ਸੰਗੂਰਰ: ਦਿੱਲੀ ਦੇ ਵਿੱਚ ਆਮ ਆਦਮੀ ਪਾਰਟੀ ਦੇ ਕੰਮਾਂ ਨੂੰ ਲੈ ਕੇ ਹੀ ਮੁੜ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਜਿਸ ਨੂੰ ਦੇਖਦੇ ਹੋਏ ਪੰਜਾਬ ਦੇ ਵਿੱਚ ਵੀ ਹੁਣ ਕੰਮਾਂ ਨੂੰ ਲੈ ਕੇ ਹੀ ਵੋਟ ਮੰਗੀ ਜਾਵੇਗੀ। ਇਹ ਕਹਿਣਾ ਹੈ ਵਿਰੋਧੀ ਧਿਰ ਦੇ ਨੇਤਾ ਤੇ ਆਪ ਦੇ ਵਿਧਾਇਕ ਹਰਪਾਲ ਚੀਮਾ ਦਾ।
ਮੰਗਲਵਾਰ ਨੂੰ ਮੀਡੀਆ ਨਾਲ ਗੱਲ ਕਰਦਿਆ ਹਰਪਾਲ ਚੀਮਾ ਨੇ ਕਿਹਾ ਕਿ ਦਿੱਲੀ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਕੀਤੇ ਹੋਏ ਵਾਅਦਿਆਂ ਨੂੰ ਪੂਰਾ ਕਰਨ 'ਤੇ ਬਣੀ ਹੈ ਅਤੇ ਆਮ ਆਦਮੀ ਪਾਰਟੀ ਨੇ ਧਰਮ ਤੋਂ ਉੱਠ ਕੇ ਇਨ੍ਹਾਂ ਚੋਣਾਂ ਨੂੰ ਜਿੱਤਿਆ ਹੈ। ਆਮ ਆਦਮੀ ਪਾਰਟੀ ਨੇ ਧਰਮ ਦੀ ਰਾਜਨੀਤੀ ਨੂੰ ਨਾ ਅਪਣਾਉਂਦੇ ਹੋਏ ਵਿਕਾਸ ਦੀ ਨੀਤੀ ਤਹਿਤ ਲੋਕਾਂ ਨੂੰ ਸਹੂਲਤਾਂ ਮੁਹੱਈਆ ਕਰਵਾਈਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਪੰਜਾਬ ਦੇ ਵਿੱਚ ਦਿੱਲੀ ਮਾਡਲ ਤਹਿਤ ਲੋਕਾਂ ਤੋਂ ਵੋਟਾਂ ਮੰਗੀਆਂ ਜਾਣਗੀਆਂ। ਦਿੱਲੀ ਦੇ ਵਿੱਚ ਹੋਏ ਵਿਕਾਸ ਨੂੰ ਦਿਖਾ ਕੇ ਪੰਜਾਬ ਦੇ ਵਿੱਚ ਸਰਕਾਰ ਬਣਾਏਗੀ।
ਉਥੇ ਹੀ ਹਰਪਾਲ ਚੀਮਾ ਨੇ ਜਰਨੈਲ ਸਿੰਘ ਨੂੰ ਪੰਜਾਬ ਇੰਚਾਰਜ ਬਣਾਉਣ ਬਾਰੇ ਕਿਹਾ ਕਿ ਪਾਰਟੀ ਦੇ ਵਿੱਚ ਜੋ ਲੋਕ ਰੁੱਸੇ ਹੋਏ ਹਨ, ਉਨ੍ਹਾਂ ਨੂੰ ਮਨਾਇਆ ਜਾਵੇਗਾ ਅਤੇ ਇਸ ਦੇ ਨਾਲ ਹੀ ਜਰਨੈਲ ਸਿੰਘ ਦਾ ਕੰਮ ਪਾਰਟੀ ਨੂੰ ਪੰਜਾਬ ਦੇ ਵਿੱਚ ਅੱਗੇ ਕਿਵੇਂ ਵਧਾਉਣਾ ਹੈ ਦੇਖਣਾ ਹੋਵੇਗਾ।
ਇਸ ਦੇ ਨਾਲ ਹੀ 200 ਕਰੋੜ ਦੀਆਂ ਨਸ਼ਾ ਹਟਾਓ ਗੋਲੀਆਂ ਦਾ ਗਾਇਬ ਹੋਣ 'ਤੇ ਉਨ੍ਹਾਂ ਨੇ ਬਲਬੀਰ ਸਿੱਧੂ ਅਤੇ ਉਨ੍ਹਾਂ ਦੇ ਵਿਭਾਗ ਨੂੰ ਦੋਸ਼ੀ ਠਹਿਰਾਇਆ ਅਤੇ ਉਨ੍ਹਾਂ ਨੇ ਮੰਗ ਕੀਤੀ ਕਿ ਇਸ ਦੀ ਸੀਬੀਆਈ ਜਾਂਚ ਹੋਣੀ ਚਾਹੀਦੀ ਹੈ ਅਤੇ ਇਸ ਦੇ ਨਾਲ ਹੀ ਬਲਬੀਰ ਸਿੱਧੂ ਨੂੰ ਉਨ੍ਹਾਂ ਦੀ ਸੇਵਾ ਤੋਂ ਬਰਖ਼ਾਸਤ ਕਰਨਾ ਚਾਹੀਦਾ ਹੈ।
ਉਥੇ ਹੀ ਸ਼੍ਰੋਮਣੀ ਅਕਾਲੀ ਦਲ 'ਤੇ ਵਾਰ ਕਰਦੇ ਹੋਏ ਹਰਪਾਲ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਵਜੂਦ ਪੰਜਾਬ ਦੇ ਵਿੱਚ ਖ਼ਤਮ ਹੋ ਚੁੱਕਿਆ ਹੈ ਅਤੇ ਹੁਣ ਉਹ ਸਿਰਫ ਐੱਸਜੀਪੀਸੀ ਨਾਲ ਮਿਲ ਕੇ ਗੋਲਕਾਂ ਦੀ ਰਾਜਨੀਤੀ ਕਰ ਰਹੀ ਹੈ ਅਤੇ ਐਸਜੀਪੀਸੀ ਦੀਆਂ ਚੋਣਾਂ ਵੀ ਇਸੇ ਕਰਕੇ ਨਹੀਂ ਹੋ ਰਹੀਆਂ ਕਿਉਂਕਿ ਅਕਾਲੀ ਦਲ ਅਤੇ ਕੇਂਦਰ ਸਰਕਾਰ ਇੱਕ ਮੁੱਕ ਹਨ।
ਇਹ ਵੀ ਪੜੋ: ਪੰਜਾਬ ਬਜਟ ਸੈਸ਼ਨ: ਕਾਂਗਰਸੀ ਵਿਧਾਇਕਾਂ ਨੇ ਆਪਣੀ ਹੀ ਸਰਕਾਰ ਨੂੰ ਘੇਰਿਆ
ਉਥੇ ਹੀ ਨਵਜੋਤ ਸਿੱਧੂ 'ਤੇ ਬੋਲਦੇ ਹੋਏ ਹਰਪਾਲ ਚੀਮਾ ਨੇ ਕਿਹਾ ਕਿ ਨਵਜੋਤ ਸਿੱਧੂ ਅਤੇ ਉਸ ਦੀ ਪਤਨੀ ਕਾਂਗਰਸ ਦੇ ਵਿੱਚ ਹਨ ਅਤੇ ਜਦੋਂ ਤੱਕ ਉਹ ਆਪਣੀ ਪਾਰਟੀ ਤੋਂ ਅਸਤੀਫਾ ਨਹੀਂ ਦੇ ਦਿੰਦੇ, ਉਦੋਂ ਤੱਕ ਕਿਸੇ ਵੀ ਤਰ੍ਹਾਂ ਦਾ ਕੋਈ ਵਿਚਾਰ ਨਹੀਂ ਕੀਤਾ ਜਾ ਸਕਦਾ।