ਮੋਹਾਲੀ: ਉੱਤਰ ਪ੍ਰਦੇਸ਼ ਦੇ ਪੀਲੀਭੀਤ ਇਲਾਕੇ ਵਿੱਚ ਨਗਰ ਕੀਰਤਨ ਕੱਢ ਰਹੇ 55 ਸਿੱਖਾਂ ਦੇ ਖ਼ਿਲਾਫ਼ ਧਾਰਾ 144 ਲੱਗੀ ਹੋਣ ਕਰਕੇ ਪਰਚਾ ਦਰਜ ਕਰ ਦਿੱਤਾ ਗਿਆ ਸੀ। ਇਸ ਦੇ ਖ਼ਿਲਾਫ਼ ਸ਼ੁੱਕਰਵਾਰ ਨੂੰ ਬਸਪਾ ਵੱਲੋਂ ਜ਼ਿਲ੍ਹਾ ਕੰਪਲੈਕਸ ਮੋਹਾਲੀ ਸਾਹਮਣੇ ਪ੍ਰਦਰਸ਼ਨ ਕੀਤਾ ਗਿਆ ਅਤੇ ਪਰਚੇ ਰੱਦ ਕਰਨ ਦੀ ਮੰਗ ਕੀਤੀ ਗਈ।
ਜਾਣਕਾਰੀ ਲਈ ਦੱਸ ਦਈਏ ਕਿ ਬੀਤੇ ਦਿਨੀਂ ਉੱਤਰ ਪ੍ਰਦੇਸ਼ ਦੇ ਪੀਲੀਭੀਤ ਜ਼ਿਲ੍ਹੇ ਵਿੱਚ ਸਿੱਖ ਭਾਈਚਾਰੇ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਕੀਰਤਪੁਰ ਸਾਹਿਬ ਪੀਲੀਭੀਤ ਵਿਖੇ ਸ਼ਾਂਤੀਪੂਰਵਕ ਨਗਰ ਕੀਰਤਨ ਕੱਢਿਆ ਜਾ ਰਿਹਾ ਸੀ। ਪਰ ਧਾਰਾ 144 ਲੱਗੀ ਹੋਣ ਕਾਰਨ 55 ਸਿੱਖਾਂ 'ਤੇ ਮਾਮਲਾ ਦਰਜ ਕੀਤਾ ਗਿਆ ਜਿਸ ਤੋਂ ਬਾਅਦ ਬਸਪਾ ਵੱਲੋਂ ਰੋਸ ਜ਼ਾਹਿਰ ਕਰਦੇ ਇਸ ਮੁੱਦੇ ਨੂੰ ਪੂਰੇ ਦੇਸ਼ ਵਿੱਚ ਜ਼ੋਰਾਂ-ਸ਼ੋਰਾਂ ਨਾਲ ਚੁੱਕਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਵਿਧਾਇਕ ਦਲ ਦੇ ਆਗੂ ਵਜੋਂ ਪਰਮਿੰਦਰ ਢੀਂਡਸਾ ਦਾ ਅਸਤੀਫ਼ਾ ਮਨਜ਼ੂਰ, ਸ਼ਰਨਜੀਤ ਢਿੱਲੋਂ ਨੂੰ ਸੌਂਪੀ ਕਮਾਨ
ਇਸ ਮੌਕੇ ਬਸਪਾ ਦੀ ਜ਼ਿਲ੍ਹਾ ਇਕਾਈ ਵੱਲੋਂ ਧਰਨਾ ਪ੍ਰਦਰਸ਼ਨ ਕਰਕੇ ਰਾਸ਼ਟਰਪਤੀ ਦੇ ਨਾਂਅ ਇੱਕ ਮੈਮੋਰੰਡਮ ਭੇਜਿਆ ਗਿਆ ਹੈ ਜਿਸ ਵਿੱਚ ਇਨ੍ਹਾਂ ਸਿੱਖਾਂ 'ਤੇ ਹੋਏ ਮਾਮਲੇ ਦਰਜ ਨੂੰ ਰੱਦ ਕਰਵਾਉਣ ਦੀ ਮੰਗ ਕੀਤੀ ਗਈ ਹੈ। ਪ੍ਰਦਰਸ਼ਨ ਵਿੱਚ ਪਹੁੰਚੇ ਬਸਪਾ ਦੇ ਜ਼ਿਲ੍ਹਾ ਪ੍ਰਧਾਨ ਰਾਜਾ ਰਾਜਿੰਦਰ ਸਿੰਘ ਨਦਹੇੜੀ ਨੇ ਦੱਸਿਆ ਕਿ ਸਰਕਾਰ ਘੱਟ ਗਿਣਤੀਆਂ ਨੂੰ ਨਿਸ਼ਾਨਾ ਬਣਾ ਰਹੀ ਹੈ।