ਸੰਗਰੂਰ : ਆਮ ਆਦਮੀ ਪਾਰਟੀ ਦੇ ਵਿਧਾਇਕ ਨਰਿੰਦਰ ਕੌਰ ਭਰਾਜ ਦੇ ਕਾਰਜਕਾਲ ਤੋਂ ਆਮ ਲੋਕ ਦੁਖੀ ਹੋ ਰਹੇ ਹਨ। ਵਿਕਾਸ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੀ ਸਰਕਾਰ ਫੇਲ੍ਹ ਸਾਬਤ ਹੋ ਰਹੀ ਹੈ। ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ ਇੱਕ ਸਾਲ ਤੋਂ ਵੱਧ ਦਾ ਸਮਾਂ ਹੋ ਚੁੱਕਿਆ ਹੈ ਰਾਜ ਕਰਦਿਆਂ ਨੂੰ ਇਕ ਸਾਲ ਪੂਰਾ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣਾ ਰਿਪੋਰਟ-ਕਾਰਡ ਪੇਸ਼ ਕੀਤਾ ਸੀ, ਜਿਸ ਵਿਚ ਉਨ੍ਹਾਂ ਨੇ ਦਾਅਵਾ ਕੀਤਾ ਸੀ ਕਿ ਜੋ ਲੋਕਾਂ ਨਾਲ ਵਾਅਦੇ ਕੀਤੇ ਹਨ ਉਹ ਕਾਫੀ ਹੱਦ ਤੱਕ ਅਸੀਂ ਪੂਰੇ ਕੀਤੇ ਹਨ ਅਤੇ ਜੋ ਰਹਿੰਦੇ ਹਨ ਉਨ੍ਹਾਂ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ।
ਸ਼ਹਿਰ ਵਿੱਚ ਨਹੀਂ ਹੋ ਰਿਹਾ ਵਿਕਾਸ ਦਾ ਕੰਮ : ਉਥੇ ਹੀ ਜੇਕਰ ਜ਼ਮੀਨੀ ਪੱਧਰ ਗੱਲ ਕੀਤੀ ਜਾਵੇ ਤਾਂ ਉਹ ਕੁਝ ਹੋਰ ਹੀ ਦਰਸਾਉਂਦੀ ਹੈ। ਭਗਵੰਤ ਮਾਨ ਦੇ ਜ਼ਿਲ੍ਹੇ ਸੰਗਰੂਰ ਸ਼ਹਿਰ ਵਿੱਚ ਆਮ ਲੋਕਾਂ ਨਾਲ ਗੱਲਬਾਤ ਕੀਤੀ ਗਈ ਤੇ ਉੱਥੇ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਾਰਜਕਾਲ ਦੌਰਾਨ ਹੁਣ ਤਕ ਕਿਸ ਤਰ੍ਹਾਂ ਦੇ ਕੰਮ ਕੀਤੇ ਹਨ। ਇਸ ਸਬੰਧੀ ਜਦੋਂ ਪੱਤਰਕਾਰਾਂ ਵੱਲੋਂ ਸ਼ਹਿਰ ਦਾ ਦੌਰਾ ਕੀਤਾ ਗਿਆ ਤਾਂ ਸੰਗਰੂਰ ਸ਼ਹਿਰ ਦੀਆਂ ਸੜਕਾਂ ਦਾ ਬੁਰਾ ਹਾਲ ਦੇਖਣ ਨੂੰ ਮਿਲਿਆ ਅਤੇ ਉਥੋਂ ਦੇ ਲੋਕਾਂ ਦਾ ਕਹਿਣਾ ਹੈ ਕਿ ਬੇਸ਼ੱਕ ਭਗਵੰਤ ਮਾਨ ਵੱਲੋਂ ਤਾਂ ਚੰਗੇ ਕੰਮ ਕੀਤੇ ਜਾ ਰਹੇ ਹਨ ਲੋਕਾਂ ਨੂੰ ਰੁਜ਼ਗਾਰ ਵੀ ਦਿੱਤਾ ਜਾ ਰਿਹਾ ਹੈ ਪਰ ਜੋ ਸੰਗਰੂਰ ਦੇ ਵਿਧਾਇਕ ਹਨ ਨਰਿੰਦਰ ਕੌਰ ਭਰਾਜ ਉਨ੍ਹਾਂ ਵੱਲੋਂ ਸ਼ਹਿਰ ਵਿੱਚ ਕਿਸੇ ਤਰ੍ਹਾਂ ਦਾ ਕੋਈ ਵੀ ਕੰਮ ਨਹੀਂ ਕੀਤਾ ਜਾ ਰਿਹਾ ਹੈ।
ਵਿਧਾਇਕਾ ਤੋਂ ਬਹੁਤ ਉਮੀਦਾਂ ਸੀ, ਪਰ ਉਹ ਖਰੇ ਨਹੀਂ ਉਤਰੇ : ਲੋਕਾਂ ਨੇ ਕਿਹਾ ਕਿ ਉਨ੍ਹਾਂ ਤੋਂ ਬਹੁਤ ਉਮੀਦਾਂ ਸਨ ਪਰ ਉਹ ਸਾਡੀਆਂ ਉਮੀਦਾਂ ਉੱਤੇ ਖਰੇ ਨਹੀਂ ਉਤਰੇ। ਸੰਗਰੂਰ ਸ਼ਹਿਰ ਦੀਆਂ ਸੜਕਾਂ ਦਾ ਬੁਰਾ ਹਾਲ ਹੈ ਸੜਕਾਂ ਵਿੱਚ ਬਹੁਤ ਵੱਡੇ-ਵੱਡੇ ਟੋਏ ਪਏ ਹੋਏ ਹਨ, ਜਿਸ ਕਾਰਨ ਰੋਜ਼ ਹੀ ਸੜਕ ਹਾਦਸੇ ਹੁੰਦੇ ਹਨ। ਵਿਧਾਇਕਾ ਨਰਿੰਦਰ ਕੌਰ ਭਰਾਜ ਖੁਦ ਵੀ ਇਸ ਰੋਡ ਤੋਂ ਨਿਕਲਦੇ ਹਨ, ਪਰ ਉਨ੍ਹਾਂ ਵੱਲੋਂ ਇਹ ਟੁੱਟੀਆਂ ਸੜਕਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਪਿੰਡ ਵਾਸੀਆਂ ਨੇ ਕਿਹਾ ਕਿ ਵਿਧਾਇਕਾ ਨੂੰ ਚਾਹੀਦਾ ਹੈ ਕਿ ਜਲਦੀ ਤੋਂ ਜਲਦੀ ਇਨ੍ਹਾਂ ਸੜਕਾਂ ਨੂੰ ਬਣਾਉਣ ਦਾ ਕੰਮ ਸ਼ੁਰੂ ਕਰਵਾਉਣ, ਜਿਸ ਤਰ੍ਹਾਂ ਲੋਕਾਂ ਨੇ ਉਹਨਾਂ ਉੱਤੇ ਵਿਸ਼ਵਾਸ ਜਤਾਇਆ ਸੀ ਉਹ ਲੋਕਾਂ ਦੇ ਵਿਸ਼ਵਾਸ਼ ਉਤੇ ਖਰੇ ਉੱਤਰਨ।