ਸੰਗਰੂਰ: ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਨੇ ਸ਼ਨੀਵਾਰ ਨੂੰ ਡੀਸੀ ਦਫ਼ਤਰ ਦਾ ਘਿਰਾਓ ਕਰਕੇ ਧਰਨਾ ਪ੍ਰਦਰਸ਼ਨ ਕੀਤਾ। ਅਧਿਆਪਕਾਂ ਦੀਆਂ ਮੰਗਾਂ ਇਹ ਹਨ ਕਿ ਪ੍ਰਾਇਮਰੀ ਅਤੇ ਮਿਡਲ ਸਕੂਲਾਂ ਵਿੱਚ ਦਰਜਾ ਚਾਰ ਦੀਆਂ ਆਸਾਮੀਆਂ ਦਿੱਤੀਆਂ ਜਾਣ, ਕਾਡਰ ਦੀਆਂ ਅਸਾਮੀਆਂ ਨੂੰ ਮੁੜ ਸੁਰਜੀਤ ਕੀਤਾ ਜਾਵੇ। ਬਦਲੀ ਨੀਤੀ ਤੋਂ ਬਾਹਰ ਰਹਿ ਗਏ ਅਧਿਆਪਕਾਂ ਨੂੰ ਬਦਲੀ ਦਾ ਹੱਕ ਦਿੱਤਾ ਜਾਵੇ।ਆਪਣੀ ਮੰਗਾਂ ਨੂੰ ਮੁੱਖ ਰੱਖਦੇ ਹੋਏ ਅਧਿਆਪਕਾਂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਨਹੀਂ ਮੰਨਿਆ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਹੋਰ ਤੇਜ਼ ਹੋਵੇਗਾ।
ਮੀਡੀਆ ਨਾਲ ਗੱਲਬਾਤ ਕਰਦੇ ਅਧਿਆਪਕਾਂ ਨੇ ਕਿਹਾ ਕਿ ਸਰਕਾਰ ਲੋਕਾਂ ਦੇ ਟੈਕਸ ਨਾਲ ਸਮਾਰਟ ਸਕੂਲ ਬਣਾ ਰਹੀ ਹੈ ਅਤੇ ਸਮਾਰਟ ਸਕੂਲ ਦੇ ਨਾਮ ਤੇ ਸਰਕਾਰ ਇਸ ਦਾ ਨਿੱਜੀਕਰਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਅਤੇ ਕਾਂਗਰਸ ਸਰਕਾਰ ਦੇ ਸਮੇਂ ਦੇ ਵਿੱਚ 800 ਸਕੂਲ ਬੰਦ ਹੋ ਚੁੱਕੇ ਹਨ ਜਿਸ ਤੋਂ ਲੋਕ ਵਿਰੋਧੀ ਨੀਤੀਆਂ ਦਾ ਸਾਫ਼ ਪਤਾ ਚੱਲਦਾ ਹੈ।
ਜ਼ਿਕਰਯੋਗ ਹੈ ਕਿ ਅਧਿਆਪਕਾਂ ਨੇ ਸਰਕਾਰ 'ਤੇ ਇਹ ਵੀ ਦੋਸ਼ ਲਗਾਇਆ ਕਿ ਸਰਕਾਰ ਪ੍ਰਾਈਵੇਟ ਹੱਥਾਂ ਵਿੱਚ ਸਕੂਲ ਦੇਣਾ ਚਾਹੁੰਦੀ ਹੈ ਜੋ ਉਨ੍ਹਾਂ ਨੂੰ ਨਾ ਮਨਜ਼ੂਰ ਹੈ।