ਸ੍ਰੀ ਮੁਕਤਸਰ ਸਾਹਿਬ :ਪੰਜਾਬ ਵਿੱਚ ਲਗਾਤਾਰ ਕੋਰੋਨਾ ਵਾਇਰਸ ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਇਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਮੁੜ ਤੋਂ ਸਕੂਲ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ। ਕੋਰੋਨਾ ਵਾਇਰਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੇ ਨਿਰਦੇਸ਼ਾਂ 'ਤੇ ਮੁਕਤਸਰ ਸਾਹਿਬ ਦੇ ਸਕੂਲ ਬੰਦ ਕਰ ਦਿੱਤੇ ਗਏ ਹਨ।
ਸਕੂਲ ਬੰਦ ਹੋਣ ਦੇ ਚਲਦੇ ਵਿਦਿਆਰਥੀਆਂ ਦੀ ਪੜ੍ਹਾਈ ਉੱਤੇ ਅਸਰ ਪਵੇਗਾ, ਇਸ ਸਬੰਧੀ ਗੱਲਬਾਤ ਕਰਦੇ ਹੋਏ ਵਿਦਿਆਰਥੀਆਂ ਨੇ ਕਿਹਾ ਕਿ ਉਨ੍ਹਾਂ ਨੇ ਘਰ ਬੈਠ ਕੇ ਪੜ੍ਹਾਈ ਕੀਤੀ। ਉਨ੍ਹਾਂ ਕਿਹਾ ਕਿ ਆਨਲਾਈਨ ਪੜ੍ਹਾਈ ਦੌਰਾਨ ਉਹ ਤਿਆਰੀ ਤਾਂ ਕਰ ਲੈਂਦੇ ਹਨ, ਪਰ ਕਈ ਵਾਰ ਉਨ੍ਹਾਂ ਨੂੰ ਕੋਈ ਵਿਸ਼ਾ ਸਮਝ ਨਹੀਂ ਆਉਂਦਾ ਤਾਂ ਉਨ੍ਹਾਂ ਨੂੰ ਕਈ ਦਿੱਕਤਾਂ ਪੇਸ਼ ਆਉਂਦੀਆਂ ਹਨ। ਕੁੱਝ ਵਿਦਿਆਰਥੀਆਂ ਨੇ ਕਿਹਾ ਮੁੜ ਸਕੂਲ ਬੰਦ ਹੋਣ ਤੇ ਪੇਪਰਾਂ ਦੀ ਮਿੱਤੀ ਅੱਗੇ ਵਧਾਉਣ ਨਾਲ ਉਨ੍ਹਾਂ ਨੂੰ ਰਿਵੀਜ਼ਨ ਕਰਨ ਲਈ ਹੋਰ ਸਮਾਂ ਮਿਲੇਗਾ। ਇਸ ਨਾਲ ਉਹ ਹੋਰ ਚੰਗੇ ਢੰਗ ਨਾਲ ਪੇਪਰਾਂ ਦੀ ਤਿਆਰੀ ਕਰ ਸਕਣਗੇ।
ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੇ ਵੱਧਦੇ ਪ੍ਰਕੋਪ ਕਾਰਨ ਸਕੂਲ ਬੰਦ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦੱਸਵੀਂ ਤੇ ਬਾਰ੍ਹਵੀਂ ਦੀ ਪ੍ਰੀਖਿਆਵਾਂ ਦਾ ਸਮਾਂ ਇੱਕ ਮਹੀਨੇ ਅੱਗੇ ਵਧਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਰ ਬੱਚੇ ਸਕੂਲ ਵਿੱਚ ਜਿਆਦਾ ਚੰਗੇ ਤਰੀਕੇ ਨਾਲ ਪੜ੍ਹ ਸਕਦੇ ਹਨ। ਉਨ੍ਹਾਂ ਕਿਹਾ ਕੋਰੋਨਾ ਵਾਇਰਸ ਤੋਂ ਵੀ ਬਚਾਅ ਜ਼ਰੂਰੀ ਹੈ ਜਿਸ ਦੇ ਚਲਦੇ ਸਰਕਾਰੀ ਨਿਰਦੇਸ਼ਾਂ ਮੁਤਾਬਕ ਸਕੂਲ ਬੰਦ ਕੀਤੇ ਗਏ ਹਨ।