ਤਰਨ ਤਾਰਨ: ਜ਼ਿਲ੍ਹੇ ਦੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਣ ਵਾਲੀਆਂ ਮੌਤਾਂ ਦਾ ਸਿਲਸਿਲਾ ਰੁੱਕਣ ਦਾ ਨਾਂਅ ਹੀ ਨਹੀਂ ਲੈ ਰਿਹਾ ਹੈ। ਇਲਾਕੇ ਵਿੱਚ ਹੋਣ ਵਾਲੀਆਂ ਮੌਤਾਂ ਕਾਰਨ ਮਾਤਮ ਛਾਇਆ ਹੋਇਆ ਹੈ। ਤਰਨ ਤਾਰਨ ਦੇ ਵਿੱਚ ਹੁਣ ਤੱਕ ਜ਼ਹਿਰੀਲੀ ਸ਼ਰਾਬ ਪੀਣ ਨਾਲ 10 ਮੌਤਾਂ ਹੋ ਚੁੱਕੀਆਂ ਹਨ। ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਇਹ ਮੌਤਾਂ ਸ਼ਹਿਰ ਵਿੱਚ ਸ਼ਰੇਆਮ ਵਿਕ ਰਹੀ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਹਨ। ਜਿਸ ਕਾਰਨ ਪੁਲਿਸ ਦੀ ਕਾਰਗੁਜ਼ਾਰੀ 'ਤੇ ਵੀ ਸਵਾਲੀਆ ਚਿੰਨ੍ਹ ਖੜੇ ਹੋ ਰਹੇ ਹਨ।
ਜ਼ਹਿਰੀਲੀ ਸ਼ਰਾਬ ਪੀਣ ਨਾਲ ਇੱਕ ਤੋਂ ਬਾਅਦ ਇੱਕ ਮੌਤਾਂ ਦੀ ਗਿਣਤੀ ਵਿੱਚ ਵਾਧੇ ਕਾਰਨ ਇਲਾਕੇ ਦੇ ਸਮਸ਼ਾਨ ਘਾਟ ਵਿੱਚ ਸਸਕਾਰ ਲਈ ਥਾਂ ਵੀ ਥੁੜ ਗਈ ਹੈ। ਪਰਿਵਾਰਕ ਮੈਂਬਰਾਂ ਨੂੰ ਮ੍ਰਿਤਕਾਂ ਦਾ ਸਸਕਾਰ ਸਮਸ਼ਾਨ ਘਾਟ ਦੀ ਜ਼ਮੀਨ ਉੱਤੇ ਹੀ ਕਰਨਾ ਪੈ ਰਿਹਾ ਹੈ।
ਉੱਥੇ ਹੀ ਜਦੋਂ ਇਸ ਸਬੰਧੀ ਪੁਲਿਸ ਅਧਿਕਾਰੀ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ 3 ਮੌਤਾਂ ਦੀ ਜਾਣਕਾਰੀ ਮਿਲੀ ਸੀ। ਵਿਕ ਰਹੀ ਜ਼ਹਿਰੀਲੀ ਸ਼ਰਾਬ ਦੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਨੇ ਚੁੱਪ ਹੀ ਵੱਟੀ ਰੱਖੀ ਅਤੇ ਕਿਹਾ ਕਿ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ, ਜੋ ਵੀ ਸਾਹਮਣੇ ਆਵੇਗਾ ਉਸ ਮੁਤਾਬਕ ਕਾਰਵਾਈ ਕੀਤੀ ਜਾਵੇਗੀ।