ਸੰਗਰੂਰ: ਖੇਤੀ ਆਰਡੀਨੈਂਸ ਨੂੰ ਲੈ ਕੇ ਕਿਸਾਨਾਂ ਵੱਲੋਂ ਹਰ ਪਾਸੇ ਵਿਰੋਧ ਕੀਤਾ ਜਾ ਰਿਹਾ ਹੈ। ਇਸ ਮੌਕੇ ਜਿੱਥੇ ਹਰ ਪਾਸੇ ਧਰਨੇ ਪ੍ਰਦਰਸ਼ਨ ਹੋਏ ਉੱਥੇ ਹੀ ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਨੇ ਭਵਾਨੀਗੜ੍ਹ ਵਿੱਚ ਕਿਸਾਨਾਂ ਨਾਲ ਮਿਲ ਕੇ ਇਸ ਆਰਡੀਨੈਂਸ ਦਾ ਵਿਰੋਧ ਕੀਤਾ।
ਮੀਡੀਆ ਨੂੰ ਜਾਣਕਾਰੀ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਹ ਆਰਡੀਨੈਂਸ ਜਿਸ ਢੰਗ ਨਾਲ ਪਾਸ ਹੋਇਆ ਹੈ ਉਹ ਕਿਸਾਨ ਵਿਰੋਧੀ ਹੈ ਅਤੇ ਅਸੀਂ ਇਸ ਦਾ ਸਖ਼ਤ ਵਿਰੋਧ ਕਰਦੇ ਹਾਂ।
ਉਨ੍ਹਾਂ ਕਿਹਾ ਕਿਹਾ ਕਿ ਉਹ ਕਿਸਾਨਾਂ ਨਾਲ ਖੜ੍ਹੇ ਹਨ। ਹਰਸਿਮਰਤ ਬਾਦਲ ਦੇ ਅਸਤੀਫੇ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਅਸੀਂ ਸਾਰੇ ਜਾਣਦੇ ਹਾਂ ਕਿ ਬਾਦਲ ਪਰਿਵਾਰ ਕੇਂਦਰ ਨਾਲ ਮੁਲਾਕਾਤ ਕਰ ਚੁੱਕਾ ਹੈ ਕਿਉਂਕਿ ਜਦੋਂ ਇੱਕ ਪਾਸੜ ਆਰਡੀਨੈਂਸ ਲੰਘ ਰਿਹਾ ਸੀ ਉਦੋਂ ਹਰਸਿਮਰਤ ਨੇ ਇਸ 'ਤੇ ਕੁਝ ਨਹੀਂ ਕਿਹਾ। ਇਹ ਸਪੱਸ਼ਟ ਹੈ ਕਿ ਬਾਦਲ ਪਰਿਵਾਰ ਆਪਣੇ ਫਾਇਦੇ ਲਈ ਕਿਸਾਨਾਂ ਨਾਲ ਖੜਾ ਹੈ।
ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਵੀ ਇਸ ਆਰਡੀਨੈਂਸ 'ਤੇ ਕੁਝ ਨਹੀਂ ਕਰ ਰਹੀ, ਜਿਸ ਤੋਂ ਸਾਫ ਜ਼ਾਹਰ ਹੁੰਦਾ ਹੈ ਕਿ ਸਾਰੇ ਇਕ ਦੂਜੇ ਨਾਲ ਮਿਲੇ ਹੋਏ ਹਨ।
ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਉਹ ਖੁਸ਼ ਹਨ ਕਿ ਹੁਣ ਲੋਕ ਆਵਾਜ਼ ਬੁਲੰਦ ਕਰ ਰਹੇ ਹਨ ਅਤੇ ਸਰਕਾਰ ਤੱਕ ਆਪਣੀ ਆਵਾਜ਼ ਪਹੁੰਚਾਉਣ ਲਈ ਖੁਦ ਸੜਕਾਂ 'ਤੇ ਆ ਗਏ ਹਨ।