ਸੰਗਰੂਰ: ਇੱਥੇ ਦੇ ਦਿੜ੍ਹਬਾ ਵਿਖੇ ਸਰਕਾਰੀ ਅਦਾਰਿਆਂ ਦੇ ਬਾਹਰ ਖਾਲਿਸਤਾਨ ਜ਼ਿੰਦਾਬਾਦ 2020 ਦੇ ਨਾਅਰੇ ਲਿਖੇ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜ਼ਿਲ੍ਹੇ ਵਿੱਚ ਇਹ ਪਹਿਲੀ ਘਟਨਾ ਜਦੋਂ ਸਰਕਾਰੀ ਇਮਾਰਤਾਂ ਦੀਆਂ ਕੰਧਾਂ 'ਤੇ ਖਾਲੀ ਜਗ੍ਹਾ ਜ਼ਿੰਦਾਬਾਦ ਦੇ ਨਾਅਰੇ ਲਿਖੇ ਹੋਏ ਸਨ। ਪੁਲਿਸ ਨੇ ਸੂਚਨਾ ਮਿਲਣ ਉੱਤੇ ਕੰਧਾਂ ਉੱਤੇ ਲਿਖੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰਿਆਂ ਨੂੰ ਮਿਟਾ ਦਿੱਤਾ ਹੈ।
ਨਗਰ ਪੰਚਾਇਤ ਕਮੇਟੀ ਦੇ ਪ੍ਰਧਾਨ ਬਿੱਟੂ ਖ਼ਾਨ ਨੇ ਕਿਹਾ ਕਿ ਸਾਡੇ ਦਿੜ੍ਹਬਾ ਸ਼ਹਿਰ ਦੀ ਇਹ ਪਹਿਲੀ ਘਟਨਾ ਹੈ ਸਰਕਾਰੀ ਸਕੂਲ, ਸਰਕਾਰੀ ਹਸਪਤਾਲ ਤੇ ਨਗਰ ਪੰਚਾਇਤ ਦੇ ਦਫ਼ਤਰ ਦੀਆਂ ਕੰਧਾਂ 'ਤੇ ਨਾਅਰੇ ਲਿਖੇ ਹੋਏ ਹਨ, ਜੋ ਕਿਸੇ ਇੱਕ ਵਿਅਕਤੀ ਦਾ ਕੰਮ ਨਹੀਂ, ਬਲਕਿ 2-3 ਤਿੰਨ ਵਿਅਕਤੀਆਂ ਦਾ ਕੰਮ ਹੈ।
ਉਨ੍ਹਾਂ ਕਿਹਾ ਕਿ ਇੱਥੇ ਕਿਸੇ ਤਰ੍ਹਾਂ ਦੇ ਸੀਸੀਟੀਵੀ ਕੈਮਰੇ ਨਹੀਂ ਲੱਗੇ ਹਨ ਜਿਸ ਨਾਲ ਇਹ ਪਤਾ ਲੱਗ ਸਕੇ ਕਿ ਇਹ ਵਿਅਕਤੀ ਦੀ ਸ਼ਰਾਰਤ ਹੈ। ਉਨ੍ਹਾਂ ਕਿਹਾ ਕਿ ਇਸ ਸ਼ਰਾਰਤ ਤੋਂ ਬਾਅਦ ਹੁਣ ਉੱਥੇ ਸੀਸੀਟੀਵੀ ਕੈਮਰੇ ਲਗਵਾਏ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਇੱਕ ਪਾਸੇ ਕਿਸਾਨ ਜਥੇਬੰਦੀਆਂ ਖੇਤੀ ਕਾਨੂੰਨਾਂ ਦੀ ਲੜਾਈ ਲੜ ਰਹੀਆਂ ਹਨ ਤੇ ਦੂਜੇ ਪਾਸੇ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਘਟਨਾ ਤੋਂ ਸਾਫ਼ ਪਤਾ ਲੱਗ ਰਿਹਾ ਹੈ ਕਿ ਇਹ ਕਿਸਾਨਾਂ ਨੂੰ ਭੜਕਾਉਣ ਵਾਸਤੇ ਕੀਤਾ ਗਿਆ ਹੈ। ਉਨ੍ਹਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਹ ਦੋਸ਼ੀਆਂ ਨੂੰ ਜਲਦ ਤੋਂ ਜਲਦ ਕਾਬੂ ਕਰਨ ਤੇ ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਤਾਂ ਜੋ ਕਿ ਇਸ ਉੱਤੇ ਨਥ ਪਾਈ ਜਾ ਸਕੇ।