ਕੁਰਾਲੀ: ਕੋਰੋਨਾ ਤੋਂ ਬਚਾਅ ਲਈ ਸਰਕਾਰ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਅਤੇ ਆਵਾਜਾਈ ਦੇ ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਵਿਰੁੱਧ ਪੁਲਿਸ ਨੇ ਸਖ਼ਤੀ ਵਰਤਣੀ ਸ਼ੁਰੂ ਕਰ ਦਿੱਤੀ ਹੈ। ਡੀਐੱਸਪੀ ਅਮਰੋਜ ਸਿੰਘ ਦੀ ਅਗਵਾਈ ਵਿੱਚ ਕੁਰਾਲੀ ਪੁਲਿਸ ਵੱਲੋਂ ਬੱਸ ਸਟੈਂਡ ਨਜ਼ਦੀਕ ਨਾਕਾ ਲਾ ਕੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਦੇ ਚਲਾਨ ਕੱਟੇ ਗਏ।
ਡੀਐੱਸਪੀ ਅਮਰੋਜ ਸਿੰਘ ਨੇ ਦੱਸਿਆ ਕਿ ਕੋਰੋਨਾ 'ਤੇ ਜਿੱਤ ਪਾਉਣ ਲਈ ਮਿਸ਼ਨ ਫ਼ਤਿਹ ਨੂੰ ਸਫਲ ਬਣਾਉਣ ਲਈ ਸਰਕਾਰੀ ਹਦਾਇਤਾਂ ਦੀ ਪਾਲਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜਿਹੜਾ ਵਿਅਕਤੀ ਮਾਸਕ ਨਹੀਂ ਪਹਿਣਦਾ, ਸਮਾਜਕ ਦੂਰੀ ਦਾ ਖਿਆਲ ਨਹੀਂ ਰੱਖਦਾ ਅਤੇ ਜਨਤਕ ਥਾਵਾਂ 'ਤੇ ਥੁੱਕਦਾ ਹੈ, ਉਸ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਨਾਲ ਹੀ ਸ਼ਹਿਰ ਅਤੇ ਇਲਾਕੇ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਇਸ ਤਰ੍ਹਾਂ ਦੇ ਨਾਕੇ ਲਾ ਜਾ ਰਹੇ ਹਨ।
ਉਨ੍ਹਾਂ ਸ਼ਹਿਰ ਵਾਸੀਆਂ ਨੂੰ ਕੋਰੋਨਾ ਤੋਂ ਬਚਾਅ ਲਈ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਇਸੇ ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਕੋਈ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰੇਗਾ ਉਸ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।