ਸੰਗਰੂਰ: ਪਾਕਿਸਤਾਨ ਦੇ ਗੁਰਦੁਆਰਾ ਨਨਕਾਣਾ ਸਾਹਿਬ 'ਤੇ ਹੋਏ ਹਮਲੇ ਤੋਂ ਬਾਅਦ ਹਰ ਪਾਸੇ ਇਸ ਦੀ ਨਖੇਧੀ ਕੀਤੀ ਜਾ ਰਹੀ ਹੈ, ਇਸ ਹਮਲੇ ਨੂੰ ਲੈ ਕੇ ਮੁਸਲਿਮ ਭਾਈਚਾਰਾ ਵੀ ਇਸ ਦੀ ਨਿਖੇਧੀ ਕਰ ਰਿਹਾ ਹੈ। ਉਥੇ ਹੀ ਸ਼ਨਿੱਚਰਵਾਰ ਨੂੰ ਮਲੇਰਕੋਟਲਾ ਸ਼ਹਿਰ ਵਿੱਚ ਬੀਜੇਪੀ ਦੇ ਆਗੂਆਂ ਅਤੇ ਵਰਕਰਾਂ ਨੇ ਵੀ ਇਸ ਦਾ ਵਿਰੋਧ ਕੀਤਾ ਤੇ ਨਾਲ ਹੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦਾ ਪੁਤਲਾ ਵੀ ਸਾੜਿਆ ਅਤੇ ਪਾਕਿਸਤਾਨ ਦੇ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ।
ਇਸ ਮੌਕੇ ਹਿੰਦੂ ਭਾਈਚਾਰੇ ਦੇ ਨਾਲ-ਨਾਲ ਹੋਰ ਧਰਮਾਂ ਦੇ ਲੋਕ ਵੀ ਮੌਜੂਦ ਸਨ। ਇਸ ਮੌਕੇ ਕੌਂਸਲਰ ਅੰਕੂ ਜ਼ਖਮੀ ਨੇ ਕਿਹਾ ਕਿ ਦੋਸ਼ੀਆਂ ਨੂੰ ਸ਼ਖਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ।
ਉਧਰ ਸਿੱਖ ਭਾਈਚਾਰੇ ਦੇ ਲੋਕਾਂ ਨੇ ਵੀ ਕਿਹਾ ਗਿਆ ਕਿ ਪਾਕਿਸਤਾਨ ਅੰਦਰ ਘੱਟ ਗਿਣਤੀਆਂ ਦੇ ਲੋਕ ਸੁਰੱਖਿਅਤ ਨਹੀਂ ਹਨ ਅਤੇ ਪਾਕਿਸਤਾਨ ਸਰਕਾਰ ਇਨ੍ਹਾਂ ਨੂੰ ਸੁਰੱਖਿਅਤ ਰੱਖਣ ਵਿੱਚ ਅਸਫ਼ਲ ਨਜ਼ਰ ਆ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਆਰੋਪੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣੀ ਚਾਹੀਦੀ ਹੈ।
ਇਹ ਵੀ ਪੜੋ: ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ 'ਤੇ ਹਮਲਾ: ਜਾਣੋ ਕੀ ਹੈ ਪੂਰਾ ਮਾਮਲਾ
ਦੱਸ ਦੇਈਏ ਕਿ ਬੀਤੇ ਦਿਨ ਪਾਕਿਸਤਾਨ ਸਥਿਤ ਨਨਕਾਣਾ ਸਾਹਿਬ ਦੇ ਬਾਹਰ ਕੁਝ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਇਕੱਠੇ ਹੋ ਕੇ ਗੁਰਦੁਆਰੇ ਦੇ ਬਾਹਰ ਧਰਨਾ ਦਿੱਤਾ ਅਤੇ ਗੁਰਦੁਆਰੇ ਸਾਹਿਬ 'ਤੇ ਪਥਰਾਅ ਵੀ ਕੀਤਾ। ਪ੍ਰਦਰਸ਼ਕਾਰੀਆਂ ਨੇ ਕਿਹਾ ਕਿ ਉਹ ਇੱਥੇ ਸਿੱਖਾਂ ਨੂੰ ਰਹਿਣ ਦੇਣਗੇ ਅਤੇ ਸ਼ਹਿਰ ਨਨਕਾਣਾ ਦਾ ਨਾਂਅ ਵੀ ਬਦਲ ਦੇਣਗੇ। ਧਰਨਕਾਰੀ ਉਸ ਮੁਸਲਿਮ ਨੌਜਵਾਨ ਦੇ ਪਰਿਵਾਰਕ ਮੈਂਬਰ ਅਤੇ ਸਮਰਥਕ ਹਨ, ਜਿਨ੍ਹਾਂ 'ਤੇ ਸਿੱਖ ਕੁੜੀ ਜਗਜੀਤ ਕੌਰ ਨੂੰ ਅਗਵਾ ਕਰਨ 'ਤੇ ਜਬਰੀ ਨਿਕਾਹ ਕਰਕੇ ਧਰਮ ਤਬਦੀਲ ਕਰਨ ਦਾ ਦੋਸ਼ ਹੈ।