ਸ੍ਰੀ ਮੁਕਤਸਰ ਸਾਹਿਬ: ਸਰਕਾਰ ਵੱਲੋਂ ਜਾਰੀ ਕੀਤੇ ਗਏ ਪੇਅ ਕਮਿਸ਼ਨ ਖਿਲਾਫ਼ ਸੂਬੇ ਦੀਆਂ ਮੁਲਾਜ਼ਮ ਜਥੇਬੰਦੀਆਂ ਦੇ ਵਿੱਚ ਸਰਕਾਰ ਖਿਲਾਫ਼ ਭਾਰੀ ਰੋਸ ਦੀ ਲਹਿਰ ਪਾਈ ਜਾ ਰਹੀ ਹੈ। ਇਸਦੇ ਚੱਲਦੇ ਹੀ ਸ੍ਰੀ ਮੁਕਤਸਰ ਸਾਹਿਬ ਦੇ ਵਿੱਚ ਬਿਜਲੀ ਬੋਰਡ ਦੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਕੈਪਟਨ ਅਮਰਿੰਦਰ ਸਿੰਘ ਤੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦਾ ਫੂਕਿਆ ਪੁਤਲਾ ਪ੍ਰਦਰਸ਼ਨ ਕੀਤਾ ਗਿਆ ਹੈ।
ਇਸ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸੂਬਾ ਸਰਕਾਰ ਖਿਲਾਫ਼ ਜੰਮਕੇ ਨਾਅਰੇਬਾਜ਼ੀ ਕਰਦੇ ਹੋਏ ਸਰਕਾਰ ਤੇ ਕਈ ਇਲਜ਼ਾਮ ਲਗਾਏ ਹਨ। ਇਸ ਦੌਰਾਨ ਉਨ੍ਹਾਂ ਕੇਂਦਰ ਤੇ ਪੰਜਾਬ ਸਰਕਾਰ ਖਿਲਾਫ਼ ਭੜਾਸ ਕੱਢਦੇ ਕਿਹਾ ਕਿ ਦੋਵਾਂ ਹੀ ਸਰਕਾਰਾਂ ਦੇ ਵੱਲੋਂ ਮੁਲਾਜ਼ਮ ਮਾਰੂ ਨੀਤੀਆਂ ਅਪਣਾਈਆਂ ਜਾ ਰਹੀਆਂ ਹਨ।
ਇਸ ਮੌਕੇ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੇਅ ਕਮਿਸ਼ਨ ਲਾਗੂ ਕਰਕੇ ਉਨ੍ਹਾਂ ਨੂੰ ਲਾਭ ਦੇਣ ਦੀ ਬਜਾਇ ਉਨ੍ਹਾਂ ਤੋਂ ਖੋਹਿਆ ਜਾ ਰਿਹਾ ਹੈ। ਇਸ ਦੌਰਾਨ ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪੇਅ ਕਮਿਸ਼ਨ ਦੇ ਵਿੱਚ ਖਾਮੀਆਂ ਸਾਹਮਣੇ ਆਈਆਂ ਹਨ ਉਨ੍ਹਾਂ ਨੂੰ ਸੋਧ ਕੇ ਉਸਨੂੰ ਦੁਬਾਰਾ ਤੋਂ ਲਾਗੂ ਕੀਤਾ ਜਾਵੇ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਤੇ ਵਰ੍ਹਦੇ ਕਿਹਾ ਕਿ ਉਨ੍ਹਾਂ ਵੱਲੋਂ ਰੋਸ ਪ੍ਰਦਰਸ਼ਨ ਕਰਕੇ ਸਰਕਾਰ ਨੂੰ ਜਗਾਉਣ ਦੀ ਕੋਸ਼ਿਸ਼ ਹੋ ਰਹੀ ਹੈ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਧੱਕਾ ਨਾ ਕਰੇ ਕਿਉਂਕਿ ਉਹ ਧੱਕਾ ਨਹੀਂ ਸਹਿਣਗੇ।
ਇਹ ਵੀ ਪੜ੍ਹੋ: ਹੁਸ਼ਿਆਰਪੁਰ: ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਨੇ ਕੱਢੀ ਮੋਟਰਸਾਈਕਲ ਰੈਲੀ