ਮਲੇਰਕੋਟਲਾ: ਦਿੱਲੀ ਦੀ ਜਾਮੀਆ ਯੂਨੀਵਰਸਿਟੀ ਵਿੱਚ ਪੁਲਿਸ ਵੱਲੋਂ ਵਿਦਿਆਰਥੀਆਂ ਨਾਲ ਕੀਤੀ ਕੁੱਟਮਾਰ ਨੂੰ ਲੈ ਕੇ ਦੇਸ਼ਭਰ ਦੀ ਅਲੱਗ ਅਲੱਗ ਯੂਨੀਵਰਸਿਟੀਆਂ 'ਚ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਮਲੇਰਕੋਟਲਾ 'ਚ ਵੀ ਵਿਦਿਆਰਥੀਆਂ ਵੱਲੋਂ ਇਸ ਨੂੰ ਲੈ ਕੇ ਵਿਰੋਧ ਕੀਤਾ ਗਿਆ।
ਸ਼ਹਿਰ ਦੇ ਹਿੰਦੂ, ਮੁਸਲਿਮ ਤੇ ਸਿੱਖ ਭਾਈਚਾਰੇ ਦੇ ਵਿਦਿਆਰਥੀਆਂ ਵੱਲੋਂ ਇਕੱਠੇ ਹੋ ਕੇ ਸਰਕਾਰੀ ਕਾਲਜ ਦੇ ਬਾਹਰ ਦਿੱਲੀ ਪੁਲਿਸ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੇ ਕਿਹਾ ਕਿ ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਵਿਰੁੱਧ ਕੁੜੀਆਂ ਤੇ ਮੁੰਡਿਆ ਨਾਲ ਤਸ਼ਦਦ ਕਰਨ ਲਈ ਕਾਰਵਾਈ ਕੀਤੀ ਜਾਣੀ ਚਾਹਿਦੀ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੇ ਅੰਦਰ ਜਾ ਕੇ ਵਿਦਿਆਰਥੀਆਂ 'ਤੇ ਹਮਲਾ ਕਰਨਾ ਸ਼ਰਮਸਾਰ ਹੈ।
ਇਸ ਮੌਕੇ ਵਿਦਿਆਰਥੀਆਂ ਨਾਲ ਹੋਈ ਕੁੱਟਮਾਰ ਦਾ ਜਿੱਥੇ ਪ੍ਰਦਰਸ਼ਨਕਾਰੀਆਂ ਨੇ ਸਖ਼ਤ ਸ਼ਬਦਾਂ ਵਿੱਚ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਜਦ ਯੂਨੀਵਰਸਿਟੀ ਦੀ ਲਾਇਬ੍ਰੇਰੀ ਤੱਕ ਪੁਲਿਸ ਵੱਲੋਂ ਅੰਦਰ ਜਾ ਕੇ ਹਮਲਾ ਕੀਤਾ ਗਿਆ। ਉਨ੍ਹਾਂ ਨਵੇਂ ਬਣੇ ਕਾਨੂੰਨ ਦੀ ਵੀ ਮੁਖਾਲਫ਼ਤ ਕੀਤੀ। ਇਸ ਕਾਨੂੰਨ ਦਾ ਵਿਰੋਧ ਕਰਦਿਆਂ ਉਨ੍ਹਾਂ ਮਾਲੇਰਕੋਟਲਾ ਦੇ ਐਸਡੀਐਮ ਨੂੰ ਇੱਕ ਮੰਗ ਪੱਤਰ ਵੀ ਸੌਂਪਿਆ ਹੈ।