ਨਵਾਂ ਸ਼ਹਿਰ: ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਰਜਿੰਦਰ ਪ੍ਰਸ਼ਾਦ ਭਾਟੀਆ ਨੇ ਦੱਸਿਆ ਕਿ ਜ਼ਿਲ੍ਹੇ ’ਚ ਕੋਰੋਨਾ ਵਾਇਰਸ ਦੀ ਰੋਕਥਾਮ ਅਤੇ ਬਚਾਅ ਲਈ ਕੀਤੇ ਜਾ ਰਹੇ ਪ੍ਰਬੰਧਾਂ ਤਹਿਤ ਹੁਣ ਤੱਕ 415 ਵਿਅਕਤੀਆਂ ਦੇ ਟੈਸਟ ਕਰਵਾਏ ਜਾ ਚੁੱਕੇ ਹਨ, ਜਿਨ੍ਹਾਂ ਵਿੱਚੋਂ 382 ਦੀ ਰਿਪੋਰਟ ਨੈਗੇਟਿਵ ਆਈ ਹੈ ਜਦ ਕਿ 14 ਦੀ ਰਿਪੋਰਟ ਉਡੀਕੀ ਜਾ ਰਹੀ ਹੈ।
ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ, ਸਿਹਤ ਵਿਭਾਗ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਨੂੰ ਬਿਮਾਰੀ ਦਾ ਕੇਂਦਰ ਬਣਨ ਤੋਂ ਰੋਕਣ ਲਈ ਸਾਂਝੇ ਤੌਰ ’ਤੇ ਡਿਪਟੀ ਕਮਿਸ਼ਨਰ ਵਿਨੇ ਬਬਲਾਨੀ ਦੀ ਅਗਵਾਈ ’ਚ ਕੀਤੇ ਯਤਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੰਤੁਸ਼ਟੀ ਦੀ ਗੱਲ ਹੈ ਕਿ ਪਿਛਲੇ 17 ਦਿਨਾਂ ’ਚ ਜ਼ਿਲ੍ਹੇ ’ਚ ਕੋਈ ਨਵਾਂ ਕੇਸ ਸਾਹਮਣੇ ਨਹੀਂ ਆਇਆ।
ਡਾ. ਭਾਟੀਆ ਅਨੁਸਾਰ ਜ਼ਿਲ੍ਹੇ ’ਚ ਹੁਣ ਤੱਕ ਸਾਹਮਣੇ ਆਏ 19 ਮਾਮਲਿਆਂ ’ਚੋਂ 18 ਦਾ ਇਲਾਜ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਦੇ ਆਈਸੋਲੇਸ਼ਨ ਵਾਰਡ ’ਚ ਕੀਤਾ ਗਿਆ ਹੈ, ਜਿੱਥੋਂ 13 ਮਰੀਜ਼ ਬਿਲਕੁਲ ਤੰਦਰੁਸਤ ਹੋ ਚੁੱਕੇ ਹਨ ਜਦਕਿ ਬਾਕੀ ਦੇ 5 ਵੀ ਸਿਹਤ ਪੱਖੋਂ ਬਿਲਕੁਲ ਠੀਕ ਹਨ।
ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਘਰਾਂ ’ਚ ਰਹਿ ਕੇ ਲਾਕਡਾਊਨ ਅਤੇ ਕਰਫ਼ਿਊ ਦੀ ਪੂਰੀ ਤਰ੍ਹਾਂ ਪਾਲਣਾ ਕਰਨ, ਘਰਾਂ ’ਚੋਂ ਨਿਕਲਣ ਮੌਕੇ ਮਾਸਕ ਪਹਿਨਣਾ ਨਾ ਭੁੱਲਣ, ਭੀੜ ’ਚ ਬਿਲਕੁਲ ਨਾ ਜਾਣ, ਇੱਕ ਦੂਸਰੇ ਤੋਂ ਘੱਟੋ-ਘੱਟ ਇੱਕ ਮੀਟਰ ਦੀ ਦੂਰੀ ਬਣਾ ਕੇ ਰੱਖਣ, ਦਿਨ ’ਚ ਵਾਰ-ਵਾਰ ਆਪਣੇ ਹੱਥ ਸਾਬਣ ਅਤੇ ਪਾਣੀ ਨਾਲ ਧੋਣ, ਸੈਨੇਟਾਈਜ਼ਰ ਦੀ ਵਰਤੋਂ ਕਰਨ।
ਉਨ੍ਹਾਂ ਕਿਹਾ ਕਿ ਭਾਵੇਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ’ਚ ਪਿਛਲੇ 17 ਦਿਨਾਂ ਤੋਂ ਕੋਈ ਨਵਾਂ ਕੇਸ ਨਹੀਂ ਆਇਆ ਪਰੰਤੂ ਖਤਰਨਾਕ ਬਿਮਾਰੀ ਹੋਣ ਕਾਰਨ ਇਸ ਨੂੰ ਹੋਰ ਅੱਗੇ ਫੈਲਣ ਤੋਂ ਰੋਕਣ ਵਿੱਚ ਸਾਡੀ ਚੌਕਸੀ ਹੀ ਪ੍ਰਭਾਵਸ਼ਾਲੀ ਹੋ ਸਕਦੀ ਹੈ, ਜਿਸ ਲਈ ਸਾਨੂੰ ਆਪੋ-ਆਪਣੇ ਘਰਾਂ ’ਚ ਰਹਿਣ ਨੂੰ ਤਰਜੀਹ ਦੇਣੀ ਚਾਹੀਦੀ ਹੈ।
ਡਾ. ਭਾਟੀਆ ਅਨੁਸਾਰ ਜੇਕਰ ਕਿਸੇ ਨੂੰ ਤੇਜ਼ ਬੁਖਾਰ, ਸੁੱਕੀ ਖੰਘ ਜਾਂ ਸਾਹ ਲੈਣ ’ਚ ਤਕਲੀਫ਼ ਮਹਿਸੂਸ ਹੋਵੇ ਤਾਂ ਤੁਰੰਤ ਜ਼ਿਲ੍ਹਾ ਕੋਰੋਨਾ ਹੈਲਪਲਾਈਨ ਨੰ: 01823-227471 ’ਤੇ ਸੰਪਰਕ ਕਰੇ।