ਸੰਗਰੂਰ: ਅੱਜ ਐਤਵਾਰ ਨੂੰ ਪਟਿਆਲਾ 'ਚ ਈਟੀਟੀ ਅਤੇ ਟੈੱਟ ਪਾਸ ਅਧਿਆਪਕਾਂ ਵੱਲੋਂ ਮਾਰਚ ਕੱਢਿਆ ਜਾ ਰਿਹਾ ਸੀ, ਜਿਸ ਦੌਰਾਨ ਪੁਲਿਸ ਨੇ ਅਧਿਆਪਕਾਂ 'ਤੇ ਲਾਠੀਚਾਰਜ ਕਰ ਦਿੱਤਾ। ਇਸ ਲਾਠੀਚਾਰਜ ਦੀ ਨਿਖੇਧੀ ਕਰਦਿਆਂ ਵਿਰੋਧੀ ਧਿਰ ਦੇ ਨੇਤਾ ਅਤੇ ਆਪ ਵਿਧਾਇਕ ਹਰਪਾਲ ਚੀਮਾ ਨੇ ਕਿਹਾ ਕਿ ਮਹਿਲਾ ਦਿਵਸ ਮੌਕੇ ਬੇਰੁਜ਼ਗਾਰ ਮਹਿਲਾਵਾਂ ਆਪਣੇ ਹੱਕ ਦੇ ਲਈ ਧਰਨਾ ਪ੍ਰਦਰਸ਼ਨ ਕਰ ਰਹੀਆਂ ਸਨ ਪਰ ਪੁਲਿਸ ਨੇ ਉਨ੍ਹਾਂ ਉੱਤੇ ਲਾਠੀਆਂ ਬਰਸਾਈਆਂ, ਇਸ ਤੋਂ ਵੱਡੀ ਸ਼ਰਮਨਾਕ ਗੱਲ ਕੋਈ ਹੋਰ ਨਹੀਂ ਹੋ ਸਕਦੀ।
ਉਨ੍ਹਾਂ ਨੇ ਕਿਹਾ ਕਿ ਬੇਰੁਜ਼ਗਾਰ ਅਧਿਆਪਕ ਆਪਣੀ ਮੰਗਾਂ ਨੂੰ ਲੈ ਕੇ ਸ਼ਾਂਤਮਈ ਢੰਗ ਦੇ ਨਾਲ ਧਰਨਾ ਪ੍ਰਦਰਸ਼ਨ ਕਰ ਰਹੇ ਸਨ, ਜਿਸ ਤੋਂ ਬਾਅਦ ਉਨ੍ਹਾਂ ਉੱਤੇ ਲਾਠੀਚਾਰਜ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਵਿੱਚ ਮੁੱਖ ਮੰਤਰੀ ਕਹਿ ਰਹੇ ਹਨ ਕਿ ਉਨ੍ਹਾਂ ਨੇ 10 ਲੱਖ ਤੋਂ ਵੱਧ ਨੌਕਰੀਆਂ ਪੰਜਾਬ ਦੇ ਨੌਜਵਾਨਾਂ ਨੂੰ ਦੇ ਦਿੱਤੀਆਂ ਪਰ ਉਨ੍ਹਾਂ ਨੂੰ ਕਿਸੇ ਵੀ ਜਗ੍ਹਾ ਨੌਜਵਾਨਾਂ ਨੂੰ ਦਿੱਤੀਆਂ ਨੌਕਰੀਆਂ ਨਹੀਂ ਦਿਖ ਰਹੀਆਂ।
ਇਹ ਵੀ ਪੜੋ: ਮੋਤੀ ਮਹਿਲ ਨੇੜੇ ਬੇਰੁਜ਼ਗਾਰ ਅਧਿਆਪਕਾਂ 'ਤੇ ਪੁਲਿਸ ਨੇ ਵਰ੍ਹਾਈਆਂ ਡਾਂਗਾਂ
ਉਨ੍ਹਾਂ ਕਿਹਾ ਕਿ ਜਿਸ ਤਰੀਕੇ ਦੇ ਨਾਲ ਪੰਜਾਬ ਦੇ ਵਿੱਚ ਹਰ ਵਰਗ ਆਪਣੀ ਨੌਕਰੀ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਕਰ ਰਿਹਾ ਹੈ। ਉਸ ਤੋਂ ਸਾਫ ਨਜ਼ਰ ਆ ਰਿਹਾ ਹੈ ਕਿ ਪੰਜਾਬ ਧਰਨਿਆਂ ਵਾਲਾ ਸੂਬਾ ਬਣ ਕੇ ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਅਤੇ ਸਰਕਾਰ ਨੂੰ ਜਲਦ ਤੋਂ ਜਲਦ ਬੇਰੁਜ਼ਗਾਰ ਅਧਿਆਪਕਾਂ ਦੀ ਗੱਲ ਸੁਣਨੀ ਚਾਹੀਦੀ ਹੈ ਅਤੇ 50 ਹਜ਼ਾਰ ਅਸਾਮੀਆਂ ਜੋ ਕਿ ਖਾਲੀ ਹਨ ਉਨ੍ਹਾਂ ਉੱਤੇ ਤੁਰੰਤ ਭਰਤੀ ਕਰਨੀ ਚਾਹੀਦੀ ਹੈ ।