ਸ੍ਰੀ ਮੁਕਤਸਰ ਸਾਹਿਬ: ਪੰਜਾਬ 'ਚ 21 ਅਕਤੂਬਰ ਨੂੰ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ। ਇਸ ਨੂੰ ਲੈ ਕੇ ਸਿਆਸੀ ਪਾਰਟੀਆਂ ਵੱਲੋਂ ਆਪਣੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਗਿਆ। ਕਾਂਗਰਸੀ ਆਗੂ ਅਤੇ ਸੂਬੇ ਦੇ ਜੰਗਲਾਤ ਮੰਤਰੀ ਸਾਧੂ ਸਿੰਘ ਜਲਾਲਾਬਾਦ ਚੋਣ ਪ੍ਰਚਾਰ ਕਰਨ ਪੁੱਜੇ।
ਜਲਾਲਾਬਾਦ ਵਿੱਚ ਪਾਰਟੀ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਮਗਰੋਂ ਸਾਧੂ ਸਿੰਘ ਧਰਮਸੋਤ ਪੰਜਾਬ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਜਗਜੀਤ ਸਿੰਘ ਬਰਾੜ ਹਨੀ ਫੱਤਣਵਾਲਾ ਦੇ ਘਰ ਪੁੱਜੇ। ਇੱਥੇ ਉਨ੍ਹਾਂ ਨੇ ਪਾਰਟੀ ਦੇ ਵਰਕਰਾਂ ਨਾਲ ਮੁਲਾਕਾਤ ਕੀਤੀ ਅਤੇ ਜ਼ਿਮਨੀ ਚੋਣਾਂ ਸਬੰਧੀ ਗੱਲਬਾਤ ਕੀਤੀ।
ਇਹ ਵੀ ਪੜ੍ਹੋ :550ਵਾਂ ਪ੍ਰਕਾਸ਼ ਪੁਰਬ: ਮੋਗਾ 'ਚ ਡਿਜੀਟਲ ਮੋਬਾਈਲ ਮਿਊਜ਼ੀਅਮ ਪੁੱਜੇ ਪੁਲਿਸ ਮੁਲਾਜ਼ਮ
ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸਾਧੂ ਸਿੰਘ ਧਰਮਸੋਤ ਨੇ ਦਾਅਵਾ ਕੀਤਾ ਕਿ ਹਲਕਾ ਜਲਾਲਾਬਾਦ ਦੀ ਸੀਟ ਉੱਤੇ ਕਾਂਗਰਸ ਪਾਰਟੀ ਦੀ ਹੀ ਜਿੱਤ ਹੋਵੇਗੀ। ਉਨ੍ਹਾਂ ਨੇ ਅਕਾਲੀ ਦਲ 'ਤੇ ਨਿਸ਼ਾਨਾ ਸਾਧਦੇ ਹੋਏ ਆਖਿਆ ਕਿ ਇਸ ਵਾਰ ਜ਼ਿਮਨੀ ਚੋਣਾਂ ਵਿੱਚ ਕਾਂਗਰਸ ਪਾਰਟੀ, ਅਕਾਲੀ ਦਲ ਨੂੰ ਕਰਾਰੀ ਮਾਤ ਦੇਵੇਗੀ। ਅਕਾਲੀ ਦਲ ਵੱਲੋਂ ਕਾਂਗਰਸੀ ਉਮੀਦਵਾਰ ਉੱਤੇ ਸ਼ਰਾਬ ਅਤੇ ਨਸ਼ੇ ਦੀ ਵਰਤੋਂ ਕੀਤੇ ਜਾਣ ਦੇ ਸਵਾਲ ਦਾ ਜਵਾਬ ਦਿੰਦੇ ਉਨ੍ਹਾਂ ਵਿਰੋਧੀ ਧਿਰ ਵੱਲੋਂ ਲਗਾਏ ਦੋਸ਼ਾਂ ਨੂੰ ਝੂਠ ਦੱਸਿਆ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਨੂੰ ਆਪਣੀ ਹਾਰ ਦਿਖਾਈ ਦੇ ਰਹੀ ਹੈ। ਅਕਾਲੀ ਦਲ ਨੇ ਹਮੇਸ਼ਾ ਹੀ ਪੰਥ ਦੀ ਦੁਰਵਰਤੋਂ ਕੀਤੀ ਹੈ। ਉਨ੍ਹਾਂ ਆਪਣੇ ਮਹਿਕਮੇ ਬਾਰੇ ਬੋਲਦੇ ਹੋਏ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 500 ਸਾਲਾ ਪ੍ਰਕਾਸ਼ ਪੁਰਬ ਮੌਕੇ ਹਰ ਪਿੰਡ ਵਿੱਚ 550 ਬੂਟੇ ਮੁਫ਼ਤ ਲਗਾਏ ਗਏ ਹਨ। ਇਹ ਵਾਤਾਵਰਣ ਦੀ ਸੰਭਾਲ ਲਈ ਚੁੱਕਿਆ ਗਿਆ ਇੱਕ ਵੱਡਾ ਕਦਮ ਹੈ।