ਸੰਗਰੂਰ: ਜਿੱਥੇ ਪੂਰੇ ਦੇਸ਼ ਵਿੱਚ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕੀਤਾ ਜਾ ਰਿਹਾ ਹੈ, ਉਥੇ ਹੀ ਇਸ ਕਾਨੂੰਨ ਦੇ ਵਿਰੋਧ ਨੂੰ ਲੈ ਕੇ 3 ਜਨਵਰੀ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ, ਜਿਸ ਨੂੰ ਲੈ ਕੇ ਜ਼ਿਆਦਾ ਮੁਸਲਿਮ ਆਬਾਦੀ ਵਾਲਾ ਸ਼ਹਿਰ ਮਲੇਰਕੋਟਲਾ ਸ਼ੁੱਕਰਵਾਰ ਨੂੰ ਪੂਰਨ ਤੌਰ 'ਤੇ ਬੰਦ ਦਿਖਾਈ ਦਿੱਤਾ। ਉੱਥੇ ਹੀ ਸ਼ਹਿਰ ਵਿੱਚ ਵੱਡੀ ਗਿਣਤੀ ਦੇ ਵਿੱਚ ਸਾਰੇ ਧਰਮਾਂ ਦੇ ਲੋਕਾਂ ਨੇ ਇਕੱਠੇ ਹੋ ਕੇ ਰੋਸ ਮਾਰਚ ਕੱਢਿਆ। ਇਸ ਰੋਸ ਮਾਰਚ ਨੂੰ ਜੇਐਨਯੂ ਦੇ ਸਾਬਕਾ ਵਿਦਿਆਰਥੀ ਉਮਰ ਖਾਲਿਦ ਨੇ ਸੰਬੋਧਨ ਕੀਤਾ।
ਮਲੇਰਕੋਟਲਾ ਸ਼ਹਿਰ ਵਿੱਚ ਜਿੱਥੇ ਹਮੇਸ਼ਾ ਹੀ ਆਪਸੀ ਭਾਈਚਾਰਕ ਸਾਂਝ ਦਿਖਾਈ ਦਿੰਦੀ ਹੈ, ਉਥੇ ਸ਼ੁੱਕਰਵਾਰ ਨੂੰ ਇੱਕ ਵਾਰ ਫਿਰ ਦੇਸ਼ ਅੰਦਰ ਨਵੇਂ ਬਣੇ ਕਾਨੂੰਨ ਦਾ ਵਿਰੋਧ ਕੀਤਾ ਗਿਆ, ਜਿੱਥੇ ਸਾਰੇ ਧਰਮਾਂ ਦੇ ਲੋਕਾਂ ਨੇ ਆਪਣਾ-ਆਪਣਾ ਕਾਰੋਬਾਰ ਬੰਦ ਕਰਕੇ ਇਸ ਨਵੇਂ ਬਣੇ ਕਾਨੂੰਨ ਦਾ ਵਿਰੋਧ ਕਰਨ ਦੇ ਨਾਲ ਸ਼ਹਿਰ ਵਿੱਚ ਰੋਸ ਮਾਰਚ ਵੀ ਕੱਢਿਆ ਗਿਆ ਅਤੇ ਸੱਟਾ ਚੌਕ ਕੋਲ ਜਾ ਕੇ ਇਨ੍ਹਾਂ ਲੋਕਾਂ ਨੂੰ ਉਮਰ ਖਾਲਿਦ ਨੇ ਸੰਬੋਧਿਤ ਕੀਤਾ।
ਇਸ ਮੌਕੇ ਉਮਰ ਖਾਲਿਦ ਨੇ ਕਿਹਾ ਕਿ ਉਹ ਪਹਿਲਾਂ ਤਾਂ ਸਾਰੇ ਧਰਮਾਂ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਅੱਜ ਮੁਸਲਿਮ ਭਾਈਚਾਰੇ ਦਾ ਇਸ ਕਾਨੂੰਨ ਦੇ ਖ਼ਿਲਾਫ਼ ਵਿਰੋਧ ਕਰਨ ਦੇ ਵਿੱਚ ਮਦਦ ਕੀਤੀ ਤੇ ਸਾਥ ਦਿੱਤਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਕਜੁੱਟ ਹੋ ਕੇ ਇਸ ਦਾ ਲਗਾਤਾਰ ਵਿਰੋਧ ਕਰਨਾ ਚਾਹੀਦਾ ਹੈ ਅਤੇ ਕੇਂਦਰ ਦੀ ਸਰਕਾਰ ਨੂੰ ਚਾਹੀਦਾ ਹੈ ਕਿ ਤੁਰੰਤ ਇਸ ਨਵੇਂ ਬਣੇ ਕਾਨੂੰਨ ਨੂੰ ਵਾਪਸ ਲਵੇ।
ਇਹ ਵੀ ਪੜੋ: ਵਿਧਾਇਕ ਦਲ ਦੇ ਆਗੂ ਵਜੋਂ ਪਰਮਿੰਦਰ ਢੀਂਡਸਾ ਦਾ ਅਸਤੀਫ਼ਾ ਮਨਜ਼ੂਰ, ਸ਼ਰਨਜੀਤ ਢਿੱਲੋਂ ਨੂੰ ਸੌਂਪੀ ਕਮਾਨ