ਸੰਗਰੂਰ: ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਆਰਡੀਨੈਂਸ ਦੇ ਵਿਰੁੱਧ ਪੰਜਾਬ ਭਰ 'ਚ ਵੱਖ-ਵੱਖ ਕਿਸਾਨ ਯੂਨੀਅਨਾਂ ਵੱਲੋਂ ਰੋਸ ਰੈਲੀ ਕੱਢੀ ਗਈ। ਇਸ ਦੌਰਾਨ ਕਿਸਾਨ ਟਰੈਕਟਰ ਟਰਾਲੀਆਂ 'ਤੇ ਸਵਾਰ ਹੋ ਕੇ ਆਰਡੀਨੈਂਸ ਦਾ ਵਿਰੋਧ ਕਰਨ ਲਈ ਪਹੁੰਚੇ।
ਧੂਰੀ ਵਿਖੇ ਭਾਰਤੀ ਕਿਸਾਨ ਯੂਨੀਅਨ ਵੱਲੋ ਸੰਗਰੂਰ ਰੋਡ 'ਤੇ ਟਰੈਕਟਰ ਟਰਾਲੀਆਂ ਨਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਸੰਦੀਪ ਸਿੰਗਲਾ ਵੀ ਪਹੁੰਚੇ।
ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨਿਰੰਜਣ ਸਿੰਘ ਦੋਹਲਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾ ਨੂੰ ਬਰਬਾਦ ਕਰਨ ਲਈ ਇਹ ਆਰਡੀਨੈਂਸ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਆਰਡੀਨੈਂਸ ਨਾਲ ਕਿਸਾਨ ਹੀ ਨਹੀਂ ਸਗੋ ਆੜਤੀ ਅਤੇ ਟਰਾਂਸਪੋਟਰ ਵਾਲਿਆਂ ਨੂੰ ਵੀ ਕਾਫ਼ੀ ਨੁਕਸਾਨ ਹੋਵੇਗਾ। ਪੰਜਾਬ ਭਰ 'ਚ ਲੱਖਾਂ ਹੀ ਲੋਕਾਂ ਨੇ ਇਸ ਨਾਲ ਬੇਰੁਜ਼ਗਾਰ ਹੋ ਜਾਣਾ ਹੈ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂ ਸੰਦੀਪ ਸਿੰਗਲਾ ਨੇ ਕਿਹਾ ਕਿ ਉਹ ਕਿਸਾਨਾਂ ਵੱਲੋਂ ਕੱਢੇ ਜਾ ਰਹੇ ਰੋਸ ਮਾਰਚ ਦੀ ਪੂਰੀ ਤਰ੍ਹਾਂ ਨਾਲ ਹਿਮਾਇਤ ਕਰਦੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਜੋ ਆਰਡੀਨੈਂਸ ਲੈ ਕੇ ਆ ਰਹੀ ਹੈ ਉਸ ਨਾਲ ਕਿਸਾਨਾਂ ਦਾ ਕੋਈ ਭਲਾ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਆਪ ਵੱਲੋਂ ਇਸ ਆਰਡੀਨੈਂਸ ਦਾ ਵਿਰੋਧ ਕੀਤਾ ਜਾਂਦਾ ਹੈ।
ਕਿਸਾਨਾਂ ਨੇ ਕਿਹਾ ਕਿ ਜੇ ਸਰਕਾਰ ਹਲੇ ਵੀ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੰਦੀ ਤਾਂ ਉਹ ਸੰਘਰਸ਼ ਨੂੰ ਹੋਰ ਤਿੱਖਾ ਕਰ ਦੇਣਗੇ।