ਸੰਗਰੂਰ: ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਲਹਿਰਾਗਾਗਾ ਵੱਲੋਂ ਨੇੜਲੇ ਪਿੰਡ ਕਾਲਬੰਜਾਰਾ ਵਿਖੇ ਸਮਾਗਮ ਕਰਵਾਇਆ ਗਿਆ। ਦੱਸਣਯੋਗ ਹੈ ਕਿ ਡਿਪਟੀ ਕਮਿਸ਼ਨਰ ਰਾਮਵੀਰ ਨੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ ਜਿਸ ਮੁਤਾਬਕ ਕੋਈ ਵੀ ਕਿਸਾਨ ਆਪਣੇ ਖੇਤਾਂ 'ਚ ਪਰਾਲੀ ਨੂੰ ਅੱਗ ਨਹੀਂ ਲਗਾ ਸਕਦਾ ਹੈ।
ਐਸਡੀਐਮ ਦੀ ਹਾਜ਼ਰੀ ਵਿੱਚ ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਸੁਪਰ ਸੀਡਰ ਮਸ਼ੀਨ ਰਾਹੀਂ ਡੈਮੋ ਦਿੱਤਾ। ਇਸ ਡੈਮੋ 'ਚ ਕਿਸਾਨਾਂ ਨੂੰ ਦੱਸਿਆ ਗਿਆ ਕਿ ਕਿਵੇ ਪਰਾਲੀ ਨੂੰ ਖੇਤ ਵਿੱਚ ਰਲਾ ਕੇ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ।
ਇਸ ਮੌਕੇ ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਮਸ਼ੀਨਰੀ ਦੀ ਵਰਤੋਂ ਕਰਕੇ ਖੇਤ ਵਿੱਚ ਹੀ ਰਲਾ ਕੇ ਅਗਲੀ ਫ਼ਸਲ ਦੀ ਬਿਜਾਈ ਕਰਨ ਤਾਂ ਜੋ ਇਸ ਨਾਲ ਬੀਜੀ ਫਸਲ ਲਈ ਖਾਦ ਦਾ ਕੰਮ ਕਰੇ। ਉਨ੍ਹਾਂ ਕਿਹਾ ਕਿ ਧੂੰਏ ਨਾਲ ਸਿਹਤ 'ਤੇ ਮਾੜਾ ਅਸਰ ਪੈਂਦਾ ਹੈ ਜਿਸ ਨਾਲ ਕਈ ਬਿਮਾਰੀਆਂ ਨੂੰ ਵਧਾਵਾ ਮਿਲਦਾ ਹੈ।
ਕਿਸਾਨਾਂ ਮੁਤਾਬਕ ਸੁਪਰ ਸੀਡਰ ਮਸ਼ੀਨ ਉਨ੍ਹਾਂ ਲਈ ਲਾਹੇਵੰਦ ਨਹੀਂ ਹੈ ਕਿਉਂਕਿ ਇਸ ਨਾਲ ਉਨ੍ਹਾਂ ਦੀਆਂ ਫਸਲਾਂ ਦੀ ਪੈਦਾਵਰ ਜ਼ਿਆਦਾ ਵਧੀਆ ਨਹੀਂ ਹੋਵੇਗੀ।
ਡਾ. ਇੰਦਰਜੀਤ ਸਿੰਘ ਭੱਟੀ ਖੇਤੀਬਾੜੀ ਵਿਕਾਸ ਅਫ਼ਸਰ ਲਹਿਰਾਗਾਗਾ ਨੇ ਦੱਸਿਆ ਕਿ ਵਿਭਾਗ ਵੱਲੋਂ ਲਗਾਤਾਰ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਕਿਸਾਨਾਂ ਨੂੰ ਸਬਸਿਡੀ ਤੇ ਮਸ਼ੀਨਰੀ ਮੁਹੱਈਆ ਕਰਵਾਈ ਜਾ ਰਹੀ ਹੈ ਤਾਂ ਜੋ ਕਿਸਾਨ ਝੋਨੇ ਦੀ ਰਹਿੰਦ ਖੂੰਦ ਨੂੰ ਅੱਗ ਨਾ ਲਗਾਉਣ।
ਮੌਕੇ 'ਤੇ ਹਾਜ਼ਰ ਕਿਸਾਨਾਂ ਵੱਲੋਂ ਕਣਕ ਦੀ ਫ਼ਸਲ 'ਤੇ ਸੁੰਡੀ ਦੇ ਹਮਲੇ ਦੀ ਸ਼ੰਕਾ ਜ਼ਾਹਿਰ ਕੀਤੀ ਤਾਂ ਖੇਤੀਬਾੜੀ ਵਿਕਾਸ ਅਫ਼ਸਰ ਵੱਲੋਂ ਦੱਸਿਆ ਗਿਆ ਕਿ ਇਸ ਦੇ ਕਈ ਕਾਰਨ ਹਨ ਅਤੇ ਜੇਕਰ ਸਮੱਸਿਆ ਆਉਂਦੀ ਹੈ ਤਾਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫ਼ਾਰਸ਼ਾਂ ਅਨੁਸਾਰ ਇਸ ਦੀ ਰੋਕਥਾਮ ਕਰ ਲਈ ਜਾਵੇ।