ਮਲੇਰਕੋਟਲਾ: ਸਰਕਾਰੀ ਹਸਪਤਾਲ ਦੇ ਵਿੱਚ ਡਾਕਟਰ ਦੀ ਅਣਗਹਿਲੀ ਕਾਰਨ ਇੱਕ ਮਹਿਲਾ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਣਯੋਗ ਹੈ ਕਿ ਪਿਛਲੇ ਦਿਨੀਂ ਇੱਕ ਮਹਿਲਾ ਦੀ ਡਿਲਿਵਰੀ ਲਈ ਉਸ ਨੂੰ ਸਰਕਾਰੀ ਹਸਪਤਾਲ ਦੇ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਇਸ ਤੋਂ ਬਾਅਦ ਪਰਿਵਾਰ ਦਾ ਦੋਸ਼ ਹੈ ਕਿ ਮਹਿਲਾ ਡਾਕਟਰ ਦੀ ਲਾਪਰਵਾਹੀ ਕਾਰਨ ਮਹਿਲਾ ਦੀ ਬੱਚੇ ਨੂੰ ਜਨਮ ਦੇਣ ਤੋਂ ਬਾਅਦ ਮੌਤ ਹੋ ਗਈ। ਪਰਿਵਾਰ ਵੱਲੋਂ ਦੋਸ਼ ਸ਼ਸ਼ੀ ਜਿੰਦਲ ਨਾਂਅ ਦੀ ਮਹਿਲਾ ਡਾਕਟਰ 'ਤੇ ਲਗਾਏ ਗਏ ਹਨ।
ਪੀੜਤ ਪਰਿਵਾਰ ਦੀ ਸਿਹਤ ਵਿਭਾਗ ਤੋਂ ਇਨਸਾਫ਼ ਦੀ ਮੰਗ
ਪਰਿਵਾਰ ਵੱਲੋਂ ਲਿਖਤੀ ਸ਼ਿਕਾਇਤ ਕਰਨ ਤੋਂ ਬਾਅਦ ਸਿਹਤ ਵਿਭਾਗ ਦੀ ਟੀਮ ਵੱਲੋਂ ਮਲੇਰਕੋਟਲਾ ਸਰਕਾਰੀ ਹਸਪਤਾਲ ਪਹੁੰਚ ਕੇ ਦੋਹਾਂ ਪਾਰਟੀਆਂ ਦੇ ਬਿਆਨ ਲੈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਅਧਿਕਾਰਿਆਂ ਵੱਲੋਂ ਪੀੜਤ ਪਰਿਵਾਰ ਨੂੰ ਭਰੋਸਾ ਜਤਾਇਆ ਗਿਆ ਹੈ ਕਿ ਇਸ ਮਾਮਲੇ ਦੀ ਚੰਗੇ ਤਰੀਕੇ ਨਾਲ ਜਾਂਚ ਕੀਤੀ ਜਾਵੇਗੀ ਅਤੇ ਜੋ ਵੀ ਮਾਮਲੇ ਵਿੱਚ ਦੋਸ਼ੀ ਪਾਇਆ ਗਿਆ ਉਸ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।
ਪੀੜਤ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਲਿਖਤੀ ਸ਼ਿਕਾਇਤ ਸਿਹਤ ਵਿਭਾਗ ਨੂੰ ਕਰ ਦਿੱਤੀ ਗਈ ਹੈ। ਪਰਿਵਾਰ ਨੇ ਪ੍ਰਸ਼ਾਸਨ ਤੇ ਸਿਹਤ ਵਿਭਾਗ ਨੂੰ ਅਪੀਲ ਕੀਤੀ ਹੈ ਉਨ੍ਹਾਂ ਨੂੰ ਇਨਸਾਫ਼ ਦਿਵਾਇਆ ਜਾਵੇ ਤੇ ਦੋਸ਼ੀ ਡਾਕਟਰ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ ਤਾਂ ਜੋ ਅੱਗੇ ਤੋਂ ਕਿਸੇ ਹੋਰ ਪਰਿਵਾਰ ਦੀ ਅਜਿਹੀ ਹਾਲਤ ਨਾ ਹੋਵੇ ਅਤੇ ਕਿਸੇ ਦੀ ਜਾਨ ਨਾ ਜਾਵੇ।