ਤਰਨ ਤਾਰਨ: ਪੰਜਾਬ ਵਿੱਚ ਨਸ਼ੇ ਨੂੰ ਖਤਮ ਕਰਨ ਦਾ ਵਾਅਦਾ ਕਰ ਸੱਤਾ 'ਚ ਆਈ ਕੈਪਟਨ ਸਰਕਾਰ ਆਪਣੇ ਵਾਅਦੇ ਤੇ ਦਾਅਵੇ 'ਤੇ ਫੇਲ੍ਹ ਸਾਬਤ ਹੋਈ ਹੈ। ਤਰਨ ਤਾਰਨ ਦੇ ਪਿੰਡ ਪੰਡੋਰੀ ਰਣ ਸਿੰਘ ਤੋਂ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਨਸ਼ੇ ਦੇ ਓਵਰਡੋਜ਼ ਕਾਰਨ 24 ਸਾਲਾ ਨੌਜਵਾਨ ਦੀ ਮੌਤ ਹੋ ਗਈ।
ਮ੍ਰਿਤਕ ਦੇ ਪਿਤਾ ਨੇ ਕਿਹਾ ਕਿ ਮ੍ਰਿਤਕ ਦਾ ਨਾਂਅ ਸ਼ਮਸ਼ੇਰ ਸਿੰਘ ਹੈ ਤੇ ਉਸ ਦੀ ਉਮਰ 24 ਸਾਲ ਹੈ। ਉਨ੍ਹਾਂ ਕਿਹਾ ਕਿ ਸ਼ਮਸ਼ੇਰ ਸਿੰਘ ਦੀ ਮੌਤ ਟੀਕੇ ਲਗਾਉਣ ਨਾਲ ਹੋਈ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨਸ਼ੇ ਉੱਤੇ ਸਖ਼ਤੀ ਵਰਤਦੀ ਤੇ ਉਨ੍ਹਾਂ ਦਾ ਪੁੱਤਰ ਨਸ਼ੇ ਦਾ ਸੇਵਨ ਨਾ ਕਰਦਾ ਤੇ ਅੱਜ ਉਨ੍ਹਾਂ ਦੇ ਪੁੱਤਰ ਦੀ ਮੌਤ ਵੀ ਨਾ ਹੁੰਦੀ।
ਪਿੰਡ ਵਾਸੀ ਨੇ ਕਿਹਾ ਕਿ ਹਰਦੇਵ ਸਿੰਘ ਦੇ ਘਰ ਦੀ ਬਹੁਤ ਹੀ ਮਾੜੀ ਹਾਲਤ ਹੈ। ਉਨ੍ਹਾਂ ਕਿਹਾ ਕਿ ਹਰਦੇਵ ਸਿੰਘ ਦਾ ਇੱਕੋ ਇੱਕ ਪੁੱਤਰ ਸੀ ਜਿਸ ਦੀ ਨਸ਼ੇ ਕਰਕੇ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਪਿੰਡ ਪੰਡੋਰੀ ਰਣ ਸਿੰਘ ਵਿਖੇ ਸ਼ਰੇਆਮ ਨਸ਼ੇ ਵਿਕਦਾ ਹੈ ਤੇ ਨੌਜਵਾਨ ਇਸ ਨਸ਼ੇ ਦਾ ਭਾਰੀ ਮਾਤਰਾ ਵਿੱਚ ਸੇਵਨ ਕਰਦੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਪੰਜ-ਛੇ ਮਹੀਨਿਆਂ ਵਿੱਚ ਨਸ਼ੇ ਦਾ ਸੇਵਨ ਕਰਨ ਨਾਲ ਪਿੰਡ ਵਿੱਚ ਇਹ ਹੁਣ ਦੀ 6ਵੀਂ ਮੌਤ ਹੈ। ਉਨ੍ਹਾਂ ਕਿਹਾ ਕਿ ਜਦੋਂ ਉਹ ਨਸ਼ੇ ਦੀ ਸਪਲਾਈ ਬਾਬਤ ਪੁਲਿਸ ਨੂੰ ਸੁਚਿਤ ਕਰਦੇ ਹਨ ਤਾਂ ਪੁਲਿਸ ਵੀ ਕਿਸੇ ਤਰ੍ਹਾਂ ਦੀ ਕਾਰਵਾਈ ਨਹੀਂ ਕਰਦੀ। ਉਨ੍ਹਾਂ ਕਿਹਾ ਕਿ ਉਨ੍ਹਾਂ ਕੈਪਟਨ ਨੂੰ ਪੰਜਾਬ ਦਾ ਮੁਖ ਮੰਤਰੀ ਇਸ ਕਰਕੇ ਹੀ ਚੁਣਿਆ ਸੀ ਕਿਉਂਕਿ ਉਨ੍ਹਾਂ ਸੂਬਾ ਵਾਸੀਆਂ ਨਾਲ ਵਾਅਦਾ ਕੀਤਾ ਸੀ ਕਿ ਉਹ ਪੰਜਾਬ ਵਿੱਚ ਨਸ਼ਾ ਬੰਦ ਕਰਵਾਉਣਗੇ ਪਰ ਅਜੇ ਤੱਕ ਕੈਪਟਨ ਸਰਕਾਰ ਨੇ ਵੀ ਕੁਝ ਨਹੀਂ ਕੀਤਾ। ਉਨ੍ਹਾਂ ਪ੍ਰਸ਼ਾਸਨ ਨੂੰ ਮੰਗ ਕੀਤੀ ਕਿ ਮ੍ਰਿਤਕ ਸ਼ਮਸ਼ੇਰ ਸਿੰਘ ਦੇ ਪਰਿਵਾਰ ਨੂੰ ਮਾਲੀ ਮਦਦ ਦਿੱਤੀ ਜਾਵੇ।