ਸੰਗਰੂਰ: ਅੱਜ ਭਵਾਨੀਗੜ੍ਹ ਵਿਖੇ 25 ਕਾਂਗਰਸੀ ਵਰਕਰ ਕਾਂਗਰਸ ਨੂੰ ਅਲਵਿਦਾ ਆਖ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲੇ ਕਾਂਗਰਸੀ ਵਰਕਰਾਂ ਦਾ ਅਕਾਲੀ ਦਲ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਪ੍ਰਕਾਸ਼ ਚੰਦ ਗਰਗ ਨੇ ਸਨਮਾਨਿਤ ਕੀਤਾ।
ਅਕਾਲੀ ਦਲ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਪ੍ਰਕਾਸ਼ ਚੰਦ ਗਰਗ ਨੇ ਕਿਹਾ ਕਿ ਜਦੋਂ ਦੀ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣੀ ਹੈ ਉਦੋਂ ਤੋਂ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕਈ ਵਾਅਦੇ ਕੀਤੇ ਗਏ ਸਨ ਜੋ ਕਿ ਅਜੇ ਤੱਕ ਵੀ ਪੂਰੇ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਕੈਪਟਨ ਨੇ ਨੌਜਵਾਨਾਂ ਨੂੰ ਘਰ-ਘਰ ਰੁਜ਼ਗਾਰ, ਲੈਪਟਾਪ, ਬੇਰੁਜ਼ਗਾਰੀ ਭੱਤਾ ਅਤੇ ਬੁਢਾਪਾ ਪੈਨਸ਼ਨਾਂ ਵਿੱਚ ਵਾਧਾ ਅਤੇ ਸ਼ਗਨ ਸਕੀਮ ਵਿੱਚ ਵਾਧਾ ਕਰਨ ਦਾ ਐਲਾਨ ਕੀਤਾ ਸੀ ਪਰੰਤੂ ਕਿਸੇ ਵੀ ਵਰਗ ਨੂੰ ਕੋਈ ਸਹੂਲਤ ਨਹੀਂ ਦਿੱਤੀ ਗਈ।
ਉਨ੍ਹਾਂ ਕਿਹਾ ਕਿ ਪੰਜਾਬੀ ਨੌਜਵਾਨਾਂ ਵਿੱਚ ਪੰਜਾਬ ਸਰਕਾਰ ਪ੍ਰਤੀ ਕਾਫ਼ੀ ਨਿਰਾਸ਼ਾ ਹੈ। ਇਸ ਨਿਰਾਸ਼ਾ ਵਜੋਂ ਹੀ ਉਹ ਕਾਂਗਰਸ ਪਾਰਟੀ ਨੂੰ ਛੱਡ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ।
ਕਾਂਗਰਸ ਵਰਕਰ ਗੁਰਸੇਵਕ ਸਿੰਘ ਸ਼ੌਕੀ ਨੇ ਕਿਹਾ ਕਿ ਕਾਂਗਰਸ ਨੇ ਸਾਡੇ ਨਾਲ ਜੋ ਵਾਅਦੇ ਕੀਤੇ ਸਨ, ਉਹ ਵਾਅਦੇ ਅਜੇ ਤੱਕ ਕੈਪਟਨ ਸਰਕਾਰ ਨੇ ਪੂਰੇ ਨਹੀਂ ਕੀਤੇ। ਇਸ ਲਈ ਉਹ ਕਾਂਗਰਸ ਨੂੰ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਨੌਜਵਾਨ ਅਕਾਲੀ ਦਲ ਵਿੱਚ ਸ਼ਾਮਲ ਹੋਣਗੇ।