ਸੰਗਰੂਰ: ਆਪ ਪੰਜਾਬ ਨੇ ਸ਼੍ਰੀ ਹਰਮਿੰਦਰ ਸਾਹਿਬ ਵਿਖੇ 267 ਦੇ ਕਰੀਬ ਗੁੰਮ ਹੋਈਆਂ ਪਵਿੱਤਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੀੜਾਂ ਅਤੇ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਲੰਗਰ ਦੀ ਰਸਦ ਵਿੱਚ ਹੋਏ ਘਪਲੇ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਤੁਰੰਤ ਅਸਤੀਫ਼ਾ ਦੇਣ ਦੀ ਮੰਗ ਕੀਤੀ।
ਸ਼੍ਰੋਮਣੀ ਕਮੇਟੀ ਦੇ ਸਾਬਕਾ ਸਟਾਫ਼ ਮੈਂਬਰ ਵੱਲੋਂ ਪਵਿੱਤਰ ਸਰੂਪ ਗੁੰਮ ਹੋਣ ਦੇ ਮਾਮਲੇ 'ਤੇ ਲਗਾਏ ਗਏ ਗੰਭੀਰ ਇਲਜ਼ਾਮ ਕਿਸੇ ਵੱਡੀ ਸ਼ਾਜ਼ਿਸ ਵੱਲ ਇਸ਼ਾਰਾ ਕਰਦੇ ਹਨ। ਹਰਪਾਲ ਚੀਮਾ ਨੇ ਕਿਹਾ ਕਿ ਇਸ ਮਾਮਲੇ ਦੀ ਅਸਲੀਅਤ ਤੱਕ ਪਹੁੰਚਣ ਲਈ ਇਸ ਪੂਰੇ ਘਟਨਾਕ੍ਰਮ ਦੀ ਉੱਚ ਪੱਧਰੀ ਜਾਂਚ ਅਤਿ ਜ਼ਰੂਰੀ ਹੈ, ਤਾਂ ਕਿ ਅਸਲ ਸਚਾਈ ਲੋਕਾਂ ਦੇ ਸਾਹਮਣੇ ਆ ਸਕੇ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜਾ ਮਿਲ ਸਕੇ।
ਇਸ ਪੂਰੇ ਮਾਮਲੇ ਦੀ ਜਾਂਚ ਕੁੰਵਰ ਵਿਜੈ ਪ੍ਰਤਾਪ ਸਿੰਘ ਵਾਲੀ ਸਿੱਟ ਨੂੰ ਸੌਂਪ ਦੇਣੀ ਚਾਹੀਦੀ ਹੈ, ਕਿਉਂਕਿ ਉਹ ਪਹਿਲਾਂ ਤੋਂ ਹੀ ਪੰਜਾਬ ਅੰਦਰ ਹੋਈਆਂ ਸਾਰੀਆਂ ਬੇਅਦਬੀਆਂ ਦੇ ਮਾਮਲੇ ਦੀ ਜਾਂਚ ਕਰ ਰਹੇ ਹਨ। ਆਗੂਆਂ ਨੇ ਖ਼ਦਸ਼ਾ ਪ੍ਰਗਟ ਕੀਤਾ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਅੰਦਰ ਜੋ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਵੱਡੇ ਪੱਧਰ 'ਤੇ ਹੋਈਆਂ ਬੇਅਦਬੀਆਂ ਦਾ ਇਨ੍ਹਾਂ ਲਾਪਤਾ ਬੀੜਾਂ ਨਾਲ ਕੋਈ ਸੰਬੰਧ ਹੋ ਸਕਦਾ ਹੈ। ਇਹ ਵੀ ਹੋ ਸਕਦਾ ਹੈ ਕਿ ਕਿਧਰੇ ਇਹ ਗੁੰਮ ਹੋਈਆਂ ਬੀੜਾਂ ਬੇਅਦਬੀਆਂ ਕਰਨ ਲਈ ਤਾਂ ਨਹੀਂ ਵਰਤੀਆਂ ਗਈਆਂ। ਇਸ ਲਈ ਅਜਿਹੇ ਹਾਲਤ ਵਿੱਚ ਇਸ ਪੂਰੇ ਮਾਮਲੇ ਦੀ ਜਾਂਚ ਲਈ ਸਿੱਟ ਹੀ ਸਹੀ ਅਤੇ ਨਿਰਪੱਖ ਜਾਂਚ ਕਰ ਸਕਦੀ ਹੈ, ਜੋ ਪਹਿਲਾਂ ਹੀ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਹੈ।
ਚੀਮਾ ਨੇ ਲੁਧਿਆਣਾ ਵਿਖੇ ਗੁਰੂ ਨਾਨਕ ਮੋਦੀਖਾਨਾ ਦਵਾਈ ਸਟੋਰਾਂ ਦੇ ਮਾਮਲੇ ‘ਤੇ ਕਿਹਾ ਕਿ ਪੰਜਾਬ ਸਰਕਾਰ ਨੂੰ ਜਾਂਚ ਕਰਵਾਉਣੀ ਚਾਹੀਦੀ ਹੈ। ਇਸ ਤੋਂ ਇਲਾਵਾ ਲੋਕਾਂ ਵਿੱਚ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕੀਤੀ ਜਾਣੀ ਚਾਹੀਦੀ ਹੈ। ਚੀਮਾ ਨੇ ਕਿਹਾ ਕਿ ਡਾਕਟਰਾਂ ਨੂੰ ਸਿਰਫ਼ ਦਵਾਈ ਦਾ ਨਾਂਅ ਹੀ ਲਿਖਣਾ ਚਾਹੀਦਾ ਹੈ ਨਾ ਕਿ ਕੰਪਨੀ ਦੀ ਦਵਾਈ ਦਾ ਨਾਂਅ ਲਿਖਣਾ ਚਾਹੀਦਾ ਹੈ