ਸੰਗਰੂਰ: ਸ਼ਹਿਰ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਹਰਪਾਲ ਚੀਮਾ ਨੇ ਮੀਡੀਆ ਦੇ ਮੁਖ਼ਾਤਬ ਹੁੰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਨੀਤੀ ਬਾਰੇ ਖੁੱਲ੍ਹ ਕੇ ਬਿਆਨ ਸਾਂਝੇ ਕੀਤੇ।
ਹਲਕਾ ਦਿੜ੍ਹਬਾ ਤੋਂ ਵਿਧਾਇਕ ਹਰਪਾਲ ਚੀਮਾ ਨੇ ਕਿਹਾ ਕਿ ਜਿਸ ਤਰੀਕੇ ਨਾਲ ਸ੍ਰੀ ਗੁਰੂ ਗ੍ਰੰਥ ਸਹਿਬ ਜੀ ਦੀ ਬੇਅਦਬੀ ਕੀਤੀ ਗਈ ਸੀ ਅਤੇ ਇਸ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਸੀ ਪਰ ਹੁਣ ਤੱਕ ਇਹ ਮਹਿਸੂਸ ਕੀਤਾ ਜਾ ਰਿਹਾ ਹੈ ਕਿ ਕੈਪਟਨ ਸਰਕਾਰ ਦੋਸ਼ੀਆਂ ਨੂੰ ਫੜ੍ਹਨ ਵਿੱਚ ਅਸਫ਼ਲ ਰਹੀ ਹੈ ਪਰ ਇਹ ਵੀ ਮਹਿਸੂਸ ਕੀਤਾ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਅਤੇ ਅਕਾਲੀ ਦਲ ਖ਼ੁਦ ਇਨ੍ਹਾਂ ਦੋਸ਼ੀਆਂ ਨੂੰ ਬਚਾਉਣਾ ਚਾਹੁੰਦੇ ਹਨ, ਜਿਸ ਕਾਰਨ ਇਹ ਸਪੱਸ਼ਟ ਹੈ ਕਿ ਦੋਸ਼ੀ ਅਜੇ ਵੀ ਫੜਿਆ ਨਹੀਂ ਗਿਆ। ਇਸ ਮਾਮਲੇ ਦੇ ਅਜੇ ਤੱਕ ਲਟਕੇ ਹੋਣ ਨਾਲ ਕਈ ਸਵਾਲ ਖੜ੍ਹੇ ਹੋ ਜਾਂਦੇ ਹਨ।
ਚੀਮਾ ਨੇ ਕੈਪਟਨ ਅਤੇ ਅਕਾਲੀ ਦਲ 'ਤੇ ਹਮਲਾ ਕਰਦਿਆਂ ਕਿਹਾ ਕਿ ਇਹ ਦੋਵੇਂ ਇਕ ਹਨ ਅਤੇ ਦੋਵੇਂ ਆਪਣੇ ਹਿੱਤਾਂ ਦੀ ਗੱਲ ਕਰ ਰਹੇ ਹਨ। ਆਉਣ ਵਾਲੀਆਂ 2022 ਦੀਆਂ ਚੋਣਾਂ ਵਿੱਚ ਲੋਕ ਆਮ ਆਦਮੀ ਪਾਰਟੀ ਦੇ ਹੱਥ ਵਿੱਚ ਸੱਤਾ ਦੇ ਕੇ ਦੱਸ ਦੇਣਗੇ ਕਿ ਉਹ ਇਨ੍ਹਾਂ ਪਾਰਟੀਆਂ ਤੋਂ ਅੱਕ ਚੁੱਕੇ ਹਨ।
ਕਿਸਾਨ ਆਰਡੀਨੈਂਸ ਬਾਰੇ ਅਕਾਲੀ ਦਲ ਦੀ ਭੂਮਿਕਾ 'ਤੇ ਸਵਾਲ ਚੁੱਕਦਿਆਂ ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਇੱਕ ਪਾਸੇ ਤਾਂ ਪੰਜਾਬ ਵਿੱਚ ਅਕਾਲੀ ਦਲ ਇਸ ਐਕਟ ਦਾ ਵਿਰੋਧ ਕਰ ਰਿਹਾ ਹੈ ਉੱਥੇ ਹੀ ਹਰਸਿਮਰਤ ਬਾਦਲ ਇਸ ਦੇ ਹੱਕ ਵਿੱਚ ਭੁਗਤਦੇ ਹਨ। ਲੋਕਾਂ ਨੇ ਇਨ੍ਹਾਂ ਦੀ ਸਿਆਸਤ ਨੂੰ ਸਮਝ ਲਿਆ ਹੈ ਅਤੇ ਹੁਣ ਲੋਕ ਹੀ ਇਸ ਸਿਆਸਤ ਦਾ ਜਵਾਬ ਦੇਣਗੇ।