ਸੰਗਰੂਰ: ਪੰਜਾਬ ਸਰਕਾਰ ਖ਼ਿਲਾਫ਼ ਬੇਰੁਜ਼ਗਾਰ ਬੀ.ਐਡ. ਟੈਟ ਪਾਸ ਅਧਿਆਪਕਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਅਧਿਆਪਕ ਆਪਣੀਆਂ ਮੰਗਾਂ ਨੂੰ ਲੈਕੇ ਸੰਗਰੂਰ ਦੇ ਸਿਵਲ ਹਸਪਤਾਲ ਵਿੱਚ ਬਣੀ ਪਾਣੀ ਵਾਲੀ ਟੈਂਕੀ ‘ਤੇ ਚੜ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਹਨ। ਮੁਨੀਸ਼ ਨਾਮ ਦਾ ਬੇਰੁਜ਼ਗਾਰ ਅਧਿਆਪਕ ਟੈਂਕੀ ‘ਤੇ ਚੜ੍ਹ ਕੇ ਪੰਜਾਬ ਸਰਕਾਰ ਤੋਂ ਆਪਣੇ ਹੱਕਾਂ ਦੀ ਮੰਗ ਕਰ ਰਿਹਾ ਹੈ।
ਇਸ ਮੌਕੇ ਮੁਨੀਸ਼ ਦੇ ਸਾਥੀਆਂ ਵੱਲੋਂ ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਖ਼ਿਲਾਫ਼ ਜ਼ੋਰਦਾਰ ਨਆਰੇਬਾਜ਼ੀ ਕਰਕੇ ਆਪਣੀ ਰੋਸ ਜਾਹਿਰ ਕੀਤਾ ਜਾ ਰਿਹਾ ਹੈ। ਮੀਡੀਆ ਨਾਲ ਗੱਲਬਾਤ ਦੌਰਾਨ ਗਗਨਦੀਪ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਨਾਲ ਵਾਅਦਾ ਖ਼ਿਲਾਫ਼ੀ ਕੀਤੀ ਹੈ।
ਗਗਨਦੀਪ ਕੌਰ ਨੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ‘ਤੇ ਇਲਜ਼ਾਮ ਲਗਾਏ ਹਨ ਕਿ ਸਿੱਖਿਆ ਮੰਤਰੀ ਉਨ੍ਹਾਂ ਦੀਆਂ ਮੰਗਾਂ ਮੰਨਣ ਦੇ ਲਈ ਕਈ ਵਾਰ ਵਾਅਦੇ ਕਰ ਚੁੱਕੇ ਹਨ, ਪਰ ਹਰ ਵਾਰ ਆਪਣੇ ਵਾਅਦੇ ਤੋਂ ਮੁਕਰ ਜਾਂਦੇ ਹਨ। ਜਿਸ ਕਰਕੇ ਉਹ ਕਾਫ਼ੀ ਸਮੇਂ ਤੋਂ ਸੰਘਰਸ਼ ਕਰਨ ਦੇ ਲਈ ਮਜ਼ਬੂਰ ਹਨ।
ਉਨ੍ਹਾਂ ਨੇ ਕਿਹਾ ਕਿ ਸਿੱਖਿਆ ਮੰਤਰੀ ਨੇ ਪਿਛਲੇ ਸਾਢੇ ਚਾਰ ਸਾਲਾਂ ਤੋਂ ਬੀਐਡ ਟੈਟ ਪਾਸ ਅਧਿਆਪਕਾਂ ਦਾ ਕੋਈ ਹੱਲ ਨਹੀਂ ਕੀਤਾ। ਜਿਸ ਦੇ ਵਿਰੋਧ ਵਿੱਚ ਇਨ੍ਹਾਂ ਪ੍ਰਦਰਸ਼ਨਕਾਰੀਆਂ ਵੱਲੋਂ ਵੱਖ-ਵੱਖ ਥਾਵਾਂ ‘ਤੇ ਸਿੱਖਿਆ ਮੰਤਰੀ ਦਾ ਵਿਰੋਧ ਕੀਤਾ ਜਾ ਰਿਹਾ ਹੈ।
ਉਨ੍ਹਾਂ ਨੇ ਕਿਹਾ ਕਿ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਸਾਡੇ ਨਾਲ ਗੱਲ ਕਰਨ ਦੀ ਬਜ਼ਾਏ ਸਾਡੇ ਨਾਲ ਗਾਲੀ-ਗਲੋਚ ਕੀਤਾ ਜਾਦਾ ਹੈ ਤੇ ਸਾਨੂੰ ਜ਼ਬਰਦਸਤੀ ਚੁੱਕ ਕੇ ਥਾਣਿਆ ਵਿੱਚ ਬੰਦ ਕੀਤਾ ਜਾਦਾ ਹੈ। ਉਨ੍ਹਾਂ ਨੇ ਕਿਹਾ ਕਿ ਪੁਲਿਸ ਸਿੱਖਿਆ ਮੰਤਰੀ ਦੇ ਕਹਿਣ ‘ਤੇ ਪ੍ਰਦਰਸ਼ਨ ਕਰ ਰਹੀਆਂ ਕੁੜੀਆ ਨੂੰ ਵੀ ਸਾਰੀ-ਸਾਰੀ ਰਾਤ ਥਾਣਿਆ ਵਿੱਚ ਬੰਦ ਰੱਖਦੀ ਹੈ।
ਇਹ ਵੀ ਪੜ੍ਹੋ: DC ਦਫ਼ਤਰ ਦੇ ਬਾਹਰ ਵਿਅਕਤੀ ਵੱਲੋਂ ਆਪਣੇ ਆਪ ਨੂੰ ਅੱਗ ਲਗਾਉਣ ਦੀ ਕੋਸ਼ਿਸ਼ !