ਨਵਾਂਸ਼ਹਿਰ: ਖਟਕੜ ਕਲਾਂ ਵਿਖੇ 16 ਮਾਰਚ ਨੂੰ ਪੰਜਾਬ ਦੇ ਨਵੇ ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਗਮ (oath ceremony of Bhagwant Mann as Chief Minister) ਦੀਆਂ ਤਿਆਰੀਆਂ ਜ਼ੋਰਾਂ ’ਤੇ ਚੱਲ ਰਹੀਆਂ ਹਨ। ਨਵੇਂ ਮੁੱਖ ਮੰਤਰੀ ਦੇ 16 ਮਾਰਚ ਨੂੰ ਸਹੁੰ ਚੁੱਕ ਸਮਾਗਮ ਲਈ ਮੁੱਖ ਸਕੱਤਰ, ਡੀ ਜੀ ਪੀ ਅਤੇ ਵਧੀਕ ਮੁੱਖ ਸਕੱਤਰ/ਸੀ ਐਮ ਵੱਲੋਂ ਖਟਕੜ ਕਲਾਂ ਦਾ ਕੀਤਾ ਦੌਰਾ ਗਿਆ ਹੈ। ਪੰਜਾਬ ਦੇ ਮੁੱਖ ਸਕੱਤਰ ਅਨਿਰੁਧ ਤਿਵਾੜੀ, ਪੁਲਿਸ ਡਾਇਰੈਕਟਰ ਜਨਰਲ ਵੀ.ਕੇ. ਭਾਵੜਾ ਅਤੇ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ ਵੇਣੂ ਪ੍ਰਸਾਦ ਨੇ ਇੱਥੇ 16 ਮਾਰਚ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਯਾਦਗਾਰ ਅਤੇ ਅਜਾਇਬ ਘਰ ਵਿਖੇ ਹੋਣ ਵਾਲੇ ਨਵੇਂ ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਗਮ ਲਈ ਕੀਤੇ ਜਾ ਰਹੇ ਪ੍ਰਬੰਧਾਂ ਦੀ ਸਮੀਖਿਆ ਕੀਤੀ।
ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਵੱਕਾਰੀ ਸਮਾਗਮ ਲਈ ਪੁਖਤਾ ਪ੍ਰਬੰਧ ਕੀਤੇ ਜਾਣੇ ਹਨ, ਜਿਸ ਵਿੱਚ ਲੱਖਾਂ ਲੋਕਾਂ ਦੇ ਭਾਗ ਲੈਣ ਦੀ ਉਮੀਦ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਟ੍ਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ 'ਤੇ ਮੁੱਖ ਜ਼ੋਰ ਦਿੰਦੇ ਹੋਏ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇਗਾ ਕਿ ਸਮਾਗਮ 'ਚ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਮੁੱਖ ਸਕੱਤਰ ਤਿਵਾੜੀ, ਵਧੀਕ ਮੁੱਖ ਸਕੱਤਰ ਵੇਣੂ ਪ੍ਰਸਾਦ ਅਤੇ ਡੀਜੀਪੀ ਭਾਵੜਾ ਨੇ ਇਹ ਵੀ ਕਿਹਾ ਕਿ ਹਰੇਕ ਅਧਿਕਾਰੀ ਨੂੰ ਆਪਣੀ ਡਿਊਟੀ ਪੇਸ਼ੇਵਰ ਅਤੇ ਪੂਰਨ ਵਚਨਬੱਧਤਾ ਨਾਲ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਦੀਆਂ ਜ਼ੋਨ ਵਾਰ ਡਿਊਟੀਆਂ ਲਗਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਹ ਇੱਕ ਮੈਗਾ ਈਵੈਂਟ ਹੈ ਜਿਸ ਵਿੱਚ ਕਈ ਰਾਜਾਂ ਦੇ ਮੁੱਖ ਮੰਤਰੀਆਂ ਸਮੇਤ ਪ੍ਰਮੁੱਖ ਹਸਤੀਆਂ ਦੇ ਭਾਗ ਲੈਣ ਦੀ ਉਮੀਦ ਹੈ।
ਉੱਚ ਅਧਿਕਾਰੀਆਂ ਨੇ ਕਿਹਾ ਕਿ ਇਸ ਸਮਾਗਮ ਨੂੰ ਨਿਰਵਿਘਨ ਅਤੇ ਮੁਸ਼ਕਿਲ ਰਹਿਤ ਨੇਪਰੇ ਚਾੜ੍ਹਨ ਲਈ ਜ਼ੋਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਇਤਿਹਾਸਿਕ ਸਮਾਗਮ ਹੈ ਅਤੇ ਇਸ ਉੱਪਰ ਸਮੁੱਚੇ ਦੇਸ਼ ਦੀ ਨਜ਼ਰ ਸੂਬੇ ਵੱਲ ਹੋਵੇਗੀ, ਇਸ ਲਈ ਇਸ ਨੂੰ ਸਫ਼ਲ ਬਣਾਉਣਾ ਹਰੇਕ ਅਧਿਕਾਰੀ ਦਾ ਫਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਹਰ ਇੱਕ ਸਹੂਲਤ ਦਾ ਪੁਖਤਾ ਪ੍ਰਬੰਧ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਵਾਹਨਾਂ ਦੀ ਪਾਰਕਿੰਗ, ਲੋਕਾਂ ਲਈ ਭੋਜਨ ਅਤੇ ਪਾਣੀ, ਸਟੇਜ, ਬਿਜਲੀ ਸਪਲਾਈ, ਜਲ ਸਪਲਾਈ, ਸੈਨੀਟੇਸ਼ਨ, ਸਿਹਤ, ਕਾਨੂੰਨ ਵਿਵਸਥਾ, ਸੁਰੱਖਿਆ ਅਤੇ ਹੋਰ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਸ੍ਰੀ ਤਿਵਾੜੀ, ਸ੍ਰੀ ਵੇਣੂ ਪ੍ਰਸਾਦ ਅਤੇ ਸ੍ਰੀ ਭਾਵੜਾ ਨੇ ਸਾਰੇ ਅਧਿਕਾਰੀਆਂ ਨੂੰ ਪੂਰੀ ਤਨਦੇਹੀ ਨਾਲ ਕੰਮ ਕਰਨ ਲਈ ਕਿਹਾ।
ਉਨ੍ਹਾਂ ਕਿਹਾ ਕਿ ਇਸ ਮੈਗਾ ਈਵੈਂਟ ਨੂੰ ਸਫਲ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਤੋਂ ਪਹਿਲਾਂ ਸਾਰੇ ਹੀ ਉੱਚ ਅਫਸਰਾਂ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਉਨ੍ਹਾਂ ਦੇ ਪਿਤਾ ਸਵਰਗੀ ਕਿਸ਼ਨ ਸਿੰਘ ਦੀ ਸਮਾਧ ’ਤੇ ਜਾ ਕੇ ਸ਼ਰਧਾਂਜਲੀ ਭੇਟ ਕੀਤੀ ਗਈ।
ਇਹ ਵੀ ਪੜ੍ਹੋ: ਭਗਵੰਤ ਮਾਨ ਨੇ ਲੋਕ ਸਭਾ ਮੈਂਬਰੀ ਤੋਂ ਦਿੱਤਾ ਅਸਤੀਫਾ