ਸੰਗਰੂਰ: ਅਕਾਲੀ ਦਲ ਦੇ ਵਿਧਾਇਕ ਦਲ ਨੇਤਾ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਪਰਮਿੰਦਰ ਢੀਂਡਸਾ ਨੇ ਕਿਹਾ ਕਿ ਉਨ੍ਹਾਂ ਨੇ ਪਾਰਟੀ ਦੀ ਮਜ਼ਬੂਤੀ ਲਈ ਅਸਤੀਫ਼ਾ ਦਿੱਤਾ ਹੈ। ਪਰਮਿੰਦਰ ਢੀਂਡਸਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿਸ ਗੱਲ ਨੂੰ ਮੁੱਖ ਰੱਖ ਕੇ ਉਸ ਦੇ ਪਿਤਾ ਸੁਖਦੇਵ ਸਿੰਘ ਢੀਂਡਸਾ ਨੇ ਅਸਤੀਫ਼ਾ ਦਿੱਤਾ ਸੀ, ਉਸ ਨੂੰ ਹੀ ਮੁੱਖ ਰੱਖ ਕੇ ਉਸ ਨੇ ਅਸਤੀਫ਼ਾ ਦਿੱਤਾ ਹੈ।
ਉਨ੍ਹਾਂ ਨੇ ਕਿਹਾ ਕਿ ਸਿਧਾਂਤਕ ਤੌਰ 'ਤੇ ਜਿਨ੍ਹਾਂ ਲੀਹਾਂ 'ਤੇ ਸ਼੍ਰੋਮਣੀ ਅਕਾਲੀ ਦਲ ਬਣਾਇਆ ਗਿਆ ਸੀ, ਉਨ੍ਹਾਂ ਲੀਹਾਂ 'ਤੇ ਦੁਬਾਰਾ ਸ਼੍ਰੋਮਣੀ ਅਕਾਲੀ ਦਲ ਨੂੰ ਤੋਰਨ ਲਈ ਉਨ੍ਹਾਂ ਦੇ ਪਿਤਾ ਸੁਖਦੇਵ ਢੀਂਡਸਾ ਨੇ ਬੀੜਾ ਚੁੱਕਿਆ ਹੈ, ਉਨ੍ਹਾਂ ਦੀ ਇਸ ਸਿਧਾਂਤਕ ਲੜਾਈ ਵਿੱਚ ਉਹ ਉਨ੍ਹਾਂ ਦੇ ਨਾਲ ਹਨ ਅਤੇ ਜਿਹੜਾ ਪ੍ਰੋਗਰਾਮ ਉਹ ਉਲੀਕਣਗੇ ਉਹ ਉਸ 'ਤੇ ਚੱਲ ਕੇ ਪਾਰਟੀ ਨੂੰ ਮਜ਼ਬੂਤ ਕਰਨਗੇ।
ਢੀਂਡਸਾ ਨੇ ਕਿਹਾ ਕਿ ਉਸ ਨੂੰ ਅਤੇ ਉਸ ਦੇ ਪਿਤਾ ਨੂੰ ਕਿਸੇ ਅਹੁਦੇ ਦੀ ਲੋੜ ਨਹੀ ਹੈ, ਉਹ ਚਾਹੁੰਦੇ ਹਨ ਕਿ ਪਾਰਟੀ ਮਜ਼ਬੂਤ ਹੋਵੇ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਨਿੱਜੀ ਲੜਾਈ ਨਹੀਂ ਹੈ, ਉਹ ਪਾਰਟੀ ਦੇ ਹਿੱਤਾਂ ਅਤੇ ਮਜ਼ਬੂਤੀ ਲਈ ਇਹ ਸਾਰਾ ਕੁਝ ਕਰ ਰਹੇ ਹਨ।
ਇਹ ਵੀ ਪੜੋ: ਸ੍ਰੀ ਨਨਕਾਣਾ ਸਾਹਿਬ ਹਮਲਾ: ਅਜਮੇਰ ਸ਼ਰੀਫ਼ ਦੇ ਖਾਦਿਮ ਨੇ ਸਖ਼ਤ ਕਾਰਵਾਈ ਦੀ ਕੀਤੀ ਅਪੀਲ
ਇਸ ਦੇ ਨਾਲ ਹੀ ਪਰਮਿੰਦਰ ਢੀਂਡਸਾ ਨੇ ਦਲਜੀਤ ਸਿੰਘ ਚੀਮਾ ਦੇ ਬਿਆਨ 'ਤੇ ਹੈਰਾਨੀ ਪ੍ਰਗਟਾਉਦਿਆਂ ਕਿਹਾ ਕਿ ਚੀਮਾ ਜੋ ਕਹਿ ਰਹੇ ਹਨ, ਉਹ ਸਹੀ ਨਹੀਂ ਹੈ, ਉਨ੍ਹਾਂ ਨੇ ਪਾਰਟੀ ਵਿੱਚ ਰਹਿ ਕੇ ਬਹੁਤ ਵਧੀਆ ਕੰਮ ਕੀਤਾ ਹੈ।