ਲਹਿਰਾਗਾਗਾ: ਹਰ ਸਾਲ ਇਲਾਕੇ 'ਚ ਮੀਂਹ ਦੇ ਮੌਸਮ ਕਾਰਨ ਘੱਗਰ ਨਦੀ ਦਾ ਬੰਨ੍ਹ ਟੁੱਟਣ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦਾ ਨੁਕਸਾਨ ਹੋ ਜਾਂਦਾ ਹੈ। ਕਈ ਵਰ੍ਹੇ ਬੀਤ ਜਾਣ ਦੇ ਬਾਵਜੂਦ ਵੀ ਪ੍ਰਸ਼ਾਸਨ ਹਾਲੇ ਤੱਕ ਇਸ ਦਾ ਸਥਾਈ ਹੱਲ ਨਹੀਂ ਕਰ ਰਿਹਾ। ਕਿਸਾਨਾਂ ਵੱਲੋਂ 200 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਪੈਸਾ ਇਕੱਠੇ ਕਰਕੇ ਘੱਗਰ ਨਦੀ ਦੇ ਬੰਨ੍ਹ ਨੂੰ ਮਜ਼ਬੂਤ ਕਰਨ ਲਈ ਹਿੰਮਤ ਜੁਟਾਈ ਗਈ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਮੀਂਹ ਦਾ ਮੌਸਮ ਆ ਗਿਆ ਹੈ, ਇਸ ਨੂੰ ਦੇਖਦੇ ਹੋਏ ਬੰਨ੍ਹ ਨੂੰ ਮਜ਼ਬੂਤ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ।
ਇਸ ਦੇ ਨਾਲ ਹੀ ਕਿਸਾਨਾਂ ਨੇ ਕਿਹਾ ਕਿ ਡਰੇਨੇਜ ਵਿਭਾਗ ਵੱਲੋਂ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਕਿਸਾਨਾਂ ਨੇ ਕਿਹਾ ਕਿ ਫ਼ਸਲ ਬਰਬਾਦ ਹੋਣ 'ਤੇ ਕਰੋੜਾਂ ਦਾ ਮੁਆਵਜਾ ਐਲਾਨਣ ਨਾਲੋਂ ਸਰਕਾਰ ਵੱਲੋਂ ਬੰਨ੍ਹ ਨੂੰ ਮਜ਼ਬੂਤ ਕਰਨ ਲਈ ਕਿਸਾਨਾਂ ਨੂੰ ਸਹਾਇਤਾ ਦੇਣੀ ਚਾਹੀਦੀ ਹੈ। ਕਿਸਾਨਾਂ ਨੇ ਕਿਹਾ ਕਿ ਪਿਛਲੇ ਸਾਲ ਮੀਂਹ ਦੇ ਮੌਸਮ ਵਿੱਚ ਘੱਗਰ ਨਦੀ ਦਾ ਬੰਨ੍ਹ ਟੁੱਟਣ ਕਾਰਨ ਨੇੜੇ ਦੇ ਕਈ ਪਿੰਡ ਦੇ ਕਿਸਾਨਾਂ ਦੀ ਹਜ਼ਾਰਾਂ ਏਕੜ ਫ਼ਸਲ ਬਰਬਾਦ ਹੋ ਗਈ ਸੀ। ਜਿਸਦੇ ਡਰ ਕਾਰਨ ਕਿਸਾਨ ਆਪਣੇ-ਆਪਣੇ ਟਰੈਕਟਰ ਅਤੇ ਜੇਸੀਬੀ ਮਸ਼ੀਨ ਲਗਾ ਕੇ ਇਸ ਦੀ ਸਫ਼ਾਈ ਕਰ ਰਹੇ ਹਨ ਤੇ ਬੰਨ੍ਹ ਨੂੰ ਮਜ਼ਬੂਤ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ।