ਲਹਿਰਾਗਾਗਾ: ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਲਹਿਰਾਗਾਗਾ ਦੇ ਪਿੰਡ ਗੁਲੜੀ ਪਹੁੰਚੇ। ਇਸ ਮੌਕੇ ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਰੜੇ ਹੱਥੀ ਲੈਂਦਿਆਂ ਕਿਹਾ ਕਿ ਉਹ ਖ਼ੁਦ ਤਾਂ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨ ਲਈ ਆਪਣੇ ਘਰ ਤੋਂ ਬਾਹਰ ਨਹੀਂ ਆ ਰਹੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸੂਬੇ 'ਚ ਸਿਹਤ ਸਹੂਲਤਾਂ ਦਾ ਬੁਰਾ ਹਾਲ ਹੈ। ਉਨ੍ਹਾਂ ਕਿਹਾ ਕਿ ਕਾਰੋਬਾਰੀ ਲੋਕ ਵੀ ਪਰੇਸ਼ਾਨ ਹਨ।
ਉਧਰ ਦੂਜੇ ਪਾਸੇ ਪੰਜਾਬ ਦੇ ਹਸਪਤਾਲਾਂ ਬਾਰੇ ਬੋਲਦੇ ਹੋਏ ਚੰਦੂਮਾਜਰਾ ਨੇ ਕਿਹਾ ਕਿ ਹਸਪਤਾਲਾਂ ਦੀ ਹਾਲਤ ਤਰਸਯੋਗ ਹੈ ਅਤੇ ਲੋਕਾਂ ਨੂੰ ਹਸਪਤਾਲਾਂ ਵਿੱਚ ਲੋੜੀਂਦੀਆਂ ਸਹੂਲਤਾਂ ਵੀ ਨਹੀਂ ਮਿਲ ਰਹੀਆਂ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਲਾਜ ਦੀ ਘਾਟ ਕਾਰਨ ਲੋਕ ਕੋਰੋਨਾ ਨਾਲ ਮਰ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਹਸਪਤਾਲਾਂ ਵਿੱਚ ਇਲਾਜ ਦੇ ਨਾਂਅ 'ਤੇ ਲੋਕਾਂ ਨੂੰ ਲੁੱਟਿਆ ਜਾ ਰਿਹਾ ਹੈ। ਪੰਜਾਬ ਵਿੱਚ ਲਗਾਏ ਗਏ ਕਰਫ਼ਿਊ ਬਾਰੇ ਬੋਲਦਿਆਂ, ਉਨ੍ਹਾਂ ਕਿਹਾ ਕਿ ਰਾਤ ਨੂੰ ਲਗਾਏ ਗਏ ਕਰਫਿਊ ਦਾ ਕੀ ਅਰਥ ਹੈ। ਉਨ੍ਹਾਂ ਕਿਹਾ ਕਿ ਜੇਕਰ ਕਰਫ਼ਿਊ ਲਾਉਣਾ ਹੈ ਤਾਂ ਸ਼ੁੱਕਰਵਾਰ, ਸ਼ਨੀਵਾਰ ਅਤੇ ਐਤਵਾਰ ਨੂੰ ਲਗਾਇਆ ਜਾਵੇ।
ਜ਼ਹਿਰੀਲੀ ਸ਼ਰਾਬ ਮਾਮਲੇ 'ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਜ਼ਹਿਰੀਲੀ ਸ਼ਰਾਬ ਨਾਲ 120 ਤੇਂ ਵੱਧ ਮੌਤਾਂ ਹੋ ਚੁੱਕੀਆਂ ਹਨ, ਪਰ ਕੋਈ ਪੁੱਛਣ ਵਾਲਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇੰਨਾ ਵੱਡਾ ਜਾਅਲੀ ਸ਼ਰਾਬ ਦਾ ਕਾਰੋਬਾਰ ਕਿਸੇ ਵੱਡੇ ਆਗੂ ਦੇ ਸਹਿਯੋਗ ਤੋਂ ਬਿਨ੍ਹਾਂ ਨਹੀਂ ਚਲਾਇਆ ਜਾ ਸਕਦਾ।