ਚੰਡੀਗੜ੍ਹ : ਪੰਜਾਬ ਵਿਧਾਨਸਭਾ ਚੋਣਾਂ ਨੂੰ ਲੈਕੇ ਸਿਆਸੀ ਪਾਰਟੀਆਂ ਵਲੋਂ ਸਰਗਰਮੀਆਂ ਤੇਜ਼ ਕੀਤੀਆਂ ਗਈਆਂ ਹਨ। ਇਸ ਦੇ ਚੱਲਦਿਆਂ ਸਿਆਸੀ ਪਾਰਟੀਆਂ ਵਲੋਂ ਉਮੀਦਵਾਰਾਂ ਦਾ ਐਲਾਨ ਵੀ ਕੀਤਾ ਜਾ ਰਿਹਾ ਹੈ। ਇਸ ਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ ਵਲੋਂ ਲੰਬੀ ਹਲਕੇ ਤੋਂ ਵੀ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ।
ਦੱਸ ਦਈਏ ਕਿ 5 ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਹੀ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਨ ਸਭਾ ਹਲਕਾ ਲੰਬੀ ਤੋਂ ਚੋਣ ਲੜਨਗੇ। ਸ਼੍ਰੋਮਣੀ ਅਕਾਲੀ ਦਲ ਵੱਲੋਂ ਲੰਬੀ ਹਲਕੇ ਤੋਂ ਪਾਰਟੀ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ ਆਪਣਾ ਉਮੀਦਵਾਰ ਬਣਾਇਆ ਗਿਆ ਹੈ। ਇਸ ਦੀ ਐਲਾਨ ਅੰਮ੍ਰਿਤਸਰ ਵਿਖੇ ਪੁੱਜੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤਾ ਗਿਆ ਹੈ।
ਇਥੇ ਦੱਸ ਦੇਈਏ ਕਿ 1997 ਤੋਂ ਪ੍ਰਕਾਸ਼ ਸਿੰਘ ਬਾਦਲ ਚੋਣਾਂ ਲੜਦੇ ਆ ਰਹੇ ਹਨ ਅਤੇ ਹੁਣ ਫਿਰ ਤੋਂ ਲੰਬੀ ਹਲਕੇ ਤੋਂ ਚੋਣ ਲੜਨ ਲਈ ਚੋਣ ਮੈਦਾਨ ’ਚ ਉਤਰ ਰਹੇ ਹਨ। ਇਥੇ ਦੱਸ ਦੇਈਏ ਕਿ ਪਹਿਲਾਂ ਇਹ ਕਿਆਸਕਾਰੀਆਂ ਲਗਾਈਆਂ ਜਾ ਰਹੀਆਂ ਸਨ ਕਿ ਸਿਹਤ ਠੀਕ ਨਾ ਹੋਣ ਕਾਰਨ ਪ੍ਰਕਾਸ਼ ਸਿੰਘ ਬਾਦਲ ਚੋਣ ਮੈਦਾਨ ’ਚ ਨਾ ਉਤਰਨ ਦਾ ਫੈਸਲਾ ਕਰ ਸਕਦੇ ਹਨ। ਇਹ ਵੀ ਅੰਦਾਜ਼ਾ ਲਗਾਇਆ ਜਾ ਰਿਹਾ ਸੀ ਕਿ ਉਨ੍ਹਾਂ ਦੀ ਨੂੰਹ ਹਰਸਿਮਰਤ ਕੌਰ ਬਾਦਲ ਵੱਲੋਂ ਲੰਬੀ ਹਲਕੇ ਤੋਂ ਚੋਣ ਲੜੀ ਜਾ ਸਕਦੀ ਹੈ, ਪਰ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਹੀ ਲੰਬੀ ਸੀਟ ਤੋਂ ਉਮੀਦਵਾਰ ਹੋਣਗੇ।
ਇਸ ਦੇ ਨਾਲ ਹੀ ਅਕਾਲੀ ਦਲ ਵਲੋਂ ਅੰਮ੍ਰਿਤਸਰ ਪੂਰਬੀ ਸੀਟ ਤੋਂ ਨਵਜੋਤ ਸਿੱਧੂ ਦੇ ਮੁਕਾਬਲੇ ਬਿਕਰਮ ਸਿੰਘ ਮਜੀਠੀਆ ਨੂੰ ਚੋਣ ਮੈਦਾਨ 'ਚ ਉਤਾਰਿਆ ਗਿਆ ਹੈ ਅਤੇ ਨਾਲ ਹੀ ਜੰਡਿਆਲਾ ਹਲਕੇ ਤੋਂ ਸਤਿੰਦਰ ਸਿੰਘ ਨੂੰ ਉਮੀਦਵਾਰ ਐਲਾਨਿਆ।
ਇਹ ਵੀ ਪੜ੍ਹੋ : ਅੰਮ੍ਰਿਤਸਰ ਪੂਰਬੀ ਸੀਟ 'ਤੇ ਸਿੱਧੂ ਖਿਲਾਫ਼ ਮਜੀਠੀਆ ਲੜਨਗੇ ਚੋਣ