ਮੋਹਾਲੀ: ਸੂਬਾ ਸਰਕਾਰ ਵੱਲੋਂ ਸਾਰੀ ਸਰਕਾਰੀ ਸਿਹਤ ਸੰਸਥਾਵਾਂ ’ਚ ਹੈਪੇਟਾਈਟਸ ਬੀ ਦੀ ਮੁਫ਼ਤ ਟੈਸਟਿੰਗ ਅਤੇ ਇਲਾਜ਼ ਸ਼ੁਰੂ ਕੀਤਾ ਗਿਆ ਹੈ। ਇਸੇ ਦੇ ਚੱਲਦੇ ਮੋਹਾਲੀ ਦੇ ਹਸਪਤਾਲ ’ਚ ਸਿਹਤ ਮੰਤਰੀ ਬਲਬੀਰ ਸਿੱਧੂ ਨੇ ਇਸਦਾ ਉਦਘਾਟਨ ਕੀਤਾ। ਇਸ ਮੌਕੇ ਸਿਹਤ ਮੰਤਰੀ ਬਲਬੀਰ ਸਿੱਧੂ ਨੇ ਦੱਸਿਆ ਕਿ ਸਾਰੇ ਮੈਡੀਕਲ ਕਾਲਜਾਂ, ਜ਼ਿਲ੍ਹਾ ਹਸਪਤਾਲਾਂ, ਸਬ-ਡਵੀਜ਼ਨਲ ਹਸਪਤਾਲਾਂ ਅਤੇ ਐਂਟੀ ਰੀਟਰੋਵਾਇਰਲ ਟਰੀਟਮੈਂਟ, ਓਰਲ ਸਬਸਟੀਚਿਊਸ਼ਨ ਥੈਰੇਪੀ ਕੇਂਦਰਾਂ ਵਿੱਚ ਹੈਪੇਟਾਈਟਸ ਬੀ ਸਕ੍ਰੀਨਿੰਗ ਟੈਸਟ ਸ਼ੁਰੂ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਹੈਪੇਟਾਈਟਸ ਬੀ ਵਾਇਰਲ ਲੋਡ ਟੈਸਟਿੰਗ ਦੀ ਸਹੂਲਤ 27 ਸੈਂਟਰਾਂ ਵਿੱਚ ਮੁਫ਼ਤ ਦਿੱਤੀ ਜਾਵੇਗੀ।
ਸਿਹਤ ਮੰਤਰੀ ਬਲਬੀਰ ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਹੈਪੇਟਾਈਟਸ ਬੀ ਦੇ ਇਲਾਜ ਲਈ ਲੋਕਾਂ ਨੂੰ ਦਵਾਈ ਮੁਫ਼ਤ ਪ੍ਰਦਾਨ ਕਰੇਗੀ। ਇੱਥੇ ਤੱਕ ਕਿ ਇਲਾਜ ਅਧੀਨ ਹੈਪੇਟਾਈਸਟ ਬੀ ਪਾਜ਼ੀਟਿਵ ਸੂਬੇ ਦੇ ਮਰੀਜ਼ਾਂ ਨੂੰ ਵੀ ਮੁਫਤ ਦਵਾਈ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਦੱਸਿਆ ਕਿ ਇੱਕ ਨੋਡਲ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ, ਨਾਲ ਹੀ ਉਨ੍ਹਾਂ ਨੂੰ ਲੋੜੀਂਦੀ ਦਵਾਈਆਂ ਦਾ ਭੰਡਾਰ ਸੌਂਪ ਦਿੱਤਾ ਗਿਆ ਹੈ। ਹੈਪੇਟਾਈਟਸ ਬੀ ਅਤੇ ਹੈਪੇਟਾਈਟਸ ਸੀ ਦਾ ਇਲਾਜ ਕਰਨ ਵਾਲੇ ਪੰਜਾਬ ਦੇ ਸਾਰੇ ਮੈਡੀਕਲ ਮਾਹਰਾਂ ਅਤੇ ਡਾਕਟਰਾਂ ਨੂੰ ਡਾ. ਵਰਿੰਦਰ ਸਿੰਘ ਪ੍ਰੋਫੈਸਰ ਅਤੇ ਹੈਡ ਹੈਪੇਟੋਲੋਜੀ ਵਿਭਾਗ ਪੀਜੀਆਈ ਵੱਲੋਂ ਸਿਖਲਾਈ ਦਿੱਤੀ ਗਈ ਹੈ ਅਤੇ ਭਵਿੱਖ ਵਿੱਚ ਹੋਰ ਸਿਖਲਾਈ ਦਿੱਤੀ ਜਾਵੇਗੀ।
ਸਿਹਤ ਮੰਤਰੀ ਨੇ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪੰਜ ਸਾਲ ਪਹਿਲਾਂ ਹੈਪੇਟਾਈਟਸ ਸੀ ਦਾ ਮੁਫ਼ਤ ਟੈਸਟ ਅਤੇ ਇਲਾਜ ਸ਼ੁਰੂ ਕੀਤਾ ਸੀ। ਹੁਣ ਤੱਕ ਪੰਜਾਬ ਵਿਚ ਤਕਰੀਬਨ 96,000 ਮਰੀਜ਼ਾਂ ਦਾ ਹੈਪੇਟਾਈਟਸ ਸੀ ਦਾ ਮੁਫ਼ਤ ਇਲਾਜ ਕੀਤਾ ਜਾ ਚੁੱਕਾ ਹੈ। ਕੋਵਿਡ ਮਹਾਂਮਾਰੀ ਦੌਰਾਨ ਵੀ ਹੈਪੇਟਾਈਟਸ ਸੀ ਦਾ ਇਲਾਜ ਜਾਰੀ ਰੱਖਿਆ ਗਿਆ ਸੀ।
ਕੋਵਿਡ-19 ਦੀ ਸੰਭਾਵਿਤ ਤੀਜ਼ੀ ਲਹਿਰ ਨੂੰ ਲੈ ਕੇ ਸਿਹਤ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸਿਹਤ ਸੰਸਥਾਵਾਂ ਚ ਬੈੱਡ ਦੀ ਗਿਣਤੀ ਅਤੇ ਹੋਰ ਬੁਨਿਆਦੀ ਢਾਂਚੇ ਚ ਵਾਧਾ ਕੀਤਾ ਜਾ ਰਿਹਾ ਹੈ। ਨਾਲ ਹੀ ਹਸਪਤਾਲਾਂ ਵਿੱਚ ਪੀਐਸਏ ਪਲਾਂਟ ਸਥਾਪਤ ਕੀਤੇ ਜਾ ਰਹੇ ਹਨ। ਦੂਜੇ ਪਾਸੇ ਕੋਵਿਡ ਟੀਕਾਕਰਣ ਲਈ ਪੂਰਜ਼ੋਰ ਯਤਨ ਕੀਤੇ ਜਾ ਰਹੇ ਹਨ ਅਤੇ ਪੇਂਡੂ ਖੇਤਰਾਂ ਵਿੱਚ ਜਾਗਰੂਕਤਾ ਗਤੀਵਿਧੀਆਂ ਅਤੇ ਟੈਸਟਿੰਗ ਵਿੱਚ ਵਾਧਾ ਕੀਤਾ ਗਿਆ ਹੈ।
ਇਹ ਵੀ ਪੜੋ: COVID-19: ਬੀਤੇ 24 ਘੰਟਿਆਂ ’ਚ ਕੋਰੋਨਾ ਦੇ 50,848 ਨਵੇਂ ਮਾਮਲੇ ਆਏ ਸਾਹਮਣੇ