ਸ੍ਰੀ ਮੁਕਤਸਰ ਸਾਹਿਬ : ਇਕੱਠੇ ਹੋਏ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਵੱਲੋਂ ਪੇਅ ਕਮਿਸ਼ਨ ਦੀ ਰਿਪੋਰਟ ਨੂੰ ਸਿਰੇ ਤੋਂ ਨਕਾਰਦਿਆਂ ਰੋਸ ਪ੍ਰਦਰਸ਼ਨ ਕੀਤਾ ਅਤੇ ਸਤੰਬਰ 2011 ਦੇ ਸੋਧੇ ਹੋਏ ਗ੍ਰੇਡਾਂ ਨੂੰ ਕਾਇਮ ਰੱਖਦੇ ਹੋਏ ਉੱਚਤਮ ਗੁਣਾਂਕ ਦੇਣ ਦੀ ਮੰਗ ਕੀਤੀ।
ਖੰਡੇ ਵਾਲਾ ਪਾਰਕ ਵਿਖੇ ਇਕੱਤਰ ਹੋਏ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਹਰਭਗਵਾਨ, ਸਮਸ਼ੇਰ ਸਿੰਘ, ਬਲਜੀਤ ਮੋਦਲਾ, ਪਰਮਜੀਤ ਸਿੰਘ, ਕੁਲਵਿੰਦਰ ਸਿੰਘ ਨੇ ਕਿਹਾ ਕਿ ਚਾਰ ਸਾਲ ਪਹਿਲਾਂ ਪੰਜਾਬ ਸਰਕਾਰ ਮਾਣ ਭੱਤੇ ਵਾਲੇ, ਕੱਚੇ ਕਾਮਿਆਂ ਅਤੇ ਠੇਕਾ ਮੁਲਾਜ਼ਮਾਂ ਨੂੰ ਪੱਕੇ ਕਰਨ, ਪੁਰਾਣੀ ਪੈਨਸ਼ਨ ਬਹਾਲ ਕਰਨ, ਪੇਅ ਕਮਿਸ਼ਨ ਦੀ ਰਿਪੋਰਟ ਜਾਰੀ ਕਰਨ ਦੇ ਝੂਠੇ ਵਾਅਦੇ ਕਰਕੇ ਸੱਤਾ ਵਿੱਚ ਆਈ ਸੀ ਅਤੇ ਹਾਲੇ ਤੱਕ ਇਸ ਨੇ ਮੁਲਾਜ਼ਮਾਂ ਮੰਗਾਂ ਨੂੰ ਅਣਗੌਲਿਆਂ ਕੀਤਾ ਹੋਇਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇੱਕ ਪਾਸੇ ਮੁਲਾਜ਼ਮ ਆਗੂਆਂ ਨਾਲ ਮੀਟਿੰਗਾਂ ਦਾ ਦੌਰ ਚਲਾਇਆ ਹੋਇਆ ਹੈ ਅਤੇ ਇਨ੍ਹਾਂ ਮੀਟਿੰਗਾਂ ਵਿੱਚ ਮੁਲਾਜ਼ਮ ਮੰਗਾਂ 'ਤੇ ਸਹਿਮਤੀ ਦਿੱਤੀ ਹੈ ਪਰ ਦੂਜੇ ਪਾਸੇ ਮੁਲਾਜ਼ਮ ਮੰਗਾਂ ਨੂੰ ਅਣਗੌਲਿਆਂ ਕਰਦਿਆਂ ਬਿਨਾਂ ਕੋਈ ਸੋਧਾਂ ਦੇ 5 ਜੁਲਾਈ ਨੂੰ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਨੋਟੀਫਿਕੇਸ਼ਨ ਦੇ ਖਿਲਾਫ ਵੱਡੀ ਗਿਣਤੀ ਵਿੱਚ ਮੁਲਾਜ਼ਮਾਂ ਨੇ ਹੜਤਾਲਾਂ ਵਿੱਚ ਹਿੱਸਾ ਲੈ ਕੇ 8 ਜੁਲਾਈ ਨੂੰ ਰੋਹ ਦਾ ਪ੍ਰਗਟਾਵਾ ਕੀਤਾ ਹੈ ਅਤੇ ਮੁਲਾਜ਼ਮਾਂ ਦਾ ਰੋਹ ਲਗਾਤਾਰ ਵਧ ਰਿਹਾ ਹੈ।
ਇਹ ਵੀ ਪੜ੍ਹੋ:ਪੰਜਾਬ 'ਚ ਵੀਕੇਂਡ ਤੇ ਨਾਈਟ ਕਰਫਿਉ ਹਟਾਇਆ ਗਿਆ, ਫਿਲਹਾਲ ਸਕੂਲ ਰਹਿਣਗੇ ਬੰਦ
ਪਾਰਕ ਵਿੱਚ ਇਕੱਤਰ ਹੋਏ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਡੀਸੀ ਦਫ਼ਤਰ ਦੇ ਮੇਨ ਗੇਟ ਤੱਕ ਰੋਸ ਮਾਰਚ ਕੀਤਾ ਗਿਆ ਅਤੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ। ਆਗੂਆਂ ਨੇ 29 ਜੁਲਾਈ ਨੂੰ ਪਟਿਆਲਾ ਵਿਖੇ ਪੰਜਾਬ ਯੂ.ਟੀ ਮੁਲਾਜ਼ਮ ਸਾਂਝਾ ਫਰੰਟ ਵੱਲੋਂ ਕੀਤੀ ਜਾ ਰਹੀ ਪੰਜਾਬ ਪੱਧਰੀ ਰੈਲੀ ਵਿੱਚ ਮੁਲਾਜ਼ਮਾਂ ਨੂੰ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਦਾ ਸੱਦਾ ਦਿੰਦਿਆਂ ਪੰਜਾਬ ਸਰਕਾਰ ਨੂੰ ਮੁਲਾਜਮ ਮੰਗਾਂ ਮੰਨ ਕੇ ਮੁਲਾਜ਼ਮਾਂ ਦਾ ਰੋਹ ਸ਼ਾਂਤ ਕਰਨ ਦੀ ਮੰਗ ਕੀਤੀ।