ਮੋਹਾਲੀ: ਆਪਣੀਆਂ ਮੰਗਾਂ ਨੂੰ ਲੈ ਕੇ ਬੇਰੁਜ਼ਗਾਰ ਸਟੈਨੋ ਟਾਈਪਿਸਟ ਯੂਨੀਅਨ ਦੇ ਮੈਂਬਰਾਂ ਨੇ ਸੈਕਟਰ-68 ਸਥਿਤ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੇ ਦਫਤਰ ਬਾਹਰ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ। ਇਸ ਪ੍ਰਦਰਸ਼ਨ ’ਚ ਵੱਡੀ ਗਿਣਤੀ ’ਚ ਬੇਰੁਜ਼ਗਾਰ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ। ਪ੍ਰਦਰਸ਼ਨ ਦੌਰਾਨ ਬੇਰੁਜ਼ਗਾਰ ਨੌਜਵਾਨ ਐੱਸਐੱਸ ਬੋਰਡ ਦੇ ਮੁੱਖ ਗੇਟ ਅੱਗੇ ਧਰਨਾ ਲਗਾ ਕੇ ਬੈਠ ਗਏ, ਜਿਸ ਕਾਰਨ ਐੱਸਐੱਸ ਬੋਰਡ ਸਮੇਤ ਹੋਰ ਵਿਭਾਗਾਂ ਦਾ ਦਫ਼ਤਰੀ ਸਟਾਫ਼ ਅੰਦਰ ਹੀ ਕੈਦ ਹੋ ਗਿਆ।
ਮੰਗਾਂ ਪੂਰੀਆਂ ਨਾ ਹੋਣ ਤੱਕ ਚੱਲਦਾ ਰਹੇਗਾ ਧਰਨਾ
ਇਸ ਮੌਕੇ ਪ੍ਰਦਰਸ਼ਨਕਾਰੀ ਬੇਰੁਜ਼ਗਾਰ ਨੌਜਵਾਨਾਂ ਨੇ ਦੱਸਿਆ ਕਿ ਬੇਰੁਜ਼ਗਾਰ ਸਟੈਨੋ ਟਾਈਪਿਸਟ ਪੰਜ ਸਾਲ ਤੋਂ ਪੰਜਾਬੀ ਸਟੈਨੋ ਦੀ ਤਿਆਰੀ ਕਰ ਰਹੇ ਹਨ ਅਤੇ ਸਟੈਨੋ ਟਾਈਪਿਸਟ ਦੇ ਵਿਦਿਆਰਥੀ ਕਈ ਵਾਰ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਨੂੰ ਮੰਗ ਪੱਤਰ ਭੇਜ ਕੇ ਨੌਕਰੀ ਦੇਣ ਦੀ ਮੰਗ ਕਰ ਚੁੱਕੇ ਸਨ ਪਰ ਉਨ੍ਹਾਂ ਨੇ ਬੇਰੁਜ਼ਗਾਰ ਨੌਜਵਾਨਾਂ ਦੀ ਇੱਕ ਨਹੀਂ ਸੁਣੀ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜਦੋਂ ਸਰਕਾਰ ਆਪਣੇ ਚੋਣ ਵਾਅਦੇ ਮੁਤਾਬਕ ਬੇਰੁਜ਼ਗਾਰ ਨੌਜਵਾਨਾਂ ਨੂੰ ਵਿੱਦਿਅਕ ਯੋਗਤਾ ਮੁਤਾਬਕ ਰੁਜ਼ਗਾਰ ਪ੍ਰਦਾਨ ਨਹੀਂ ਕਰਦੀ ਉਦੋਂ ਤੱਕ ਧਰਨਾ ਜਾਰੀ ਰਹੇਗਾ।
ਕੱਚੇ ਅਧਿਆਪਕ ਵੀ ਕਰ ਰਹੇ ਧਰਨਾ ਪ੍ਰਦਰਸ਼ਨ
ਕਾਬਿਲੇਗੌਰ ਹੈ ਕਿ ਇੱਕ ਪਾਸੇ ਜਿੱਥੇ ਕੱਚੇ ਅਧਿਆਪਕ ਭਾਰੀ ਗਿਣਤੀ ’ਚ ਮੋਹਾਲੀ ਚ ਪਿਛਲੇ 6 ਦਿਨਾਂ ਤੋਂ ਧਰਨਾ ਪ੍ਰਦਰਸ਼ਨ ਕਰ ਰਹੇ ਹਨ ਉੱਥੇ ਹੁਣ ਬੇਰੁਜ਼ਗਾਰ ਸਟੈਨੋ ਟਾਈਪਿਸਟ ਨੌਜਵਾਨਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਮੋਰਚਾ ਖੋਲ੍ਹਿਆ ਗਿਆ ਹੈ। ਜੇਕਰ ਸਰਕਾਰ ਵੱਲੋਂ ਧਿਆਨ ਨਹੀਂ ਦਿੱਤਾ ਗਿਆ ਤਾਂ ਮੋਹਾਲੀ ਚ ਪ੍ਰਦਰਸ਼ਨਕਾਰੀਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਜਾਵੇਗੀ।