ਸ੍ਰੀ ਮੁਕਤਸਰ ਸਾਹਿਬ: ਹਲਕਾ ਲੰਬੀ ਵਿਖੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਕਾਂਗਰਸ ਪਾਰਟੀ ਤੇ ਸੂਬਾ ਸਰਕਾਰ 'ਤੇ ਨਿਸ਼ਾਨੇ ਵਿੰਨ੍ਹੇ।
ਰਾਹੁਲ ਗਾਂਧੀ ਵੱਲੋਂ ਘੱਟ ਤੋਂ ਘੱਟ ਆਮਦਨ ਵਾਲੇ ਪਰਿਵਾਰਾਂ ਨੂੰ 72 ਹਜ਼ਾਰ ਰੁਪਏ ਸਾਲਾਨਾ ਦੇਣ ਦੀ ਗੱਲ ਬਾਰੇ ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਮੈਨੀਫ਼ੈਸਟੋ ਨੂੰ ਕਾਨੂੰਨ ਬਣਾਉਣਾ ਚਾਹੀਦਾ ਹੈ ਤਾਂ ਜੋ ਚੋਣਾਂ ਤੋਂ ਪਹਿਲਾਂ ਜੋ ਵਾਅਦੇ ਕੀਤੇ ਜਾਂਦੇ ਹਨ ਉਨ੍ਹਾਂ ਨੂੰ ਪਰੂਾ ਕਰਨਾ ਯਕੀਨੀ ਬਣਾਇਆ ਜਾ ਸਕੇ।
ਇਸ ਤੋਂ ਇਲਾਵਾ ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਅਮਰਿੰਦਰ ਸਿੰਘ ਨੇ ਵੀ ਚੋਣਾਂ ਤੋਂ ਪਹਿਲਾਂ ਕਰਜ਼ ਮਾਫ਼ੀ, ਹਰ ਘਰ ਨੂੰ ਨੌਕਰੀ ਵਰਗੇ ਕਈ ਵਾਅਦੇ ਕੀਤੇ ਸਨ ਪਰ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਹਕੀਕਤ ਵਿੱਚ ਅਜਿਹਾ ਕੁਝ ਨਹੀਂ ਹੋਇਆ।
ਇਸ ਦੇ ਨਾਲ ਹੀ ਸੁਖਬੀਰ ਬਾਦਲ ਤੇ ਮਜੀਠੀਆ ਨੂੰ ਜਸਟਿਸ ਜੋਰਾ ਸਿੰਘ (ਸੇਵਾਮੁਕਤ) ਦੀ ਸ਼ਿਕਾਇਤ 'ਤੇ ਹਾਈ ਕੋਰਟ ਵੱਲੋਂ ਵਾਰੰਟ ਜਾਰੀ ਕਰਨ 'ਤੇ ਬਾਦਲ ਨੇ ਤੰਜ ਕਸਿਆ ਕਿ ਨੋਟਿਸ ਤਾਂ ਚੱਲਦੇ ਰਹਿੰਦੇ ਹਨ।