ਮਾਨਸਾ: ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ ਮੁਸਲਿਮ ਭਾਈਚਾਰੇ ਨੇ ਮਾਨਸਾ ਸ਼ਹਿਰ ਵਿੱਚ ਕਾਲੀਆਂ ਪੱਟੀਆਂ ਲਾ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਉਨ੍ਹਾਂ ਦੇ ਰੋਸ ਪ੍ਰਦਰਸ਼ਨ ਵਿੱਚ ਮਾਨਸਾ ਦੀਆਂ ਹੋਰ ਵੀ ਸੰਘਰਸ਼ਸ਼ੀਲ ਜਥੇਬੰਦੀਆਂ ਨੇ ਸਮਰਥਨ ਕੀਤਾ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਮੁਸਲਿਮ ਫਰੰਟ ਦੇ ਲੋਕਾਂ ਨੇ ਕਿਹਾ ਕਿ ਜੇ ਛੇਤੀ ਹੀ ਕੇਂਦਰ ਸਰਕਾਰ ਨੇ ਨਾਗਰਿਕਤਾ ਸੋਧ ਕਾਨੂੰਨ ਵਾਪਿਸ ਨਾ ਲਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਮੁਸਲਿਮ ਫ਼ਰੰਟ ਪੰਜਾਬ ਦੇ ਪ੍ਰਧਾਨ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਨਾਗਰਿਕਤਾ ਸੋਧ ਬਿੱਲ ਲਿਆ ਕੇ ਸਿੱਖ ਅਤੇ ਮੁਸਲਿਮ ਭਾਈਚਾਰੇ ਅਤੇ ਹਿੰਦੂ ਭਾਈਚਾਰੇ ਦੇ ਵਿੱਚ ਵਿਰੋਧਤਾ ਪੈਦਾ ਕਰਨ ਦੀ ਨੀਤੀ ਅਪਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇ ਕੇਂਦਰ ਸਰਕਾਰ ਵੱਲੋਂ ਇਸ ਕਾਨੂੰਨ ਨੂੰ ਵਾਪਿਸ ਨਾ ਲਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉੱਥੇ ਹੀ ਵਿਦਿਆਰਥੀ ਆਗੂ ਨਵਕਿਰਨ ਕੌਰ ਨੱਤ ਨੇ ਵੀ ਮਾਨਸਾ ਵਿਖੇ ਮੁਸਲਿਮ ਫਰੰਟ ਦੇ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋ ਕੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਜਾ ਰਹੇ ਐਨਆਰਸੀ, ਸੀਏਏ, ਐੱਨਪੀਆਰ ਦਾ ਵੀ ਵਿਰੋਧ ਕੀਤਾ।
ਇਹ ਵੀ ਪੜੋ: ਵਿਧਾਇਕ ਦਲ ਦੇ ਆਗੂ ਵਜੋਂ ਪਰਮਿੰਦਰ ਢੀਂਡਸਾ ਦਾ ਅਸਤੀਫ਼ਾ ਮਨਜ਼ੂਰ, ਸ਼ਰਨਜੀਤ ਢਿੱਲੋਂ ਨੂੰ ਸੌਂਪੀ ਕਮਾਨ
ਉਨ੍ਹਾਂ ਕਿਹਾ ਕਿ ਮੋਦੀ ਅਤੇ ਅਮਿਤ ਸ਼ਾਹ ਦੀ ਜੋੜੀ ਵੱਲੋਂ ਦੇਸ਼ ਭਰ ਵਿੱਚ ਆਪਸੀ ਭਾਈਚਾਰੇ ਨੂੰ ਤੋੜਿਆ ਜਾ ਰਿਹਾ ਹੈ, ਜਦੋਂ ਕਿ ਭਾਰਤ ਇੱਕ ਅਜਿਹਾ ਦੇਸ਼ ਹੈ, ਜਿੱਥੇ ਸਭ ਧਰਮਾਂ ਦਾ ਸਤਿਕਾਰ ਕੀਤਾ ਜਾਂਦਾ ਹੈ ਅਤੇ ਹਰ ਇਕ ਧਰਮ ਦੇ ਨਾਲ ਸਬੰਧਿਤ ਲੋਕ ਰਹਿੰਦੇ ਹਨ ਪਰ ਕੇਂਦਰ ਦੀ ਮੋਦੀ ਸਰਕਾਰ ਦੇਸ਼ ਦਾ ਮਾਹੌਲ ਖ਼ਰਾਬ ਕਰਕੇ ਅਜਿਹੇ ਕਾਨੂੰਨ ਲਿਆਉਣਾ ਚਾਹੁੰਦੀ ਹੈ ਜੋ ਕਿ ਆਪਸੀ ਭਾਈਚਾਰੇ ਵਿੱਚ ਕੱਟੜਤਾ ਪੈਦਾ ਕਰੇਗਾ।