ਮੁਹਾਲੀ: ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੁਲਾਜ਼ਮਾਂ ਨੂੰ ਜੂਨ ਮਹੀਨੇ ਦੀ ਤਨਖਾਹ ਅਤੇ ਪੈਨਸ਼ਨ ਨਾ ਮਿਲਣ ਦੇ ਰੋਸ ਵਜੋਂ ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਅਤੇ ਰਿਟਾਇਰੀ ਮੁਲਾਜ਼ਮਾਂ ਦੀ ਜਥੇਬੰਦੀ ਵੱਲੋਂ ਸੂਬਾ ਸਰਕਾਰ ਦੇ ਖਿਲਾਫ਼ ਰੋਸ ਮੁਜ਼ਾਹਰਾ ਕੀਤਾ ਗਿਆ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਪ੍ਰਧਾਨ ਪਰਵਿੰਦਰ ਸਿੰਘ ਖੰਗੂੜਾ ਜਨਰਲ ਸਕੱਤਰ ਸੁਖਚੈਨ ਸਿੰਘ ਸੈਣੀ ਨੇ ਦੱਸਿਆ ਕਿ ਪਿਛਲੇ ਦਿਨੀਂ ਜਥੇਬੰਦੀ ਵੱਲੋਂ ਇਹ ਸਰਕਾਰ ਅਤੇ ਬੋਰਡ ਮੈਨੇਜਮੈਂਟ ਨੂੰ ਚਿਤਾਵਨੀ ਦਿੱਤੀ ਗਈ ਸੀ ਕਿ ਜੇਕਰ 7 ਤਰੀਕ ਤੱਕ ਮੁਲਾਜ਼ਮਾਂ ਨੂੰ ਤਨਖਾਹ ਅਤੇ ਰਿਟਾਇਰੀ ਮੁਲਾਜ਼ਮਾਂ ਨੂੰ ਪੈਨਸ਼ਨ ਨਾ ਮਿਲੀ ਤਾਂ ਬੋਰਡ ਮੁਲਾਜ਼ਮ ਕਲਮਛੋੜ ਹੜਤਾਲ ‘ਤੇ ਚਲੇ ਜਾਣਗੇ।
ਇਸ ਦੌਰਾਨ ਰੋਸ ਪ੍ਰਦਰਸ਼ਨ ਕਰਦੇ ਗੇਟ ਰੈਲੀ ਦੇ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਸਰਕਾਰ ਵੱਲੋਂ ਪਾਠ ਪੁਸਤਕਾਂ ਅਤੇ ਫੀਸਾਂ ਦੀ ਲਗਪਗ ਚਾਰ ਸੌ ਸਤਾਈ ਕਰੋੜ ਦੀ ਅਦਾਇਗੀ ਕਰਨ ‘ਤੇ ਲਗਾਏ ਜਾ ਰਹੇ ਬੇਲੋੜੇ ਇਤਰਾਜ਼ਾਂ ਕਾਰਨ ਬੋਰਡ ਨੂੰ ਇਹ ਰਾਸ਼ੀ ਮਿਲਣ ਵਿੱਚ ਬੇਲੋੜੀ ਦੇਰੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਮਾੜੇ ਰਵੱਈਏ ਕਾਰਨ ਬੋਰਡ ਦੇ ਵਿੱਤੀ ਹਾਲਾਤ ਇਸ ਹੱਦ ਤਕ ਨਿੱਘਰ ਗਏ ਹਨ ਕਿ ਜੂਨ ਮਹੀਨੇ ਦੀ ਤਨਖਾਹ ਅਤੇ ਪੈਨਸ਼ਨ ਦੀ ਅਦਾਇਗੀ ਵੀ ਨਹੀਂ ਕੀਤੀ ਜਾ ਰਹੀ।
ਯੂਨੀਅਨ ਪ੍ਰਧਾਨ ਪਰਵਿੰਦਰ ਸਿੰਘ ਖੰਗੂੜਾ ਨੇ ਕਿਹਾ ਕਿ ਛੇਵੇਂ ਪੇ ਕਮਿਸ਼ਨ ਨੂੰ ਲੈ ਕੇ ਮੁਲਾਜ਼ਮ ਜਥੇਬੰਦੀਆਂ ਵੱਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਸੀ ਪ੍ਰੰਤੂ ਫਿਰ ਵੀ ਸਰਕਾਰ ਵੱਲੋਂ ਚੁੱਪ ਚਪੀਤੇ ਪਿਛਲੇ ਦਿਨੀਂ ਪੇ ਕਮਿਸ਼ਨ ਦੀ ਰਿਪੋਰਟ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਸਰਕਾਰ ਸਬ ਕਮੇਟੀ ਬਣਾ ਕੇ ਮੁਲਾਜ਼ਮ ਜਥੇਬੰਦੀਆਂ ਨਾਲ ਤਾਲਮੇਲ ਕਰ ਰਹੀ ਹੈ ਪ੍ਰੰਤੂ ਦੂਜੇ ਪਾਸੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਦੌਰਾਨ ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਉਨ੍ਹਾਂ ਦੀਆਂ ਜਾਰੀ ਨਾ ਹੋਈਆਂ ਤਾਂ ਉਹ ਤਿੱਖਾ ਸੰਘਰਸ਼ ਵਿੱਢਣ ਦੇ ਲਈ ਮਜਬੂਰ ਹੋ ਜਾਣਗੇ।
ਇਹ ਵੀ ਪੜ੍ਹੋ: ਲੜਾਈ ਕੈਪਟਨ ਨਾਲ ਨਹੀਂ ਮੁੱਦਿਆਂ ਦੀ ਹੈ- ਸੁਖਜਿੰਦਰ ਰੰਧਾਵਾ