ਤਰਨ ਤਾਰਨ: ਸ਼੍ਰੀ ਹਜ਼ੂਰ ਸਾਹਿਬ ਤੋਂ ਵਾਪਿਸ ਆਏ 6 ਸ਼ਰਧਾਲੂਆਂ ਦੀ ਰਿਪੋਰਟ ਕੋਰੋਨਾ ਪੌਜ਼ੀਟਿਵ ਆਈ ਹੈ। ਇਸ ਸੰਬੰਧੀ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਪਿੰਡ ਸੁਰ ਸਿੰਘ ਦੇ 5 ਵਿਅਕਤੀ ਤੇ ਪਿੰਡ ਬਾਸਰਕੇ ਦੀ ਇੱਕ ਔਰਤ ਦੀ ਰਿਪੋਰਟ ਕੋਰੋਨਾ ਪੌਜ਼ੀਟਿਵ ਆਈ ਹੈ।
ਉਨ੍ਹਾਂ ਦੱਸਿਆ ਕਿ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਤੋਂ ਵਾਪਿਸ ਆਏ ਸ਼ਰਧਾਲੂਆਂ ਦੇ 25 ਅਪ੍ਰੈਲ ਨੂੰ ਸੈਂਪਲ ਲਏ ਗਏ ਸਨ, ਜਿਨ੍ਹਾਂ ਵਿੱਚੋਂ 5 ਵਿਅਕਤੀ ਕੋਰੋਨਾ ਵਾਇਰਸ ਤੋਂ ਪੀੜਤ ਪਾਏ ਗਏ ਹਨ। ਇਸ ਤੋਂ ਇਲਾਵਾ ਇੱਕ ਔਰਤ ਵੀ ਕੋਰੋਨਾ ਵਾਇਰਸ ਤੋਂ ਪੀੜਤ ਪਾਈ ਗਈ ਹੈ।
ਉਨ੍ਹਾਂ ਦੱਸਿਆ ਕਿ ਸਾਰੇ ਮਰੀਜ਼ਾਂ ਨੂੰ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਬਣਾਏ ਗਏ ਆਈਸੋਲੇਸ਼ਨ ਵਾਰਡ ਵਿੱਚ ਇਲਾਜ਼ ਲਈ ਦਾਖ਼ਲ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿੰਡ ਸੁਰ ਸਿੰਘ ਅਤੇ ਲਹੁਕਾ ਨੂੰ ਕੰਨਟੇਨਮੈਂਟ ਜ਼ੋਨ ਐਲਾਨਿਆ ਗਿਆ ਹੈ। ਉਨ੍ਹਾਂ ਦੇ ਪਿੰਡ ਵਿੱਚੋਂ ਕਿਸੇ ਨੂੰ ਬਾਹਰ ਨਹੀਂ ਜਾਣ ਦਿੱਤਾ ਜਾਵੇਗਾ ਤੇ ਨਾ ਹੀ ਕਿਸੇ ਬਾਹਰਲੇ ਵਿਅਕਤੀ ਨੂੰ ਪਿੰਡ ਵਿੱਚ ਦਾਖਲ ਹੋਣ ਦਿੱਤਾ ਜਾਵੇਗਾ।
ਡੀਸੀ ਨੇ ਕਿਹਾ ਕਿ ਪਿੰਡ ਵਿੱਚ ਬਿਜਲੀ, ਪਾਣੀ ਅਤੇ ਜ਼ਰੂਰੀ ਵਸਤਾਂ ਦੀ ਸਪਲਾਈ ਨਿਰਵਿਘਨ ਯਕੀਨੀ ਬਣਾਈ ਜਾਵੇਗੀ। ਇਸ ਲਈ ਸਿਵਲ ਤੇ ਪੁਲਿਸ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ।
ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਕੋਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ਦੇ ਸੰਪਰਕ 'ਚ ਆਉਣ ਵਾਲੀਆਂ ਦੀ ਸੂਚੀ ਵੀ ਤਿਆਰ ਕੀਤੀ ਜਾ ਰਹੀ ਹੈ ਤਾਂ ਜੋ ਉਨ੍ਹਾਂ ਦੀ ਵੀ ਜਾਂਚ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਪਿੰਡ ਵਿੱਚ ਮੈਡੀਕਲ ਟੀਮਾਂ 24 ਘੰਟੇ ਤਾਇਨਾਤ ਰਹਿਣਗੀਆਂ।
ਪਿੰਡ ਵਿੱਚ ਹੋਰ ਸ਼ੱਕੀ ਮਰੀਜਾਂ ਦੀ ਜਾਂਚ ਲਈ ਘਰ-ਘਰ ਜਾ ਕੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸਰਵੇ ਕੀਤਾ ਜਾਵੇਗਾ। ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸੇ ਤਰ੍ਹਾਂ ਹੀ ਇਸ ਮਹਾਂਮਾਰੀ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਤੇ ਕਰਫ਼ਿਊ ਦੌਰਾਨ ਆਪਣੇ ਘਰਾਂ ਵਿੱਚ ਬਣੇ ਰਹਿਣ।