ਸ੍ਰੀ ਮੁਕਤਸਰ ਸਾਹਿਬ: ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਅੱਜ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਨ ਮੌਕੇ ਸ਼ਹਿਰ ਵਿੱਚ ਇੱਕ ਸਾਂਤੀ ਮਾਰਚ ਕੱਢਿਆ ਗਿਆ। ਇਹ ਸਾਂਤੀ ਮਾਰਚ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਤੋਂ ਸ਼ੁਰੂ ਹੋ ਕੇ ਵੱਖ-ਵੱਖ ਬਜ਼ਾਰਾਂ ਵਿਚੋਂ ਹੁੰਦਾ ਹੋਇਆ ਗੁਰੂ ਗੋਬਿੰਦ ਸਿੰਘ ਪਾਰਕ ਵਿਖੇ ਜਾ ਕੇ ਸੰਪੰਨ ਹੋਇਆ।
ਸਾਂਤੀ ਮਾਰਚ ਦੌਰਾਨ ਬਜ਼ਾਰਾਂ ਵਿੱਚ ਦੁਕਾਨਦਾਰਾਂ ਅਤੇ ਲੋਕਾਂ ਨੂੰ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਨਾ ਕਰਨ ਲਈ ਪ੍ਰੇਰਿਤ ਕੀਤਾ ਗਿਆ ਅਤੇ ਦੁਕਾਨਦਾਰਾਂ ਤੋਂ ਪਲਾਸਟਿਕ ਦੇ ਲਿਫ਼ਾਫ਼ੇ ਇੱਕਤਰ ਕਰਕੇ ਨਿਪਟਾਰੇ ਲਈ ਨਗਰ ਕੌਂਸਲ ਨੂੰ ਸੌਂਪਿਆ ਗਿਆ।
ਮਾਰਚ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਪਾਰਕ ਵਿੱਚ ਹੋਈ ਇੱਕਤਰਤਾ ਦੌਰਾਨ ਸੰਬੋਧਨ ਕਰਦਿਆਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਐੱਮ.ਕੇ. ਅਰਾਵਿੰਦ ਕੁਮਾਰ ਨੇ ਮਹਾਤਮਾ ਗਾਂਧੀ ਜੀ ਦੀਆਂ ਸਿੱਖਿਆਵਾਂ ਤੋਂ ਜਾਣੂੰ ਕਰਵਾਉਂਦਿਆਂ ਕਿਹਾ ਕਿ ਬਹੁਤ ਸਾਰੀਆਂ ਤਾਕਤਾਂ ਸਾਨੂੰ ਸਾਡੀਆਂ ਨੈਤਿਕ ਕਦਰਾਂ ਕੀਮਤਾਂ ਤੋਂ ਗਿਰਾਉਣ ਦੀ ਕੋਸ਼ਿਸ ਵਿਚ ਰਹਿੰਦੀਆਂ ਹਨ ਪਰ ਸਾਨੂੰ ਹਮੇਸ਼ਾ ਅਜਿਹੀਆਂ ਤਾਕਤਾਂ ਵਿਰੁੱਧ ਸੁਚੇਤ ਰਹਿਣਾ ਚਾਹੀਦਾ ਹੈ।
ਉਨ੍ਹਾਂ ਨੇ ਵਾਤਾਵਰਨ ਦੀ ਸੰਭਾਲ ਦਾ ਸੱਦਾ ਦਿੰਦਿਆਂ ਕਿਹਾ ਕਿ ਸਾਨੂੰ ਆਪਣੀਆਂ ਰੋਜ਼ਮਰਾਂ ਦੀਆਂ ਗਤੀਵਿਧੀਆਂ ਦੀ ਸਮੀਖਿਆ ਕਰਦੇ ਰਹਿਣਾ ਚਾਹੀਦਾ ਹੈ ਅਤੇ ਸਵੈ ਅਵਲੋਕਨ ਕਰਨਾ ਚਾਹੀਦਾ ਹੈ ਕਿ ਸਾਡੇ ਕੰਮਾਂ ਨਾਲ ਵਾਤਾਵਰਨ ਉੱਤੇ ਕੀ ਪ੍ਰਭਾਵ ਪੈ ਰਿਹਾ ਹੈ। ਉਨਾਂ ਨੇ 'ਮੇਰਾ ਮੁਕਤਸਰ ਮੇਰਾ ਮਾਣ' ਮੁਹਿੰਮ ਦੀ ਗੱਲ ਕਰਦਿਆਂ ਕਿਹਾ ਕਿ ਸਾਨੂੰ ਇਕਹਿਰੀ ਵਰਤੋਂ ਵਾਲੇ ਪੌਲੀਥੀਨ ਦੀ ਵਰਤੋਂ ਨੂੰ ਪੂਰੀ ਤਰ੍ਹਾਂ ਨਾਲ ਬੰਦ ਕਰਕੇ ਕਪੜੇ ਦੇ ਥੈਲਿਆਂ ਦੀ ਵਰਤੋਂ ਕਰਨ ਦੀ ਆਦਤ ਪਾਉਣੀ ਚਾਹੀਦੀ ਹੈ।
ਸਾਬਕਾ ਵਿਧਾਇਕ ਕਰਨ ਕੌਰ ਬਰਾੜ ਨੇ ਮਹਾਤਮਾ ਗਾਂਧੀ ਜੀ ਦੇ ਆਜ਼ਾਦੀ ਅੰਦੋਲਣ ਵਿਚ ਯੋਗਦਾਨ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਜੀਵਨ ਦਰਸ਼ਨ ਅਤੇ ਫਲਸਫਾ ਅੱਜ ਵੀ ਸਾਡੇ ਲਈ ਪ੍ਰੇਰਕ ਹੈ। ਉਨ੍ਹਾਂ ਨੇ ਵੀ ਲੋਕਾਂ ਨੂੰ ਪੋਲੀਥੀਨ ਦੀ ਵਰਤੋਂ ਬੰਦ ਕਰਨ ਦੀ ਅਪੀਲ ਕੀਤੀ।
ਇਸ ਦੌਰਾਨ ਖੇਡ ਵਿਭਾਗ ਅਤੇ ਨਹਿਰੂ ਯੁਵਾ ਕੇਂਦਰ ਦੇ ਵਲੰਟੀਅਰਾਂ ਵੱਲੋਂ ਵੀ ਸਟੇਡੀਅਮ ਤੋਂ ਗੁਰੂ ਗੋਬਿੰਦ ਸਿੰਘ ਪਾਰਕ ਤੱਕ ਇਕ ਦੌੜ ਦਾ ਆਯੋਜਨ ਕੀਤਾ ਗਿਆ ਜਦ ਕਿ ਸਾਂਤੀ ਮਾਰਚ ਵਿਚ ਸਿੱਖਿਆ ਵਿਭਾਗ, ਯੁਵਕ ਸੇਵਾਵਾਂ ਵਿਭਾਗ, ਨਗਰ ਕੌਂਸਲ, ਮਾਰਕਿਟ ਕਮੇਟੀ, ਸ਼ਹਿਰ ਦੀਆਂ ਗ਼ੈਰ ਸਰਕਾਰੀ ਸੰਸਥਾਵਾਂ ਵੱਲੋਂ ਵੱਧ ਚੜ ਕੇ ਭਾਗ ਲਿਆ। ਇਸ ਮੌਕੇ ਸਭ ਨੇ ਪੋਲੀਥੀਨ ਦੀ ਵਰਤੋਂ ਨਾ ਕਰਨ ਦੀ ਸਹੁੰ ਵੀ ਚੁੱਕੀ।