ਸ੍ਰੀ ਮੁਕਤਸਰ ਸਾਹਿਬ: ਕਿਸਾਨ ਜਥੇਬੰਦੀ ਰਾਜੇਵਾਲ ਅਤੇ ਆਮ ਆਦਮੀ ਪਾਰਟੀ ਵੱਲੋਂ ਕੇਂਦਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਦੇ ਵਿਰੋਧ ਵਿੱਚ ਸ੍ਰੀ ਮੁਕਤਸਰ ਸਾਹਿਬ ਵਿਖੇ ਟਰੈਕਟਰ ਰੈਲੀ ਕੱਢੀ ਗਈ।
ਕੇਂਦਰ ਸਰਕਾਰ ਵਲੋਂ ਕਿਸਾਨੀ ਉੱਤੇ ਤਿੰਨ ਆਰਡੀਨੈਂਸ ਪਾਸ ਕਰ ਕੇ ਸੂਬਾ ਸਰਕਾਰਾਂ ਨੂੰ ਲਾਗੂ ਕਰਨ ਲਈ ਕਿਹਾ ਗਿਆ ਸੀ, ਜਿਸ ਦੇ ਵਿਰੋਧ ਵਿੱਚ ਕਿਸਾਨਾਂ ਨੇ ਟਰੈਕਟਰਾਂ ਉੱਤੇ ਚੜ੍ਹ ਕੇ ਪ੍ਰਦਰਸ਼ਨ ਕੀਤਾ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਬਰਾੜ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਨੂੰ ਲੈ ਕੇ ਬਹੁਤ ਵੱਡੀ ਲੁੱਟ ਕੀਤੀ ਹੈ, ਜਿਸ ਕਰ ਕੇ ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ ਬਹੁਤ ਵੱਧ ਗਈਆਂ ਹਨ।
ਉਨ੍ਹਾਂ ਕੇਂਦਰ ਸਰਕਾਰ ਉੱਤੇ ਕਿਸਾਨਾਂ ਨੂੰ ਖ਼ਤਮ ਕਰਨ ਦੇ ਦੋਸ਼ ਲਾਏ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਮੰਡੀਕਰਨ ਅਤੇ ਐੱਮਐੱਸਪੀ ਨੂੰ ਖ਼ਤਮ ਕਰ ਕੇ ਕਿਸਾਨੀ ਨੂੰ ਡੋਬਣਾ ਚਾਹੁੰਦੀ ਹੈ। ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ, ਪੰਜਾਬ ਦੇ ਹਰ ਵਰਗ ਦਾ ਹਰ ਵਿਅਕਤੀ ਕਿਸੇ ਨਾ ਕਿਸੇ ਪਾਸਿਓਂ ਖੇਤੀ ਨਾਲ ਜੁੜਿਆ ਹੋਇਆ ਹੈ।
ਉਨ੍ਹਾਂ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਸਮੇਤ ਸਭ ਨੂੰ ਪੰਜਾਬ ਦੇ ਕਿਸਾਨਾਂ ਦੇ ਮੁੱਦਿਆਂ ਦੇ ਲਈ ਖੜਾ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਅਕਾਲੀ ਦਲ ਉੱਤੇ ਦੋਸ਼ ਲਾਏ ਹਨ ਕਿ ਬੀਬਾ ਹਰਸਿਮਰਤ ਬਾਦਲ ਕੇਂਦਰ ਵਿੱਚ ਮੰਤਰੀ ਹਨ ਪਰ ਉਹ ਇਸ ਬਾਰੇ ਬੋਲਦੇ ਹੀ ਨਹੀਂ। ਉਨ੍ਹਾਂ ਨੂੰ ਤਾਂ ਕੇਂਦਰ ਸਰਕਾਰ ਵਿੱਚ ਆਪਣੀ ਕੁਸਰੀ ਨਾਲ ਮਤਲਬ ਹੈ ਚਾਹੇ ਕੇਂਦਰ ਸਰਕਾਰ ਤੇਲ ਦੀ ਕੀਮਤ 100% ਹੀ ਵਧਾ ਦੇਵੇ।
ਕਿਸਾਨ ਆਗੂ ਅਮਰਜੀਤ ਸਿੰਘ ਨੇ ਕਿਹਾ ਕਿ ਕਿਸਾਨ ਤਾਂ ਹੀ ਬਚ ਸਕਦੇ ਹਨ ਜੇ ਉਨ੍ਹਾਂ ਸੁਵਾਮੀਨਾਥਨ ਕਮਿਸ਼ਨ ਦੇ ਤਹਿਤ ਫ਼ਸਲਾਂ ਦੇ ਰੇਟ ਦਿੱਤੇ ਜਾਣ। ਅਮਰਜੀਤ ਸਿੰਘ ਨੇ ਕਿਹਾ ਕਿ ਜੇ ਸਰਕਾਰ ਉਨ੍ਹਾਂ ਦੀ ਮੰਗਾਂ ਅਤੇ ਜਾਰੀ ਕੀਤੇ ਗਏ ਆਰਡੀਨੈਂਸਾਂ ਨੂੰ ਵਾਪਸ ਨਹੀਂ ਲੈਂਦੀ ਤਾਂ ਕਿਸਾਨ ਜਥੇਬੰਦੀ ਆਪਣਾ ਸੰਘਰਸ਼ ਹੋਰ ਵੀ ਤਿੱਖਾ ਕਰੇਗੀ। ਉਨ੍ਹਾਂ ਨੇ ਇਸ ਮੌਕੇ ਆਪਣੀਆਂ ਮੰਗਾਂ ਦਾ ਮੈਮੋਰੰਡਮ ਐੱਸ.ਡੀ.ਐੱਮ ਨੂੰ ਦਿੰਦੇ ਹੋਏ ਸਰਕਾਰ ਨੂੰ ਗੁਹਾਰ ਲਾਈ ਕਿ ਕਿਸਾਨਾਂ ਦੀ ਸਾਰ ਲਈ ਜਾਵੇ।