ਸੰਗਰੂਰ: ਸ਼ਹੀਦ ਊਧਮ ਸਿੰਘ ਮੈਮੋਰੀਅਲ ਦੀ ਉਸਾਰੀ ਦਾ ਕੰਮ ਚੱਲ ਰਿਹਾ ਹੈ, ਜਿਸ ਨੂੰ ਲੈ ਕੇ ਸ਼ਹੀਦ ਊਧਮ ਸਿੰਘ ਮਿਊਜ਼ੀਅਮ ਸੰਘਰਸ਼ ਕਮੇਟੀ ਦੀ ਮੀਟਿੰਗ ਸਥਾਨਕ ਤਾਜ ਪੈਲੇਸ ਵਿੱਚ ਹੋਈ। ਇਸ ਮੌਕੇ ਸ਼ਹੀਦ ਊਧਮ ਸਿੰਘ ਮਿਊਜ਼ੀਅਮ ਸੰਘਰਸ਼ ਕਮੇਟੀ ਵੱਲੋਂ ਸ਼ਹੀਦ ਮੈਮੋਰੀਅਲ ਦੇ ਨਿਰਮਾਣ ਕਾਰਜਾਂ 'ਤੇ ਤਸੱਲੀ ਪ੍ਰਗਟਾਈ ਹੈ।
ਇਸ ਮੌਕੇ ਪੰਜਾਬ ਸਰਕਾਰ ਵੱਲੋਂ ਅਤੇ ਕਾਂਗਰਸੀ ਹਲਕਾ ਇੰਚਾਰਜ ਦਾਮਨ ਬਾਜਵਾ ਵੱਲੋਂ ਸੰਘਰਸ਼ ਕਮੇਟੀ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਲੋਕਾਂ ਦੀ ਮੰਗ ਨੂੰ ਦੇਖਦੇ ਹੋਏ ਇਸ ਮੈਮੋਰੀਅਲ ਅੰਦਰ ਮਿਊਜ਼ੀਅਮ ਦੀ ਉਸਾਰੀ ਲਈ ਹਰੀ ਝੰਡੀ ਮਿਲ ਗਈ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਸ਼ਹੀਦ ਊਧਮ ਸਿੰਘ ਦੀਆਂ ਇਤਿਹਾਸਕ ਨਿਸ਼ਾਨੀਆਂ ਨੂੰ ਵੱਖੋ-ਵੱਖ ਥਾਵਾਂ ਤੋਂ ਇਕੱਠਾ ਕਰਕੇ ਮਿਊਜ਼ੀਅਮ ਵਿੱਚ ਸਥਾਪਿਤ ਕੀਤਾ ਜਾਵੇਗਾ। ਇਸ ਤਹਿਤ ਸ਼ਹੀਦ ਦੇ ਜੱਦੀ ਸ਼ਹਿਰ ਸੁਨਾਮ ਵਿਖੇ ਲੋਕਾਂ ਤੋਂ ਸ਼ਹੀਦ ਊਧਮ ਸਿੰਘ ਦੀਆਂ ਨਿਸ਼ਾਨੀਆਂ ਨੂੰ ਵੀ ਇਕੱਠਾ ਕਰਨ ਦਾ ਸਿਲਸਿਲਾ ਸ਼ੁਰੂ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: ਅਫ਼ਗ਼ਾਨ ਕੱਟੜਵਾਦੀਆਂ ਦੇ ਅੱਤਿਆਚਾਰ ਤੋਂ ਤੰਗ ਆਏ ਸਿੱਖਾਂ ਦਾ ਪਹਿਲਾ ਜੱਥਾ ਪੁੱਜਿਆ ਭਾਰਤ
ਇਸ ਮੌਕੇ ਸੰਘਰਸ਼ ਕਮੇਟੀ ਦੇ ਆਗੂ ਰਾਜਿੰਦਰ ਸਿੰਘ ਕੈਫੀ ਨੇ ਦੱਸਿਆ ਕੀ ਇਸ ਵਾਰ ਕੋਰੋਨਾ ਮਹਾਂਮਾਰੀ ਹੋਣ ਕਾਰਨ ਗੁਰਦੁਆਰਾ ਪਾਤਸ਼ਾਹੀ ਪਹਿਲੀ ਵਿਖੇ ਅਖੰਡ ਪਾਠ ਦੇ ਭੋਗ ਪਾਏ ਜਾਣਗੇ ਅਤੇ ਪ੍ਰਸ਼ਾਸਨ ਵੱਲੋਂ ਮਨਜੂਰੀ ਮਿਲਣ 'ਤੇ ਖੂਨਦਾਨ ਕੈਂਪ ਵੀ ਲਗਾਇਆ ਜਾਵੇਗਾ।