ਸ੍ਰੀ ਮੁਕਤਸਰ ਸਾਹਿਬ : ਪੰਜਾਬ ਦੇ ਸਾਬਕਾ ਮੈਂਬਰ ਪਾਰਲੀਮੈਂਟ ਗੁਰਦਾਸ ਬਾਦਲ ਦੀ ਪਤਨੀ ਅਤੇ ਮੌਜੂਦਾ ਸਰਕਾਰ ਵਿੱਚ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੀ ਮਾਤਾ ਹਰਮਿੰਦਰ ਕੌਰ ਬਾਦਲ ਦਾ ਵੀਰਵਾਰ ਸਵੇਰੇ ਦੇਹਾਂਤ ਹੋ ਗਿਆ।
ਹਰਮਿੰਦਰ ਕੌਰ ਬਾਦਲ ਦਾ ਅੰਤਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਕੀਤਾ ਗਿਆ। ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਮਾਤਾ ਹਰਮਿੰਦਰ ਕੌਰ ਦੇ ਦਿਹਾਂਤ ਉੱਤੇ ਉਨ੍ਹਾਂ ਦੇ ਪਿੰਡ ਬਾਦਲ ਵਿਖੇ ਅਫ਼ਸੋਸ ਪ੍ਰਗਟ ਕਰਨ ਲਈ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਮੌਜੂਦਾ ਸੰਸਦ ਸੁਖਬੀਰ ਸਿੰਘ ਬਾਦਲ ਉਨ੍ਹਾਂ ਦੇ ਘਰ ਪੁੱਜੇ। ਇਸ ਤੋਂ ਇਲਾਵਾ ਕਾਂਗਰਸ ਦੇ ਕਈ ਮੰਤਰੀ ਵੀ ਮਨਪ੍ਰੀਤ ਬਾਦਲ ਨਾਲ ਦੁੱਖ ਸਾਂਝਾ ਕਰਨ ਦੇ ਲਈ ਉਨ੍ਹਾਂ ਦੇ ਪਿੰਡ ਬਾਦਲ ਵਿਖੇ ਪੁਜੇ।
ਮਨਪ੍ਰੀਤ ਸਿੰਘ ਬਾਦਲ ਤੇ ਸੁਖਬੀਰ ਸਿੰਘ ਬਾਦਲ ਵੱਲੋਂ ਹਰਮਿੰਦਰ ਕੌਰ ਦੀ ਅਰਥੀ ਨੂੰ ਮੋਢਾ ਦਿੱਤਾ ਗਿਆ ਅਤੇ ਸ਼ਮਸ਼ਾਨ ਘਾਟ ਵਿਖੇ ਹਰਮਿੰਦਰ ਕੌਰ ਨੂੰ ਸੁਖਬੀਰ ਬਾਦਲ ਅਤੇ ਮਨਪ੍ਰੀਤ ਬਾਦਲ ਨੇ ਅਗਨੀ ਭੇਂਟ ਕੀਤੀ।
ਇਸ ਮੌਕੇ ਮਨਪ੍ਰੀਤ ਦੇ ਪਿਤਾ ਗੁਰਦਾਸ ਸਿੰਘ ਬਾਦਲ, ਸਾਬਕਾ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ, ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ, ਡਿਪਟੀ ਸਪੀਕਰ ਅਜੈਬ ਸਿੰਘ ਭੱਟੀ, ਮੰਤਰੀ ਬਲਵੀਰ ਸਿੰਘ ਸਿੱਧੂ, ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਗੁਰਪ੍ਰੀਤ ਸਿੰਘ ਕਾਂਗੜ ਅਤੇ ਆਮ ਆਮ ਆਦਮੀ ਪਾਰਟੀ ਦੀ ਵਿਧਾਇਕਾ ਬਲਜਿੰਦਰ ਕੌਰ ਸਮੇਤ ਕਾਂਗਰਸ ਦੀ ਹੋਰ ਵੀ ਲੀਡਰਸ਼ਿਪ ਵੀ ਮੌਜੂਦ ਰਹੀ।
ਹਰਮਿੰਦਰ ਕੌਰ ਨੂੰ ਅੰਤਮ ਵਿਦਾਈ ਦਿੰਦੇ ਹੋਏ ਮਨਪ੍ਰੀਤ ਬਾਦਲ ਨੇ ਦੱਸਿਆ ਕਿ ਉਨ੍ਹਾਂ ਦੇ ਫੁੱਲਾਂ ਦੀ ਰਸਮ ਕੱਲ੍ਹ ਨੂੰ ਅਦਾ ਕੀਤੀ ਜਾਵੇਗੀ।