ਮਲੇਰਕੋਟਲਾ: ਮਲੇਰਕੋਟਲਾ ਧੂਰੀ ਰੋਡ 'ਤੇ ਸਥਿਤ ਪੈਟਰੋਲ ਪੰਪ ਦੇ ਸਾਹਮਣੇ ਕਰੀਬ ਇਕ ਮਹੀਨੇ ਤੋਂ ਵੱਧ ਸਮੇਂ ਤੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨਾਂ ਦਾ ਧਰਨਾ ਚੱਲ ਰਿਹਾ ਹੈ। ਇਸ ਧਰਨੇ ਵਿੱਚ ਵੱਧ ਤੋਂ ਵੱਧ ਔਰਤਾਂ ਪਹੁੰਚਦੀਆਂ ਹਨ ਤੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਵੀ ਕਰਦੀਆਂ ਹਨ।
ਦੱਸ ਦਈਏ, ਇਹ ਧਰਨਾ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲਾਇਆ ਗਿਆ ਹੈ। ਧਰਨੇ ਲਾਇਆਂ ਨੂੰ ਕਾਫ਼ੀ ਸਮਾਂ ਹੋ ਗਿਆ ਹੈ ਪਰ ਸਰਕਾਰ ਦੇ ਕੰਨ 'ਤੇ ਜੂੰ ਨਹੀਂ ਸਰਕਦੀ। ਇਸ ਸਬੰਧੀ ਗੱਲਬਾਤ ਕਰਦਿਆਂ ਕਿਸਾਨਾਂ ਨੇ ਕਿਹਾ ਕਿ ਉਹ ਆਪਣੀਆਂ ਜ਼ਮੀਨਾਂ ਕਿਸੇ ਵੀ ਕੀਮਤ 'ਤੇ ਨਿੱਜੀ ਹੱਥਾਂ ਵਿੱਚ ਨਹੀਂ ਦੇਣਗੇ ਤੇ ਉਹ ਹਰ ਤਰ੍ਹਾਂ ਦੇ ਵਿਰੋਧ ਦਾ ਡੱਟ ਕੇ ਸਾਹਮਣਾ ਕਰਨਗੇ।
ਉੱਥੇ ਹੀ ਕੁਝ ਨੌਜਵਾਨਾਂ ਵੱਲੋਂ ਵੀ ਹੱਥ ਵਿੱਚ ਝੰਡੇ ਲੈ ਕੇ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ ਤੇ ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਖੇਤੀ ਕਾਨੂੰਨ ਵਾਪਸ ਨਹੀਂ ਹੁੰਦਾ, ਉਦੋਂ ਤਾਂ ਧਰਨੇ ਪ੍ਰਦਰਸ਼ਨ ਜਾਰੀ ਰਹਿਣਗੇ। ਜੇਕਰ ਲੋੜ ਪਈ ਤਾਂ ਦਿੱਲੀ ਨੂੰ ਘੇਰਨ ਦੇ ਲਈ ਪਿੱਛੇ ਨਹੀਂ ਹਟਣਗੇ।
ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਸੁਧਾਰ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਪ੍ਰਦਰਸ਼ਨ ਜਾਰੀ ਹੈ ਤੇ ਲਗਾਤਾਰ ਮੰਗ ਕਰ ਰਹੇ ਹਨ ਕਿ ਇਨ੍ਹਾਂ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ ਪਰ ਸਰਕਾਰ ਵੱਲੋਂ ਕੋਈ ਸੁਣਵਾਈ ਨਹੀਂ ਹੋੇ ਰਹੀ। ਉੱਥੇ ਹੀ ਇਹ ਸੰਘਰਸ਼ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ ਤੇ ਕਿਸਾਨਾਂ ਵੱਲੋਂ ਪੂਰੀ ਵਾਹ ਲਾਈ ਜਾ ਰਹੀ ਹੈ ਪਰ ਕੀ ਇਨ੍ਹਾਂ ਦਾ ਸੰਘਰਸ਼ ਰੰਗ ਲਿਆਵੇਗਾ ਜਾਂ ਫਿਰ ਅਜਾਂਈ ਜਾਵੇਗਾ।