ਲਹਿਰਾਗਾਗਾ: 26 ਜਨਵਰੀ ਦੀ ਪਰੇਡ 'ਚ ਸ਼ਾਮਲ ਹੋਣ ਲਈ ਗਏ ਲਹਿਰਾਗਾਗਾ ਦੇ ਪਿੰਡ ਦੇਹਲਾਂ ਸੀਹਾਂ ਦੇ 5 ਨੌਜਵਾਨਾਂ ਨੂੰ ਦਿੱਲੀ ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਜਾਣ ਮਗਰੋਂ ਉਨ੍ਹਾਂ ਦਾ ਕੋਈ ਥਹੁ-ਪਤਾ ਨਹੀਂ ਹੈ। ਇਸ ਕਾਰਨ ਨੌਜਵਾਨਾਂ ਦੇ ਪਰਿਵਾਰਾਂ ਦੇ ਨਾਲ-ਨਾਲ ਪਿੰਡ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਹੈ।
ਜਗਸੀਰ ਸਿੰਘ ਪੁੱਤਰ ਧੰਨਾ ਸਿੰਘ, ਕੁਲਵਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ, ਸਤਨਾਮ ਸਿੰਘ ਪੁੱਤਰ ਬਹਾਦਰ ਸਿੰਘ, ਗੁਰਮੇਲ ਸਿੰਘ ਪੁੱਤਰ ਦਿਲਬਾਗ ਸਿੰਘ, ਜਸਵਿੰਦਰ ਸਿੰਘ ਪੁੱਤਰ ਹੁਸ਼ਿਆਰ ਸਿੰਘ ਦਿੱਲੀ ਪੁਲਿਸ ਦੀ ਹਿਰਾਸਤ ਵਿੱਚ ਦੱਸੇ ਜਾ ਰਹੇ ਹਨ।
ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਕਤ ਨੌਜਵਾਨ 25 ਜਨਵਰੀ ਨੂੰ ਧਰਨੇ ਵਿੱਚ ਸ਼ਾਮਲ ਹੋਣ ਲਈ ਗਏ ਸਨ, ਪਰ 27 ਜਨਵਰੀ ਨੂੰ ਇੱਕ ਬਾਰਡਰ ਤੋਂ ਦੂਜੇ ਬਾਰਡਰ 'ਤੇ ਜਾਂਦੇ ਸਮੇਂ ਨੌਜਵਾਨਾਂ ਨੂੰ ਦਿੱਲੀ ਪੁਲਿਸ ਨੇ ਆਪਣੀ ਹਿਰਾਸਤ ਵਿੱਚ ਲੈ ਲਿਆ। ਇਸ ਦੀ ਜਾਣਕਾਰੀ ਹਿਰਾਸਤ ਵਿੱਚ ਲਏ ਗਏ ਨੌਜਵਾਨਾਂ ਤੋਂ ਵਿਛੜੇ ਇੱਕ ਵਿਅਕਤੀ ਨੇ ਪਿੰਡ ਆ ਕੇ ਪਰਿਵਾਰਕ ਮੈਂਬਰਾਂ ਨੂੰ ਦਿੱਤੀ।
ਨੌਜਵਾਨਾਂ ਦੀ ਕੋਈ ਜਾਣਕਾਰੀ ਨਾ ਹੋਣ ਕਾਰਨ ਪਰਿਵਾਰ ਵਾਲੇ ਅਜੇ ਵੀ ਸਦਮੇ ਵਿੱਚ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਤਿੰਨੇ ਖੇਤੀ ਕਾਨੂੰਨਾਂ ਨੂੰ ਤੁਰੰਤ ਰੱਦ ਕਰਕੇ ਹਿਰਾਸਤ ਵਿੱਚ ਲਏ ਗਏ ਨੌਜਵਾਨਾਂ ਨੂੰ ਤੁਰੰਤ ਰਿਹਾਅ ਕਰਕੇ ਪਰਿਵਾਰ ਕੋਲ ਭੇਜਿਆ ਜਾਵੇ ਤਾਂ ਜੋ ਪਰਿਵਾਰ ਅਤੇ ਪਿੰਡ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਖਤਮ ਹੋ ਸਕੇ।
ਪਿੰਡ ਦੇ ਉੱਘੇ ਆਗੂ ਮਾਸਟਰ ਰਾਮ ਸਿੰਘ ਨੇ ਕਿਹਾ ਕਿ ਪਿੰਡ ਵਿੱਚੋਂ ਲੜੀ ਵਾਈਜ਼ ਨੌਜਵਾਨ ਵੱਖ-ਵੱਖ ਬਾਰਡਰਾਂ 'ਤੇ ਧਰਨੇ ਵਿੱਚ ਜਾਂਦੇ ਸਨ, ਪਿਛਲੇ ਦਿਨੀਂ 11 ਨੌਜਵਾਨ ਧਰਨੇ ਵਿੱਚ ਗਏ ਸਨ।