾਂ ਦਿੱਤੀਆਂ।
ਹੋਰ ਪੜ੍ਹੋ: ਕੈਪਟਨ ਨੇ ਰਾਤ ਸਮੇਂ ਔਰਤਾਂ ਨੂੰ ਸੁਰੱਖਿਅਤ ਘਰ ਪਹੁੰਚਾਉਣ ਲਈ ਮੁਫ਼ਤ ਪੁਲਿਸ ਸਹਾਇਤਾ ਦਾ ਕੀਤਾ ਐਲਾਨ
ਸੁਰੱਖਿਆ ਦੇ ਪੁਖ਼ਤਾ ਪ੍ਰਬੰਧ
ਐੱਸਪੀ ਸਿਟੀ-1 ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਸੰਮੇਲਨ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਸ ਦੌਰਾਨ ਇਥੇ ਪੰਜ ਐੱਸਪੀ ਰੈਂਕ ਦੇ ਅਫ਼ਸਰਾਂ ਅਤੇ 20 ਡੀਐੱਸਪੀ ਅਫ਼ਸਰਾਂ ਨੂੰ ਸੁਰੱਖਿਆ ਦਾ ਜਿੰਮਾ ਸੌਂਪਿਆ ਗਿਆ ਹੈ। ਇਨ੍ਹਾਂ ਅਧਿਕਾਰੀਆਂ ਦੀ ਅਗਵਾਈ 'ਚ 40 ਇੰਸਪੈਕਟਰ ਅਤੇ 200 ਸਬ-ਇੰਸਪੈਕਟਰਾਂ ਸਣੇ ਤਕਰੀਬਨ ਇੱਕ ਹਜ਼ਾਰ ਪੁਲਿਸ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ ਹੈ।